ਬਰਾਮਦ ਕੀਤੇ ਗਏ ਗੈਰ-ਕਾਨੂੰਨੀ ਹਥਿਆਰ ਪੰਜਾਬ ਦੇ ਅਪਰਾਧਿਕ ਤੱਤਾਂ ਨੂੰ ਸਪਲਾਈ ਕੀਤੇ ਜਾਣੇ ਸਨ: ਪੁਲਿਸ ਕਮਿਸ਼ਨਰ ਹਰਮਨਬੀਰ ਗਿੱਲ
ਅੰਮ੍ਰਿਤਸਰ, 10 ਸਤੰਬਰ (ਕੇ.ਐਲ. ਜੀਤ ਵਾਲੀਆ / ਅਰੁਣ ਸ਼ਰਮਾ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦੇ ਹੋਏ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਇੱਕ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ ਦੋ ਏ.ਕੇ.-47 ਰਾਈਫਲਾਂ, ਤਿੰਨ ਮੈਗਜ਼ੀਨਾਂ ਅਤੇ 50 ਜ਼ਿੰਦਾ ਕਾਰਤੂਸਾਂ ਸਮੇਤ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਇਹ ਜਾਣਕਾਰੀ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਗੌਰਵ ਯਾਦਵ ਵੱਲੋਂ ਦਿੱਤੀ ਗਈ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਮੁਖ ਸਿੰਘ (27) ਵਾਸੀ ਪਿੰਡ ਚਾਟੀਵਿੰਡ, ਅੰਮ੍ਰਿਤਸਰ ਦਿਹਾਤੀ, ਪਾਰਸਦੀਪ ਸਿੰਘ (26) ਵਾਸੀ ਭਾਈ ਮੰਜ ਰੋਡ, ਅੰਮ੍ਰਿਤਸਰ ਅਤੇ ਗੁਰਜੰਟ ਸਿੰਘ (24) ਵਾਸੀ ਪਿੰਡ ਜੋੜ ਸਿੰਘ ਵਾਲਾ, ਤਰਨਤਾਰਨ ਵਜੋਂ ਹੋਈ ਹੈ।
ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਵਿਦੇਸ਼ ਵਿੱਚ ਬੈਠੇ ਇੱਕ ਹਥਿਆਰ ਤਸਕਰ ਦੇ ਸੰਪਰਕ ਵਿੱਚ ਸਨ ਅਤੇ ਕਥਿਤ ਤੌਰ ’ਤੇ ਅਪਰਾਧਿਕ ਤੱਤਾਂ ਨੂੰ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨ ਵਿੱਚ ਸ਼ਾਮਲ ਸਨ।
ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਹੋਰ ਵਿਅਕਤੀਆਂ ਦੀ ਪਛਾਣ ਕਰਨ, ਵਿਦੇਸ਼ੀ ਤਸਕਰੀ ਦੇ ਲਿੰਕਾਂ ਦੀ ਪੁਸ਼ਟੀ ਕਰਨ ਅਤੇ ਗੈਰ-ਕਾਨੂੰਨੀ ਹਥਿਆਰਾਂ ਦੇ ਵਿਆਪਕ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਅੱਗੇ ਦੀ ਜਾਂਚ ਜਾਰੀ ਹੈ।
ਕਾਰਵਾਈ ਸਬੰਧੀ ਵੇਰਵੇ ਸਾਂਝੇ ਕਰਦਿਆਂ ਪੁਲਿਸ ਕਮਿਸ਼ਨਰ (ਸੀ.ਪੀ.) ਅੰਮ੍ਰਿਤਸਰ ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਖੁਫੀਆ ਜਾਣਕਾਰੀ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਪੁਲਿਸ ਨੇ ਦੋ ਸ਼ੱਕੀ ਵਿਅਕਤੀਆਂ ਗੁਰਮੁਖ ਸਿੰਘ ਅਤੇ ਪਾਰਸਦੀਪ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ ਦੋ ਏ.ਕੇ.-47 ਰਾਈਫਲਾਂ, ਤਿੰਨ ਮੈਗਜ਼ੀਨਾਂ ਅਤੇ 50 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ।
ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਅੱਗੇ ਦੀ ਜਾਂਚ ਦੌਰਾਨ ਗ੍ਰਿਫ਼ਤਾਰ ਮੁਲਜ਼ਮਾਂ ਨੇ ਕਥਿਤ ਤੌਰ ’ਤੇ ਖੁਲਾਸਾ ਕੀਤਾ ਕਿ ਇਹ ਗੈਰ-ਕਾਨੂੰਨੀ ਹਥਿਆਰ ਗੁਰਜੰਟ ਸਿੰਘ ਰਾਹੀਂ ਹਾਸਲ ਕੀਤੇ ਗਏ ਸਨ। ਉਨ੍ਹਾਂ ਦੇ ਖੁਲਾਸੇ ਦੇ ਆਧਾਰ ’ਤੇ ਗੁਰਜੰਟ ਸਿੰਘ ਨੂੰ ਮਾਮਲੇ ਵਿੱਚ ਨਾਮਜ਼ਦ ਕਰਕੇ ਪੁਲਿਸ ਨੇ ਉਸ ਨੂੰ ਵੀ ਗ੍ਰਿਫ਼ਤਾਰ ਕਰ ਲਿਆ।
ਇਸ ਸਬੰਧ ਵਿੱਚ ਥਾਣਾ ਛੇਹਰਟਾ, ਅੰਮ੍ਰਿਤਸਰ ਵਿਖੇ ਐਫ਼.ਆਈ.ਆਰ. ਨੰਬਰ 205 ਮਿਤੀ 05 ਸਤੰਬਰ 2026 ਨੂੰ ਭਾਰਤੀ ਨਿਆਂ ਸੰਹਿਤਾ (ਬੀ.ਐਨ.ਐਸ.) ਦੀਆਂ ਧਾਰਾਵਾਂ 111 ਅਤੇ 113 ਅਤੇ ਅਸਲਾ ਐਕਟ ਦੀਆਂ ਧਾਰਾਵਾਂ 25(6,7,8) ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
















