ਅੰਮ੍ਰਿਤਸਰ, 9 ਅਗਸਤ (ਕੇ.ਐਲ. ਜੀਤ ਵਾਲੀਆ) — ਸ਼੍ਰੀ ਗੁਰੂ ਰਵਿਦਾਸ ਧਰਮਸ਼ਾਲਾ ਦੇ ਵਿਕਾਸ ਅਤੇ ਜਨ-ਭਲਾਈ ਕਾਰਜਾਂ ਲਈ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਵੱਲੋਂ 5 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਗਈ। ਇਹ ਸਹਾਇਤਾ ਸੀਨੀਅਰ ਕਾਂਗਰਸ ਆਗੂ ਸੰਜੀਵ ਅਰੋੜਾ ਦੇ ਵਿਸ਼ੇਸ਼ ਯਤਨਾਂ ਸਦਕਾ ਉਪਲਬਧ ਕਰਵਾਈ ਗਈ।
ਇਸ ਮੌਕੇ ਸੰਜੀਵ ਅਰੋੜਾ ਨੇ ਕਿਹਾ ਕਿ ਗੁਰਜੀਤ ਸਿੰਘ ਔਜਲਾ ਹਮੇਸ਼ਾ ਅੰਮ੍ਰਿਤਸਰ ਦੀ ਜਨਤਾ ਅਤੇ ਧਾਰਮਿਕ ਤੇ ਸਮਾਜਿਕ ਸੰਸਥਾਵਾਂ ਦੀ ਮਦਦ ਲਈ ਤਤਪਰ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਸ਼੍ਰੀ ਗੁਰੂ ਰਵਿਦਾਸ ਜੀ ਨੇ ਸਮਾਜ ਨੂੰ ਸਮਾਨਤਾ, ਭਾਈਚਾਰੇ, ਮਨੁੱਖਤਾ ਅਤੇ ਸਮਾਜਿਕ ਨਿਆਂ ਦਾ ਸੰਦੇਸ਼ ਦਿੱਤਾ, ਜਿਸ ਨੂੰ ਅੱਗੇ ਵਧਾਉਣਾ ਸਾਰਿਆਂ ਦੀ ਜ਼ਿੰਮੇਵਾਰੀ ਹੈ।
ਉਨ੍ਹਾਂ ਕਿਹਾ ਕਿ ਸ਼੍ਰੀ ਗੁਰੂ ਰਵਿਦਾਸ ਧਰਮਸ਼ਾਲਾ ਨਾਲ ਵੱਡੀ ਗਿਣਤੀ ਵਿੱਚ ਸੰਗਤ ਅਤੇ ਇਲਾਕਾ ਵਾਸੀਆਂ ਦੀ ਆਸਥਾ ਜੁੜੀ ਹੋਈ ਹੈ। 5 ਲੱਖ ਰੁਪਏ ਦੀ ਸਹਾਇਤਾ ਨਾਲ ਧਰਮਸ਼ਾਲਾ ਦੇ ਜ਼ਰੂਰੀ ਵਿਕਾਸ ਕਾਰਜਾਂ ਅਤੇ ਬੁਨਿਆਦੀ ਸਹੂਲਤਾਂ ਨੂੰ ਬਿਹਤਰ ਬਣਾਉਣ ਵਿੱਚ ਮਦਦ ਮਿਲੇਗੀ।
ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਸਮਾਜ ਵਿੱਚ ਸੇਵਾ, ਭਾਈਚਾਰੇ ਅਤੇ ਸਦਭਾਵਨਾ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਸਾਨੂੰ ਬਿਨਾਂ ਕਿਸੇ ਭੇਦਭਾਵ ਦੇ ਮਨੁੱਖਤਾ ਦੀ ਸੇਵਾ ਕਰਨ ਦੀ ਪ੍ਰੇਰਣਾ ਦਿੰਦੀਆਂ ਹਨ।
ਇਸ ਮੌਕੇ ਧਰਮਸ਼ਾਲਾ ਦੇ ਚੇਅਰਮੈਨ ਯੁੱਧਵੀਰ, ਪ੍ਰਧਾਨ ਰੀਸ਼ ਕੁਮਾਰ ਸਮੇਤ ਹੋਰ ਪਤਵੰਤੇ ਹਾਜ਼ਰ ਸਨ। ਧਰਮਸ਼ਾਲਾ ਪ੍ਰਬੰਧਕਾਂ ਅਤੇ ਸੰਗਤ ਵੱਲੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਅਤੇ ਸੰਜੀਵ ਅਰੋੜਾ ਦਾ ਧੰਨਵਾਦ ਕੀਤਾ ਗਿਆ।
















