ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨਾਲ ਖੇਡਣਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਵਿਧਾਇਕਾ ਜੀਵਨ ਜੋਤ ਕੌਰ, ਡਾ. ਨਿੱਜਰ, ਈਟੀਓ
ਅੰਮ੍ਰਿਤਸਰ, 1 ਸਤੰਬਰ (ਕੇ. ਐਲ. ਜੀਤ ਵਾਲੀਆ)- ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂਆਂ, ਅਹੁਦੇਦਾਰਾਂ ਅਤੇ ਵੱਡੀ ਗਿਣਤੀ ਵਿੱਚ ਵਰਕਰਾਂ ਵੱਲੋਂ ਅੱਜ ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਅਤੇ ਰਾਜ ਸਭਾ ਮੈਂਬਰ ਤਰੁਣ ਚੁੱਘ ਦੇ ਨਿਵਾਸ ਦੇ ਬਾਹਰ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਜੁੜੇ ਮਾਮਲਿਆਂ ਵਿੱਚ ਦੋਸ਼ੀ ਠਹਿਰਾਏ ਗਏ ਸਾਬਕਾ ਕਾਂਗਰਸੀ ਆਗੂ ਸੱਜਣ ਕੁਮਾਰ ਦੇ ਦੇਹਾਂਤ ਤੋਂ ਬਾਅਦ ਭਾਜਪਾ ਦੇ ਕੁਝ ਸੰਸਦ ਮੈਂਬਰਾਂ ਵੱਲੋਂ ਉਨ੍ਹਾਂ ਦੇ ਘਰ ਜਾ ਕੇ ਸੋਗ ਪ੍ਰਗਟ ਕਰਨ ’ਤੇ ਸਖ਼ਤ ਇਤਰਾਜ਼ ਜਤਾਇਆ।
ਇਸ ਮੌਕੇ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਕਿਹਾ ਕਿ ਸੱਜਣ ਕੁਮਾਰ ਨੂੰ ਸਿੱਖ ਵਿਰੋਧੀ ਹਿੰਸਾ ਨਾਲ ਸਬੰਧਤ ਇੱਕ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤਾ ਗਿਆ ਸੀ ਅਤੇ ਉਨ੍ਹਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ। ਆਗੂਆਂ ਨੇ ਦੋਸ਼ ਲਗਾਇਆ ਕਿ ਅਜਿਹੇ ਵਿਅਕਤੀ ਦੇ ਦੇਹਾਂਤ ’ਤੇ ਸੋਗ ਪ੍ਰਗਟ ਕਰਨ ਲਈ ਭਾਜਪਾ ਦੇ ਸੰਸਦ ਮੈਂਬਰਾਂ ਦਾ ਉਨ੍ਹਾਂ ਦੇ ਘਰ ਜਾਣਾ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਾ ਹੈ ਅਤੇ ਇਸ ਨਾਲ ਭਾਜਪਾ ਦੇ ਰੁਖ ’ਤੇ ਗੰਭੀਰ ਸਵਾਲ ਖੜ੍ਹੇ ਹੁੰਦੇ ਹਨ।
ਰੋਸ ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਵਿਧਾਇਕਾ ਜੀਵਨ ਜੋਤ ਕੌਰ, ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ, ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ, ਵਿਧਾਇਕ ਡਾ. ਅਜੈ ਗੁਪਤਾ ਅਤੇ ਮੈਡਮ ਸੋਨੀਆ ਮਾਨ ਨੇ ਕਿਹਾ ਕਿ ਸਿੱਖ ਭਾਈਚਾਰੇ ਨਾਲ ਜੁੜੇ ਅਤਿ ਸੰਵੇਦਨਸ਼ੀਲ ਮੁੱਦਿਆਂ ’ਤੇ ਕਿਸੇ ਵੀ ਸਿਆਸੀ ਪਾਰਟੀ ਨੂੰ ਦੋਹਰੇ ਮਾਪਦੰਡ ਨਹੀਂ ਅਪਣਾਉਣੇ ਚਾਹੀਦੇ। ਉਨ੍ਹਾਂ ਕਿਹਾ ਕਿ ਸਿੱਖ ਭਾਈਚਾਰੇ ਦੇ ਜ਼ਖ਼ਮ ਅਜੇ ਵੀ ਤਾਜ਼ਾ ਹਨ ਅਤੇ ਅਜਿਹੇ ਮਾਮਲਿਆਂ ਵਿੱਚ ਸਿਆਸੀ ਆਗੂਆਂ ਨੂੰ ਬਹੁਤ ਸੰਵੇਦਨਸ਼ੀਲਤਾ ਅਤੇ ਜ਼ਿੰਮੇਵਾਰੀ ਨਾਲ ਕੰਮ ਕਰਨਾ ਚਾਹੀਦਾ ਹੈ।
