ਅੰਮ੍ਰਿਤਸਰ, 22 ਅਗਸਤ (ਕੇ.ਐਲ. ਜੀਤ ਵਾਲੀਆ)- ਪੰਜਾਬ ਕੇਮਿਸਟਸ ਐਸੋਸੀਏਸ਼ਨ (ਰਜਿ.), ਜੋ ਆਲ ਇੰਡੀਆ ਆਰਗੇਨਾਈਜ਼ੇਸ਼ਨ ਆਫ਼ ਕੇਮਿਸਟਸ ਐਂਡ ਡਰੱਗਿਸਟਸ (AIOCD) ਦੇ ਅਧੀਨ ਕੰਮ ਕਰਦੀ ਹੈ, ਦੇ ਸੂਬਾ ਪ੍ਰਧਾਨ ਸੁਰਿੰਦਰ ਦੁੱਗਲ ਅਤੇ ਜਨਰਲ ਸਕੱਤਰ ਜੀ.ਐਸ. ਚਾਵਲਾ ਨੇ ਪੰਜਾਬ ਦੇ ਸਿਹਤ ਮੰਤਰੀ ਤੋਂ ਕੇਮਿਸਟਾਂ ਨਾਲ ਸਬੰਧਤ ਲੰਬਿਤ ਸਮੱਸਿਆਵਾਂ ਦਾ ਜਲਦ ਹੱਲ ਕਰਨ ਦੀ ਮੰਗ ਕੀਤੀ ਹੈ।
ਐਸੋਸੀਏਸ਼ਨ ਵੱਲੋਂ ਸਿਹਤ ਮੰਤਰੀ ਨੂੰ ਭੇਜੇ ਪੱਤਰ ਵਿੱਚ ਡਰੱਗ ਲਾਇਸੈਂਸ ਦੇ ਨਵੀਨੀਕਰਨ ਸਬੰਧੀ ਆ ਰਹੀਆਂ ਮੁਸ਼ਕਲਾਂ ਦਾ ਮੁੱਦਾ ਉਠਾਇਆ ਗਿਆ ਹੈ। ਐਸੋਸੀਏਸ਼ਨ ਨੇ ਆਪਣੇ ਪੱਤਰ ਨੰਬਰ PCA/PRES/223/26-27 ਮਿਤੀ 11 ਜੁਲਾਈ 2026 ਦਾ ਹਵਾਲਾ ਦਿੰਦਿਆਂ ਇਸ ਸਮੱਸਿਆ ਦਾ ਤੁਰੰਤ ਹੱਲ ਕਰਨ ਦੀ ਅਪੀਲ ਕੀਤੀ ਹੈ।
ਇਸ ਤੋਂ ਇਲਾਵਾ ਐਸੋਸੀਏਸ਼ਨ ਨੇ ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ (ABDM) ਸਬੰਧੀ ਕੇਮਿਸਟਾਂ ਦੀਆਂ ਚਿੰਤਾਵਾਂ ਵੀ ਸਰਕਾਰ ਦੇ ਧਿਆਨ ਵਿੱਚ ਲਿਆਂਦੀਆਂ ਹਨ। ਐਸੋਸੀਏਸ਼ਨ ਅਨੁਸਾਰ ਇਸ ਸਬੰਧੀ ਕੇਂਦਰ ਸਰਕਾਰ ਨੂੰ ਪੱਤਰ ਭੇਜ ਕੇ ਆਪਣੇ ਸੁਝਾਅ ਅਤੇ ਚਿੰਤਾਵਾਂ ਤੋਂ ਜਾਣੂ ਕਰਵਾਇਆ ਗਿਆ ਸੀ, ਪਰ ਅਜੇ ਤੱਕ ਇਸ ਮਾਮਲੇ ਵਿੱਚ ਉਚਿਤ ਕਾਰਵਾਈ ਨਹੀਂ ਹੋਈ।
ਸੁਰਿੰਦਰ ਦੁੱਗਲ ਅਤੇ ਜੀ.ਐਸ. ਚਾਵਲਾ ਨੇ ਸਿਹਤ ਵਿਭਾਗ ਨੂੰ ਅਪੀਲ ਕੀਤੀ ਕਿ ਕੇਮਿਸਟਾਂ ਦੀਆਂ ਸਮੱਸਿਆਵਾਂ ’ਤੇ ਗੰਭੀਰਤਾ ਨਾਲ ਵਿਚਾਰ ਕਰਦਿਆਂ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਗੱਲਬਾਤ ਕੀਤੀ ਜਾਵੇ ਅਤੇ ਭਵਿੱਖ ਵਿੱਚ ਪੈਦਾ ਹੋਣ ਵਾਲੀਆਂ ਮੁਸ਼ਕਲਾਂ ਦਾ ਸਮੇਂ ਸਿਰ ਹੱਲ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ ਪੰਜਾਬ ਕੇਮਿਸਟਸ ਐਸੋਸੀਏਸ਼ਨ ਦੀਆਂ ਸਾਰੀਆਂ 23 ਜ਼ਿਲ੍ਹਾ ਇਕਾਈਆਂ ਇਸ ਮਾਮਲੇ ’ਤੇ ਇਕਜੁੱਟ ਹਨ ਅਤੇ ਜ਼ਿਲ੍ਹਾ ਪੱਧਰ ’ਤੇ ਵੀ ਸਬੰਧਤ ਅਧਿਕਾਰੀਆਂ ਦੇ ਸਾਹਮਣੇ ਆਪਣੀਆਂ ਸਮੱਸਿਆਵਾਂ ਰੱਖੀਆਂ ਜਾ ਰਹੀਆਂ ਹਨ। ਐਸੋਸੀਏਸ਼ਨ ਨੇ ਸਰਕਾਰ ਵੱਲੋਂ ਸਕਾਰਾਤਮਕ ਪਹਿਲ ਦੀ ਉਮੀਦ ਪ੍ਰਗਟਾਈ ਹੈ।
















