ਅੰਮ੍ਰਿਤਸਰ, 7 ਸਤੰਬਰ (ਕੇ. ਐਲ. ਜੀਤ ਵਾਲੀਆ)- ਹਲਕਾ ਦੱਖਣੀ ਵਿੱਚ ਸਫਾਈ ਵਿਵਸਥਾ ਨੂੰ ਹੋਰ ਬਿਹਤਰ ਬਣਾਉਣ ਅਤੇ ਲੋਕਾਂ ਨੂੰ ਸਾਫ਼-ਸੁਥਰਾ ਵਾਤਾਵਰਨ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਅੱਜ ਹਲਕਾ ਦੱਖਣੀ ਦੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿਜਰ ਦੀ ਅਗਵਾਈ ਹੇਠ ਵਾਰਡ ਨੰਬਰ 46 ਦੇ ਚਾਟੀਵਿੰਡ ਗੇਟ, ਬਾਬਾ ਦੀਪ ਸਿੰਘ ਕਲੋਨੀ ਅਤੇ ਲਕਸ਼ਮਣ ਸਰ ਚੌਂਕ ਵਿੱਚ ਵਿਸ਼ਾਲ ਸਫਾਈ ਅਭਿਆਨ ਸ਼ੁਰੂ ਕੀਤਾ ਗਿਆ।
ਇਸ ਸਫਾਈ ਅਭਿਆਨ ਦੌਰਾਨ ਵਿਧਾਇਕ ਡਾ. ਇੰਦਰਬੀਰ ਸਿੰਘ ਨਿਜਰ ਨੇ ਇਲਾਕੇ ਦੀ ਸਫਾਈ ਵਿਵਸਥਾ ਦਾ ਜਾਇਜ਼ਾ ਲਿਆ ਅਤੇ ਸਬੰਧਤ ਅਧਿਕਾਰੀਆਂ ਨੂੰ ਸਫਾਈ ਕਾਰਜਾਂ ਵਿੱਚ ਹੋਰ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਹਲਕਾ ਦੱਖਣੀ ਦੇ ਹਰੇਕ ਵਾਰਡ ਵਿੱਚ ਸਫਾਈ, ਵਿਕਾਸ ਅਤੇ ਬੁਨਿਆਦੀ ਸਹੂਲਤਾਂ ਨੂੰ ਬਿਹਤਰ ਬਣਾਉਣਾ ਉਨ੍ਹਾਂ ਦੀ ਪ੍ਰਮੁੱਖ ਤਰਜੀਹ ਹੈ।
ਇਸ ਮੌਕੇ ਹਲਕਾ ਦੱਖਣੀ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਬਿੱਲਾ, ਵਾਰਡ ਨੰਬਰ 46 ਦੇ ਇੰਚਾਰਜ ਹਰਪ੍ਰੀਤ ਸਿੰਘ ਮਣੀ ਅਤੇ ਵਾਰਡ ਨੰਬਰ 44 ਦੇ ਇੰਚਾਰਜ ਰਵੀ ਸ਼ੇਰ ਸਿੰਘ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ।
ਸਫਾਈ ਅਭਿਆਨ ਦੌਰਾਨ ਹਰਪ੍ਰੀਤ ਸਿੰਘ ਮਣੀ, ਦੀਪਕ ਵਰਮਾ, ਸਰਬਜੀਤ ਸਿੰਘ ਬਿੱਟੂ, ਬੱਬੂ ਜੀ, ਚੀਫ ਸੈਨੇਟਰੀ ਅਫਸਰ ਜਤਿੰਦਰ ਪਾਲ ਸਿੰਘ ਬੱਬਰ, ਸੈਨੇਟਰੀ ਇੰਸਪੈਕਟਰ ਰਾਜਨ ਜੀ, ਸ਼ਮਸ਼ੇਰ ਸਿੰਘ, ਰਵੀ ਸ਼ੇਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਵਾਰਡ ਨੰਬਰ 46 ਅਤੇ ਵਾਰਡ ਨੰਬਰ 44 ਦੇ ਮੋਹਤਵਰ ਆਗੂ ਅਤੇ ਇਲਾਕਾ ਨਿਵਾਸੀ ਹਾਜ਼ਰ ਸਨ।