‘ਆਪ’ ਆਗੂਆਂ ਨੇ ਕਿਹਾ ਕਿ ਭਾਜਪਾ ਦਾ ਪੰਜਾਬ ਪ੍ਰਤੀ ਰੁਖ ਸਮੇਂ-ਸਮੇਂ ’ਤੇ ਸਾਹਮਣੇ ਆਉਂਦਾ ਰਿਹਾ ਹੈ ਅਤੇ ਅੱਜ ਦੇ ਇਸ ਮਾਮਲੇ ਨੇ ਪੰਜਾਬ ਅਤੇ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਮੁੜ ਠੇਸ ਪਹੁੰਚਾਈ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਨਾਲ ਹੋਏ ਅਨਿਆਂ ਨੂੰ ਭੁਲਾਇਆ ਨਹੀਂ ਜਾ ਸਕਦਾ ਅਤੇ ਕਿਸੇ ਵੀ ਦੋਸ਼ੀ ਜਾਂ ਵਿਵਾਦਿਤ ਵਿਅਕਤੀ ਪ੍ਰਤੀ ਹਮਦਰਦੀ ਦਿਖਾਉਣ ਵਾਲੇ ਕਦਮਾਂ ਦਾ ਸਿੱਖ ਭਾਈਚਾਰਾ ਹਮੇਸ਼ਾ ਵਿਰੋਧ ਕਰੇਗਾ।
ਇਸ ਰੋਸ ਪ੍ਰਦਰਸ਼ਨ ਵਿੱਚ ਵਿਧਾਇਕ ਡਾ. ਜਸਬੀਰ ਸਿੰਘ ਸੰਧੂ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸਰਬਜੋਤ ਸਿੰਘ ਧੰਜਲ, ਮੇਅਰ ਜਤਿੰਦਰ ਸਿੰਘ ਮੋਤੀ ਭਾਟੀਆ, ਹਲਕਾ ਨੌਰਥ ਦੇ ਇੰਚਾਰਜ ਕਰਮਜੀਤ ਸਿੰਘ ਰਿੰਟੂ, ਸੀਨੀਅਰ ਡਿਪਟੀ ਮੇਅਰ ਮੈਡਮ ਪ੍ਰਿਅੰਕਾ ਸ਼ਰਮਾ, ਕੁਨਾਲ ਧਵਨ, ਲੋਕ ਸਭਾ ਹਲਕਾ ਇੰਚਾਰਜ ਜਰਨੈਲ ਸਿੰਘ ਢੋਟ, ਜਸਕਰਨ ਬੰਦਿਸ਼ਾਂ, ਬਲਵਿੰਦਰ ਸਿੰਘ ਬਿੱਲਾ, ‘ਆਪ’ ਲੀਗਲ ਵਿੰਗ ਮਾਝਾ ਜ਼ੋਨ ਦੇ ਚੇਅਰਮੈਨ ਐਡਵੋਕੇਟ ਹਰਪਾਲ ਸਿੰਘ ਨਿੱਜਰ, ਦੀਕਸ਼ਿਤ ਧਵਨ, ਤਰੁਣਵੀਰ ਕੈਂਡੀ, ਸੀਨੀਅਰ ਆਪ ਆਗੂ ਰਿਤੇਸ਼ ਸ਼ਰਮਾ,ਗੌਰਵ ਅਗਰਵਾਲ, ਪ੍ਰਣਵ ਧਵਨ, ਡਿੰਪਲ ਅਰੋੜਾ, ਪੰਕਜ ਸ਼ਰਮਾ, ਕਮਲ ਕੁਮਾਰ, ਟਰੇਡ ਵਿੰਗ ਹਲਕਾ ਪੂਰਬੀ ਦੇ ਚੇਅਰਮੈਨ ਕਪਿਲ ਚੱਡਾ, ਪੀਏ ਮਨਿੰਦਰ ਸਿੰਘ, ਅਭਿਸ਼ੇਕ ਬਾਂਸਲ, ਸ਼ੀਤਲ ਜੁਨੇਜਾ, ਰਾਹੀਲ ਖੰਨਾ, ਸਚਿਨ ਭਾਟੀਆ, ਹਰਪ੍ਰੀਤ ਸਿੰਘ ਆਹਲੂਵਾਲੀਆ, ਅਜੀਤ ਸਿੰਘ, ਆਸੂ ਬਾਂਸਲ, ਮੈਡਮ ਰਾਜਵਿੰਦਰ ਕੌਰ, ਵਿਸਾਖਾ ਸਿੰਘ ਔਲਖ, ਮਨਜੀਤ ਮਾਨ, ਮੈਡਮ ਪੂਜਾ, ਦਿਲਬਾਗ ਸਿੰਘ ਵਡਾਲੀ, ਮੈਡਮ ਪ੍ਰਭਾ, ਕੌਂਸਲਰ ਧਰਮਜੀਤ ਬੋਬੀ, ਨਰਿੰਦਰ ਦੱਤਾ,ਰਾਜਾ ਇਕਬਾਲ ਸਿੰਘ, ਡਿੰਪੀ ਚੌਹਾਨ,ਹਰਪ੍ਰੀਤ ਸਿੰਘ ਬੇਦੀ, ਕੁਲਵੰਤ ਸਿੰਘ ਵਡਾਲੀ, ਵਿੱਕੀ ਦੱਤਾ, ਪੰਕਜ ਸ਼ਰਮਾ, ਲਾਲੀ ਸਰੰਗੜਾ ਅਤੇ ਐਡਵੋਕੇਟ ਰਮਨ ਕੁਮਾਰ ਸਮੇਤ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਦੇ ਆਗੂ ਅਤੇ ਵਰਕਰ ਹਾਜ਼ਰ ਸਨ।
ਪ੍ਰਦਰਸ਼ਨਕਾਰੀਆਂ ਨੇ ਇੱਕਜੁੱਟ ਹੋ ਕੇ ਕਿਹਾ ਕਿ ਸਿੱਖ ਭਾਈਚਾਰੇ ਨਾਲ ਜੁੜੇ ਸੰਵੇਦਨਸ਼ੀਲ ਮਾਮਲਿਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਸਿਆਸੀ ਦੋਹਰੀ ਨੀਤੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਪੰਜਾਬ ਦੀ ਜਨਤਾ ਦੇ ਸਨਮਾਨ ਤੇ ਸਿੱਖਾਂ ਦੀਆਂ ਭਾਵਨਾਵਾਂ ਦੀ ਰੱਖਿਆ ਲਈ ਆਵਾਜ਼ ਲਗਾਤਾਰ ਬੁਲੰਦ ਕੀਤੀ ਜਾਂਦੀ ਰਹੇਗੀ।
















