ਥਾਣਾ ਸੀ ਡਿਵੀਜ਼ਨ ਪੁਲਿਸ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਲਗਾਤਾਰ ਕਾਰਵਾਈ, ਕਈ ਪਰਚੇ ਦਰਜ
ਅੰਮ੍ਰਿਤਸਰ, 25 ਜੁਲਾਈ ( ਫੁਲਜੀਤ ਸਿੰਘ ):
ਥਾਣਾ ਸੀ ਡਿਵੀਜ਼ਨ (ਸ਼ਹਿਰੀ) ਦੇ ਐਸਐਚਓ ਰਣਜੀਤ ਸਿੰਘ ਧਾਰੀਵਾਲ ਨੇ ਨਸ਼ਾ ਤਸਕਰਾਂ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਹੈ ਕਿ ਸ਼ਹਿਰ ਵਿੱਚ ਨਸ਼ੇ ਦਾ ਕਾਰੋਬਾਰ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਸ਼ਾ ਤਸਕਰਾਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਇਸ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਸਐਚਓ ਧਾਰੀਵਾਲ ਨੇ ਦੱਸਿਆ ਕਿ ਥਾਣਾ ਸੀ ਡਿਵੀਜ਼ਨ ਪੁਲਿਸ ਵੱਲੋਂ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਕਾਫ਼ੀ ਪਰਚੇ ਦਰਜ ਕੀਤੇ ਗਏ ਹਨ ਅਤੇ ਕਾਨੂੰਨ ਤੋੜਨ ਵਾਲਿਆਂ ਨੂੰ ਬਿਲਕੁਲ ਵੀ ਰਿਆਇਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੋ ਨਸ਼ਾ ਤਸਕਰ ਅਜੇ ਤੱਕ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹਨ, ਉਨ੍ਹਾਂ ਨੂੰ ਵੀ ਜਲਦ ਕਾਨੂੰਨ ਦੇ ਘੇਰੇ ਵਿੱਚ ਲਿਆਂਦਾ ਜਾਵੇਗਾ।
ਐਸਐਚਓ ਰਣਜੀਤ ਸਿੰਘ ਧਾਰੀਵਾਲ ਨੇ ਕਿਹਾ ਕਿ ਨਸ਼ੇ ਦੇ ਕਾਰੋਬਾਰ ਦੇ ਨਾਲ-ਨਾਲ ਗੁੰਡਾਗਰਦੀ ਅਤੇ ਸਮਾਜ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਅਨਸਰਾਂ ਖ਼ਿਲਾਫ਼ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਾ ਤਸਕਰਾਂ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਪੁਲਿਸ ਨੂੰ ਜਾਣਕਾਰੀ ਦੇਣ, ਤਾਂ ਜੋ ਸਮਾਜ ਨੂੰ ਨਸ਼ਾ ਮੁਕਤ ਅਤੇ ਸੁਰੱਖਿਅਤ ਬਣਾਇਆ ਜਾ ਸਕੇ।
ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਸ਼ਹਿਰ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਹਰ ਹਾਲ ਵਿੱਚ ਬਰਕਰਾਰ ਰੱਖਿਆ ਜਾਵੇਗਾ ਅਤੇ ਅਪਰਾਧੀਆਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ।
















