ਅੰਮ੍ਰਿਤਸਰ, 31 ਅਗਸਤ (ਕੇ.ਐਲ. ਜੀਤ ਵਾਲੀਆ, ਆਰ.ਕੇ. ਸੋਨੀ)- ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਦਫ਼ਤਰ ਇੰਚਾਰਜ ਅਤੇ ਸੰਸਦ ਮੈਂਬਰ ਤਰੁਣ ਚੁੱਘ ਨੇ ਅੰਮ੍ਰਿਤਸਰ ਦੀ ਸਫ਼ਾਈ ਵਿਵਸਥਾ ਅਤੇ ਕੂੜਾ ਪ੍ਰਬੰਧਨ ਨੂੰ ਲੈ ਕੇ ਪੰਜਾਬ ਸਰਕਾਰ ਅਤੇ ਨਗਰ ਨਿਗਮ ਦੀ ਕਾਰਗੁਜ਼ਾਰੀ ’ਤੇ ਗੰਭੀਰ ਸਵਾਲ ਚੁੱਕੇ ਹਨ। ਉਨ੍ਹਾਂ ਝਬਾਲ ਰੋਡ ਸਥਿਤ ਡੰਪ ਸਾਈਟ ’ਤੇ ਵੱਡੀ ਮਾਤਰਾ ਵਿੱਚ ਇਕੱਠੇ ਹੋਏ ਕੂੜੇ ਅਤੇ ਇਸ ਸਬੰਧੀ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨ.ਜੀ.ਟੀ.) ਅੱਗੇ ਹਲਫ਼ਨਾਮਾ ਦਾਇਰ ਕੀਤੇ ਜਾਣ ਦਾ ਹਵਾਲਾ ਦਿੰਦਿਆਂ ਸਰਕਾਰ ਦੀ ਕਾਰਗੁਜ਼ਾਰੀ ਦੀ ਆਲੋਚਨਾ ਕੀਤੀ।
ਤਰੁਣ ਚੁੱਘ ਨੇ ਕਿਹਾ ਕਿ ਅੰਮ੍ਰਿਤਸਰ ਧਾਰਮਿਕ, ਇਤਿਹਾਸਕ ਅਤੇ ਸੈਰ-ਸਪਾਟੇ ਦੀ ਦ੍ਰਿਸ਼ਟੀ ਨਾਲ ਦੇਸ਼ ਦਾ ਮਹੱਤਵਪੂਰਨ ਸ਼ਹਿਰ ਹੈ, ਪਰ ਸ਼ਹਿਰ ਦੇ ਕਈ ਇਲਾਕਿਆਂ ਵਿੱਚ ਸਫ਼ਾਈ ਅਤੇ ਕੂੜੇ ਦੇ ਨਿਪਟਾਰੇ ਦੀ ਸਥਿਤੀ ਚਿੰਤਾਜਨਕ ਬਣੀ ਹੋਈ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਚਬਾਲ ਰੋਡ ਦੇ ਨੇੜੇ ਸੜਕ ਕਿਨਾਰੇ ਕੂੜਾ ਸੁੱਟੇ ਜਾਣ ਕਾਰਨ ਆਸ-ਪਾਸ ਰਹਿਣ ਵਾਲੇ ਲੋਕਾਂ ਅਤੇ ਵਿਦਿਆਰਥੀਆਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਉਨ੍ਹਾਂ ਕਿਹਾ ਕਿ ਜਿਸ ਰਸਤੇ ’ਤੇ ਕਈ ਵਿਦਿਅਕ ਸੰਸਥਾਵਾਂ, ਧਾਰਮਿਕ ਸਥਾਨ ਅਤੇ ਵੱਡੀ ਆਬਾਦੀ ਵੱਸਦੀ ਹੈ, ਉੱਥੇ ਕੂੜੇ ਦੇ ਢੇਰ ਅਤੇ ਬਦਬੂ ਕਾਰਨ ਲੋਕਾਂ ਦਾ ਜੀਵਨ ਪ੍ਰਭਾਵਿਤ ਹੋ ਰਿਹਾ ਹੈ। ਚੁੱਘ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਸ਼ਹਿਰ ਵਿੱਚ ਕੂੜਾ ਪ੍ਰਬੰਧਨ ਦੀ ਵਿਵਸਥਾ ਨੂੰ ਪ੍ਰਭਾਵਸ਼ਾਲੀ ਬਣਾਇਆ ਜਾਵੇ ਅਤੇ ਪ੍ਰਭਾਵਿਤ ਇਲਾਕਿਆਂ ਵਿੱਚ ਤੁਰੰਤ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ ਜਾਵੇ।
ਭਾਜਪਾ ਸੰਸਦ ਮੈਂਬਰ ਨੇ ਕਿਹਾ ਕਿ ਅੰਮ੍ਰਿਤਸਰ ਵਰਗੇ ਪਵਿੱਤਰ ਅਤੇ ਇਤਿਹਾਸਕ ਸ਼ਹਿਰ ਦੀ ਸਫ਼ਾਈ ਬਣਾਈ ਰੱਖਣਾ ਸਰਕਾਰ ਅਤੇ ਸਥਾਨਕ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਸੂਬਾ ਸਰਕਾਰ ਨੂੰ ਅਪੀਲ ਕੀਤੀ ਕਿ ਇਸ਼ਤਿਹਾਰਾਂ ਅਤੇ ਦਾਅਵਿਆਂ ਦੀ ਬਜਾਏ ਜ਼ਮੀਨੀ ਪੱਧਰ ’ਤੇ ਕੰਮ ਕੀਤਾ ਜਾਵੇ ਅਤੇ ਸ਼ਹਿਰ ਵਾਸੀਆਂ ਨੂੰ ਸਾਫ਼-ਸੁਥਰਾ ਵਾਤਾਵਰਨ ਮੁਹੱਈਆ ਕਰਵਾਇਆ ਜਾਵੇ।
ਤਰੁਣ ਚੁੱਘ ਨੇ ਕਿਹਾ ਕਿ ਭਾਜਪਾ ਲੋਕਾਂ ਦੀ ਸਿਹਤ, ਵਾਤਾਵਰਨ ਦੀ ਸੁਰੱਖਿਆ ਅਤੇ ਅੰਮ੍ਰਿਤਸਰ ਦੀ ਸ਼ਾਨ ਨਾਲ ਜੁੜੇ ਮੁੱਦਿਆਂ ਨੂੰ ਲਗਾਤਾਰ ਉਠਾਉਂਦੀ ਰਹੇਗੀ ਅਤੇ ਸ਼ਹਿਰ ਨੂੰ ਸਾਫ਼-ਸੁਥਰਾ ਤੇ ਸੁੰਦਰ ਬਣਾਉਣ ਲਈ ਸਰਕਾਰ ਤੋਂ ਠੋਸ ਕਦਮ ਚੁੱਕਣ ਦੀ ਮੰਗ ਕਰਦੀ ਰਹੇਗੀ।
















