ਕੈਬਨਿਟ ਮੰਤਰੀ ਨੇ ਕੇਂਦਰੀ ਜੇਲ੍ਹ ਅੰਮ੍ਰਿਤਸਰ ਦਾ ਦੌਰਾ ਕਰਕੇ ਕੈਦੀਆਂ ਤੇ ਹਵਾਲਾਤੀਆਂ ਤੋਂ ਸਹੂਲਤਾਂ ਅਤੇ ਪ੍ਰਬੰਧਾਂ ਸਬੰਧੀ ਲਿਆ ਫੀਡਬੈਕ
ਅੰਮ੍ਰਿਤਸਰ, 17 ਅਗਸਤ (ਕੇ.ਐਲ. ਜੀਤ ਵਾਲੀਆ): ਪੰਜਾਬ ਦੇ ਜੇਲ੍ਹ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਗੁਰੂ ਨਾਨਕ ਮੈਡੀਕਲ ਕਾਲਜ, ਅੰਮ੍ਰਿਤਸਰ ਵਿਖੇ ਪੰਜਾਬ ਸਰਕਾਰ ਵੱਲੋਂ ਤਿਆਰ ਕੀਤੇ ਗਏ 30 ਬਿਸਤਰਿਆਂ ਵਾਲੇ ਕੈਦੀਆਂ ਦੇ ਵਾਰਡ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਨਵਾਂ ਵਾਰਡ ਜੇਲ੍ਹਾਂ ਵਿੱਚ ਬੰਦ ਕੈਦੀਆਂ ਅਤੇ ਹਵਾਲਾਤੀਆਂ ਨੂੰ ਬਿਹਤਰ, ਗੁਣਵੱਤਾਪੂਰਨ ਅਤੇ ਸੁਚਾਰੂ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੀ ਦਿਸ਼ਾ ਵਿੱਚ ਪੰਜਾਬ ਸਰਕਾਰ ਦਾ ਮਹੱਤਵਪੂਰਨ ਉਪਰਾਲਾ ਹੈ।
ਸਮਾਗਮ ਨੂੰ ਸੰਬੋਧਨ ਕਰਦਿਆਂ ਡਾ. ਰਵਜੋਤ ਸਿੰਘ ਨੇ ਕਿਹਾ ਕਿ ਕੈਦੀ ਅਤੇ ਹਵਾਲਾਤੀ ਵੀ ਸਮਾਜ ਦਾ ਹਿੱਸਾ ਹਨ ਅਤੇ ਉਨ੍ਹਾਂ ਨੂੰ ਲੋੜ ਅਨੁਸਾਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ 30 ਬਿਸਤਰਿਆਂ ਵਾਲੇ ਇਸ ਵਾਰਡ ਵਿੱਚ ਕੈਦੀਆਂ ਅਤੇ ਹਵਾਲਾਤੀਆਂ ਨੂੰ ਲੋੜੀਂਦੀਆਂ ਡਾਕਟਰੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਇਲਾਜ ਦੌਰਾਨ ਉਨ੍ਹਾਂ ਦੀ ਸਿਹਤ ਸੰਭਾਲ ਦੇ ਨਾਲ-ਨਾਲ ਸੁਰੱਖਿਆ ਯਕੀਨੀ ਬਣਾਉਣ ਲਈ ਵੀ ਪੁਖਤਾ ਪ੍ਰਬੰਧ ਕੀਤੇ ਜਾਣਗੇ।
ਜੇਲ੍ਹ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜੇਲ੍ਹਾਂ ਵਿੱਚ ਸਿਹਤ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕੈਦੀਆਂ ਦੀ ਸਰੀਰਕ ਸਿਹਤ ਦੇ ਨਾਲ-ਨਾਲ ਮਾਨਸਿਕ ਸਿਹਤ ਵੱਲ ਵੀ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ। ਇਸ ਸਬੰਧੀ ਮਾਹਿਰ ਡਾਕਟਰਾਂ ਦੀਆਂ ਸੇਵਾਵਾਂ ਅਤੇ ਲੋੜੀਂਦੀਆਂ ਸਿਹਤ ਸਹੂਲਤਾਂ ਉਪਲਬਧ ਕਰਵਾਉਣ ਲਈ ਵੀ ਸਰਕਾਰ ਵੱਲੋਂ ਯਤਨ ਕੀਤੇ ਜਾ ਰਹੇ ਹਨ।
ਡਾ. ਰਵਜੋਤ ਸਿੰਘ ਨੇ ਨਵੇਂ ਬਣੇ ਵਾਰਡ ਦਾ ਦੌਰਾ ਕਰਕੇ ਉੱਥੇ ਉਪਲਬਧ ਸਹੂਲਤਾਂ ਦਾ ਜਾਇਜ਼ਾ ਲਿਆ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਕੈਦੀਆਂ ਅਤੇ ਹਵਾਲਾਤੀਆਂ ਨੂੰ ਸਿਹਤ ਸੇਵਾਵਾਂ ਪ੍ਰਦਾਨ ਕਰਦੇ ਸਮੇਂ ਇਲਾਜ ਦੀ ਗੁਣਵੱਤਾ, ਸਫ਼ਾਈ ਅਤੇ ਸੁਰੱਖਿਆ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।
