ਅੰਮ੍ਰਿਤਸਰ, 7 ਸਤੰਬਰ (ਕੇ. ਐਲ. ਜੀਤ ਵਾਲੀਆ)- ਆਮ ਆਦਮੀ ਪਾਰਟੀ ਨੂੰ ਅੱਜ ਉਸ ਸਮੇਂ ਹੋਰ ਵੱਡੀ ਮਜ਼ਬੂਤੀ ਮਿਲੀ ਜਦੋਂ ਹਲਕਾ ਦੱਖਣੀ ਦੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿਜਰ ਦੀ ਹਾਜ਼ਰੀ ਵਿੱਚ ਕਾਂਗਰਸ ਪਾਰਟੀ ਦੇ ਕਈ ਸੀਨੀਅਰ ਆਗੂ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।
ਹਲਕਾ ਦੱਖਣੀ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਬਿੱਲਾ ਦੀ ਪ੍ਰੇਰਨਾ ਅਤੇ ਯਤਨਾਂ ਸਦਕਾ ਅਸ਼ੋਕ ਕੁਮਾਰ, ਸਾਬਕਾ ਬਲਾਕ ਪ੍ਰਧਾਨ ਬੀ.ਸੀ. ਵਿੰਗ ਕਾਂਗਰਸ ਅਤੇ ਸਾਬਕਾ ਜ਼ਿਲ੍ਹਾ ਜਨਰਲ ਸਕੱਤਰ ਐਨ.ਐਸ.ਯੂ.ਆਈ., ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।
ਇਸ ਮੌਕੇ ਕਾਂਗਰਸ ਦੇ ਸੀਨੀਅਰ ਆਗੂ ਅਕਾਸ਼ਦੀਪ ਸਿੰਘ, ਅਮਰਜੀਤ ਸਿੰਘ ਸਨੀ ਜੀ, ਜੀਵਨ ਲਾਲ, ਗੁਰਪ੍ਰੀਤ ਸਿੰਘ ਅਤੇ ਕਰਮਜੀਤ ਸਿੰਘ ਨੇ ਵੀ ਆਮ ਆਦਮੀ ਪਾਰਟੀ ਦਾ ਸਾਥ ਦੇਣ ਦਾ ਫੈਸਲਾ ਕੀਤਾ। ਉਨ੍ਹਾਂ ਦੇ ਪਾਰਟੀ ਵਿੱਚ ਸ਼ਾਮਲ ਹੋਣ ਨੂੰ ਹਲਕਾ ਦੱਖਣੀ ਵਿੱਚ ਆਮ ਆਦਮੀ ਪਾਰਟੀ ਲਈ ਇੱਕ ਅਹਿਮ ਸਿਆਸੀ ਮਜ਼ਬੂਤੀ ਵਜੋਂ ਦੇਖਿਆ ਜਾ ਰਿਹਾ ਹੈ।
ਇਸ ਮੌਕੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿਜਰ ਨੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸਾਰੇ ਪਰਿਵਾਰਾਂ ਅਤੇ ਆਗੂਆਂ ਦਾ ਨਿੱਘਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਸਾਰੇ ਸਾਥੀਆਂ ਦਾ ਤਜਰਬਾ, ਸਹਿਯੋਗ ਅਤੇ ਸਮਰਪਣ ਲੋਕ ਸੇਵਾ ਦੇ ਕੰਮਾਂ ਨੂੰ ਹੋਰ ਮਜ਼ਬੂਤੀ ਪ੍ਰਦਾਨ ਕਰੇਗਾ।
ਡਾ. ਨਿਜਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਲੋਕਾਂ ਦੀ ਭਲਾਈ ਅਤੇ ਪੰਜਾਬ ਦੀ ਤਰੱਕੀ ਲਈ ਪੂਰੀ ਇਮਾਨਦਾਰੀ ਨਾਲ ਕੰਮ ਕਰ ਰਹੀ ਹੈ। ਪੰਜਾਬ ਸਰਕਾਰ ਵੱਲੋਂ ਸਿੱਖਿਆ, ਸਿਹਤ, ਬਿਜਲੀ ਅਤੇ ਹੋਰ ਲੋਕ-ਭਲਾਈ ਦੇ ਖੇਤਰਾਂ ਵਿੱਚ ਕੀਤੇ ਜਾ ਰਹੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਵਰਗਾਂ ਦੇ ਲੋਕ ਪਾਰਟੀ ਨਾਲ ਜੁੜ ਰਹੇ ਹਨ।
ਉਨ੍ਹਾਂ ਉਮੀਦ ਪ੍ਰਗਟ ਕੀਤੀ ਕਿ ਪਾਰਟੀ ਵਿੱਚ ਸ਼ਾਮਲ ਹੋਏ ਨਵੇਂ ਸਾਥੀ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਅਤੇ ਹਲਕੇ ਦੇ ਵਿਕਾਸ ਕਾਰਜਾਂ ਨੂੰ ਅੱਗੇ ਵਧਾਉਣ ਵਿੱਚ ਸਰਗਰਮ ਭੂਮਿਕਾ ਨਿਭਾਉਣਗੇ।

ਇਸ ਮੌਕੇ ਸੀਨੀਅਰ ਆਗੂ ਬਲਵਿੰਦਰ ਸਿੰਘ ਬਿੱਲਾ ਨੇ ਪਾਰਟੀ ਵਿੱਚ ਸ਼ਾਮਲ ਹੋਏ ਸਾਰੇ ਆਗੂਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਅਤੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿਜਰ ਵੱਲੋਂ ਹਲਕਾ ਦੱਖਣੀ ਵਿੱਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਲੋਕ ਲਗਾਤਾਰ ਪਾਰਟੀ ਨਾਲ ਜੁੜ ਰਹੇ ਹਨ।
ਨਵੇਂ ਸ਼ਾਮਲ ਹੋਏ ਆਗੂਆਂ ਨੇ ਵੀ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਵਿੱਚ ਵਿਸ਼ਵਾਸ ਪ੍ਰਗਟ ਕਰਦਿਆਂ ਕਿਹਾ ਕਿ ਉਹ ਪਾਰਟੀ ਦੀ ਮਜ਼ਬੂਤੀ ਅਤੇ ਲੋਕ ਸੇਵਾ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ।
















