ਅੰਮ੍ਰਿਤਸਰ, 24 ਅਗਸਤ ( ਕੇ.ਐਲ. ਜੀਤ ਵਾਲੀਆ )-ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨਜੋਤ ਕੌਰ ਨੇ ਅੱਜ ਵਾਰਡ ਨੰਬਰ 33 ਵਿੱਚ ਹਾਈ-ਵੋਲਟੇਜ ਤਾਰਾਂ ਨੂੰ ਹਟਾ ਕੇ ਸਿੰਗਲ ਕੇਬਲ ਵਾਇਰਿੰਗ ਕਰਨ ਦੇ ਪ੍ਰੋਜੈਕਟ ਦਾ ਉਦਘਾਟਨ ਕੀਤਾ। ਇਹ ਪ੍ਰੋਜੈਕਟ ਪੰਜਾਬ ਸਰਕਾਰ ਦੀ ‘ਰੰਗਲਾ ਪੰਜਾਬ ਯੋਜਨਾ’ ਤਹਿਤ 2.5 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਕੀਤਾ ਜਾਵੇਗਾ।
ਇਸ ਮੌਕੇ ਵਿਧਾਇਕਾ ਜੀਵਨਜੋਤ ਕੌਰ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਵਿੱਚ ਵਿਕਾਸ ਕਾਰਜ ਲਗਾਤਾਰ ਜਾਰੀ ਹਨ ਅਤੇ ਲੋਕਾਂ ਨੂੰ ਬਿਹਤਰ ਤੇ ਸੁਰੱਖਿਅਤ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ‘ਰੰਗਲਾ ਪੰਜਾਬ ਯੋਜਨਾ’ ਤਹਿਤ ਹਲਕੇ ਦੇ ਵੱਖ-ਵੱਖ ਇਲਾਕਿਆਂ ਵਿੱਚ ਹਾਈ-ਵੋਲਟੇਜ ਤਾਰਾਂ ਨੂੰ ਹਟਾ ਕੇ ਸਿੰਗਲ ਕੇਬਲ ਵਾਇਰਿੰਗ ਕੀਤੀ ਜਾ ਰਹੀ ਹੈ।
ਵਿਧਾਇਕ ਨੇ ਕਿਹਾ ਕਿ ਇਲਾਕੇ ਦੇ ਲੋਕਾਂ ਦੀ ਇਹ ਲੰਮੇ ਸਮੇਂ ਤੋਂ ਮੰਗ ਸੀ ਕਿ ੳਨ੍ਹਾਂ ਦੇ ਘਰਾਂ ਅੱਗਿਓਂ ਲੰਗਦੀਆਂ ਹਾਈ-ਵੋਲਟੇਜ ਤਾਰਾਂ ਨੂੰ ਹਟਾਇਆ ਜਾਵੇ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਲੋਕਾਂ ਦੀ ਇਸ ਚਿਰੋਕਣੀ ਮੰਗ ਨੂੰ ਪੂਰਾ ਕਰਦਿਆਂ ਹਾਈ-ਵੋਲਟੇਜ ਤਾਰਾਂ ਨੂੰ ਹਟਾਉਣ ਅਤੇ ਸਿੰਗਲ ਕੇਬਲ ਵਾਇਰਿੰਗ ਦਾ ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ ਜਿਸ ਨਾਲ ਹਾਦਸਿਆਂ ਦੇ ਖਤਰੇ ਨੂੰ ਘਟਾਉਣ ਵਿੱਚ ਮਦਦ ਮਿਲੇਗੀ। ਇਸ ਨਾਲ ਇਲਾਕੇ ਦੇ ਲੋਕਾਂ ਨੂੰ ਸੁਰੱਖਿਅਤ ਅਤੇ ਸੁਚੱਜਾ ਬਿਜਲੀ ਢਾਂਚਾ ਮੁਹੱਈਆ ਕਰਵਾਉਣ ਵਿੱਚ ਵੀ ਮਦਦ ਮਿਲੇਗੀ।
ਵਿਧਾਇਕਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਲਕੇ ਦੇ ਹਰੇਕ ਵਾਰਡ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹਰ ਵਾਰਡ ਦੇ ਵਸਨੀਕਾਂ ਨੂੰ ਬਿਹਤਰ ਸਹੂਲਤਾਂ ਦੇਣਾ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਦਾ ਸਮੇਂ ਸਿਰ ਨਿਪਟਾਰਾ ਕਰਨਾ ਉਨ੍ਹਾਂ ਦੀ ਮੁੱਖ ਤਰਜੀਹ ਹੈ।
ਇਸ ਮੌਕੇ ਇਲਾਕਾ ਨਿਵਾਸੀਆਂ ਨੇ ਪੰਜਾਬ ਸਰਕਾਰ ਅਤੇ ਵਿਧਾਇਕਾ ਜੀਵਨਜੋਤ ਕੌਰ ਵੱਲੋਂ ਕੀਤੇ ਜਾ ਰਹੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਧੰਨਵਾਦ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਹਾਈ-ਵੋਲਟੇਜ ਤਾਰਾਂ ਨੂੰ ਹਟਾ ਕੇ ਸਿੰਗਲ ਕੇਬਲ ਵਾਇਰਿੰਗ ਕੀਤੇ ਜਾਣ ਨਾਲ ਇਲਾਕੇ ਵਿੱਚ ਸੁਰੱਖਿਆ ਦੇ ਪੱਖ ਤੋਂ ਵੱਡਾ ਸੁਧਾਰ ਹੋਵੇਗਾ ਅਤੇ ਲੋਕਾਂ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਮੰਗ ਪੂਰੀ ਹੋਵੇਗੀ।
