ਇਸ ਮੌਕੇ ਨਗਰ ਨਿਗਮ ਅੰਮ੍ਰਿਤਸਰ ਦੇ ਵਧੀਕ ਕਮਿਸ਼ਨਰ ਸ੍ਰੀ ਜੈ ਇੰਦਰ ਸਿੰਘ, ਮੈਡੀਕਲ ਸੁਪਰਡੈਂਟ ਜੀ.ਐਨ.ਡੀ.ਐਚ. ਡਾ. ਕਰਮਜੀਤ ਸਿੰਘ, ਆਫੀਸ਼ੀਏਟਿੰਗ ਡਾਇਰੈਕਟਰ ਪ੍ਰਿੰਸੀਪਲ ਡਾ. ਮ੍ਰਿਦੁ ਗੁਪਤਾ, ਡਿਪਟੀ ਮੈਡੀਕਲ ਸੁਪਰਡੈਂਟ ਜੀ.ਐਨ.ਡੀ.ਐਚ. ਡਾ. ਆਈ.ਪੀ.ਐਸ. ਗਰੋਵਰ, ਜੇਲ੍ਹ ਸੁਪਰਡੈਂਟ ਸ੍ਰੀ ਰਾਜੀਵ, ਡੀ.ਆਈ.ਜੀ. ਸ੍ਰੀ ਮਾਨ, ਆਈ.ਪੀ.ਐਸ., ਡਿਪਟੀ ਸੁਪਰਡੈਂਟ ਜੇਲ੍ਹ ਸ੍ਰੀ ਨਵਿੰਦਰ ਸਿੰਘ, ਡਾ. ਨੀਰੂ ਅਤਰੀ, ਪ੍ਰੋਫੈਸਰ ਅਤੇ ਮੁਖੀ ਮਨੋਚਿਕਿਤਸਾ ਵਿਭਾਗ, ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ, ਸ੍ਰੀ ਕਮਲਦੀਪ ਸਿੰਘ ਅਤੇ ਸ੍ਰੀ ਮਨਿੰਦਰ ਸਿੰਘ ਸਮੇਤ ਹੋਰ ਅਧਿਕਾਰੀ ਅਤੇ ਸਟਾਫ਼ ਮੌਜੂਦ ਸਨ।
ਕੇਂਦਰੀ ਜੇਲ੍ਹ ਅੰਮ੍ਰਿਤਸਰ ਦਾ ਵੀ ਕੀਤਾ ਦੌਰਾ
ਇਸ ਤੋਂ ਬਾਅਦ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕੇਂਦਰੀ ਜੇਲ੍ਹ ਅੰਮ੍ਰਿਤਸਰ ਦਾ ਵੀ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਜੇਲ੍ਹ ਵਿੱਚ ਬੰਦ ਕੈਦੀਆਂ ਅਤੇ ਹਵਾਲਾਤੀਆਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਹੂਲਤਾਂ ਅਤੇ ਜੇਲ੍ਹ ਪ੍ਰਬੰਧਾਂ ਦਾ ਜਾਇਜ਼ਾ ਲਿਆ।
ਡਾ. ਰਵਜੋਤ ਸਿੰਘ ਨੇ ਜੇਲ੍ਹ ਵਿੱਚ ਬੰਦ ਕੈਦੀਆਂ ਅਤੇ ਹਵਾਲਾਤੀਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਮਿਲ ਰਹੀਆਂ ਸਹੂਲਤਾਂ ਅਤੇ ਜੇਲ੍ਹ ਪ੍ਰਬੰਧਾਂ ਸਬੰਧੀ ਫੀਡਬੈਕ ਵੀ ਪ੍ਰਾਪਤ ਕੀਤਾ। ਉਨ੍ਹਾਂ ਨੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੈਦੀਆਂ ਅਤੇ ਹਵਾਲਾਤੀਆਂ ਦੀਆਂ ਜਾਇਜ਼ ਲੋੜਾਂ ਦਾ ਧਿਆਨ ਰੱਖਿਆ ਜਾਵੇ ਅਤੇ ਨਿਯਮਾਂ ਅਨੁਸਾਰ ਉਨ੍ਹਾਂ ਨੂੰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ।
ਕੈਬਨਿਟ ਮੰਤਰੀ ਨੇ ਜੇਲ੍ਹ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜੇਲ੍ਹਾਂ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ਰੱਖਣ ਦੇ ਨਾਲ-ਨਾਲ ਕੈਦੀਆਂ ਅਤੇ ਹਵਾਲਾਤੀਆਂ ਦੀ ਸਿਹਤ, ਸਫ਼ਾਈ, ਭੋਜਨ ਅਤੇ ਹੋਰ ਬੁਨਿਆਦੀ ਸਹੂਲਤਾਂ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾਵੇ, ਤਾਂ ਜੋ ਜੇਲ੍ਹ ਪ੍ਰਸ਼ਾਸਨ ਨੂੰ ਹੋਰ ਪ੍ਰਭਾਵਸ਼ਾਲੀ ਅਤੇ ਸੁਚਾਰੂ ਬਣਾਇਆ ਜਾ ਸਕੇ।
