ਇਸ ਮੌਕੇ ਵਿਧਾਇਕ ਡਾ. ਨਿਜਰ ਨੇ ਕਿਹਾ ਕਿ ਸਫਾਈ ਸਿਰਫ਼ ਸਰਕਾਰੀ ਵਿਭਾਗਾਂ ਦੀ ਜ਼ਿੰਮੇਵਾਰੀ ਨਹੀਂ, ਸਗੋਂ ਹਰੇਕ ਨਾਗਰਿਕ ਦਾ ਵੀ ਫ਼ਰਜ਼ ਹੈ ਕਿ ਉਹ ਆਪਣੇ ਆਲੇ-ਦੁਆਲੇ ਨੂੰ ਸਾਫ਼-ਸੁਥਰਾ ਰੱਖਣ ਵਿੱਚ ਯੋਗਦਾਨ ਪਾਵੇ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਹੀ ਸਾਫ਼-ਸੁਥਰੇ ਅਤੇ ਸੁੰਦਰ ਸ਼ਹਿਰ ਦਾ ਸੁਪਨਾ ਸਾਕਾਰ ਕੀਤਾ ਜਾ ਸਕਦਾ ਹੈ।
ਉਨ੍ਹਾਂ ਕਿਹਾ ਕਿ ਇਲਾਕੇ ਵਿੱਚ ਸਫਾਈ ਸਬੰਧੀ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਸਬੰਧਤ ਵਿਭਾਗਾਂ ਨੂੰ ਲੋਕਾਂ ਦੀਆਂ ਸ਼ਿਕਾਇਤਾਂ ਦਾ ਤੁਰੰਤ ਹੱਲ ਕਰਨ ਲਈ ਕਿਹਾ ਗਿਆ ਹੈ।
ਸੀਨੀਅਰ ਆਗੂ ਬਲਵਿੰਦਰ ਸਿੰਘ ਬਿੱਲਾ,ਹਰਪ੍ਰੀਤ ਸਿੰਘ ਮਣੀ ਅਤੇ ਰਵੀ ਸ਼ੇਰ ਸਿੰਘ ਨੇ ਕਿਹਾ ਕਿ ਵਿਧਾਇਕ ਡਾ. ਇੰਦਰਬੀਰ ਸਿੰਘ ਨਿਜਰ ਦੀ ਅਗਵਾਈ ਹੇਠ ਹਲਕਾ ਦੱਖਣੀ ਵਿੱਚ ਵਿਕਾਸ ਕਾਰਜਾਂ ਦੇ ਨਾਲ-ਨਾਲ ਸਫਾਈ ਵਿਵਸਥਾ ਨੂੰ ਵੀ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਸਫਾਈ ਅਭਿਆਨ ਆਉਣ ਵਾਲੇ ਸਮੇਂ ਵਿੱਚ ਵੀ ਵੱਖ-ਵੱਖ ਵਾਰਡਾਂ ਵਿੱਚ ਜਾਰੀ ਰਹਿਣਗੇ।
ਇਲਾਕਾ ਨਿਵਾਸੀਆਂ ਅਤੇ ਮੋਹਤਵਰ ਵਿਅਕਤੀਆਂ ਨੇ ਇਸ ਸਫਾਈ ਅਭਿਆਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਪਹਿਲਕਦਮੀਆਂ ਨਾਲ ਨਾ ਸਿਰਫ਼ ਇਲਾਕੇ ਦੀ ਦਿੱਖ ਸੁੰਦਰ ਬਣੇਗੀ, ਸਗੋਂ ਲੋਕਾਂ ਨੂੰ ਸਿਹਤਮੰਦ ਅਤੇ ਸਾਫ਼-ਸੁਥਰਾ ਵਾਤਾਵਰਨ ਵੀ ਮਿਲੇਗਾ।
















