ਪੁਲਿਸ ਜਵਾਨਾਂ ਦੀ ਸੁਰੱਖਿਆ ਵੀ ਬੇਹੱਦ ਜ਼ਰੂਰੀ: ਮਨਿੰਦਰਜੀਤ ਸਿੰਘ ਬਿੱਟਾ
ਅੰਮ੍ਰਿਤਸਰ, 23 ਸਤੰਬਰ (ਕੇ. ਐਲ. ਜੀਤ ਵਾਲੀਆ): “ਸੁਰੱਖਿਆ ਕਰਮਚਾਰੀ ਦਿਨ-ਰਾਤ ਲੋਕਾਂ ਦੀ ਸੁਰੱਖਿਆ ਲਈ ਡਿਊਟੀ ਕਰਦੇ ਹਨ ਅਤੇ ਕਾਨੂੰਨ ਦੀ ਪਾਲਣਾ ਕਰਵਾਉਂਦੇ ਹੋਏ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਦੇ ਹਨ। ਇਸ ਲਈ ਉਨ੍ਹਾਂ ਦੀ ਆਪਣੀ ਸੁਰੱਖਿਆ ਵੀ ਬਹੁਤ ਜ਼ਰੂਰੀ ਹੈ।” ਇਹ ਗੱਲ ਆਲ ਇੰਡੀਆ ਐਂਟੀ ਟੈਰਰਿਸਟ ਆਰਗੇਨਾਈਜ਼ੇਸ਼ਨ ਦੇ ਚੇਅਰਮੈਨ ਮਨਿੰਦਰਜੀਤ ਸਿੰਘ ਬਿੱਟਾ ਨੇ ਅੰਮ੍ਰਿਤਸਰ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ ਕਹੀ।
ਮਨਿੰਦਰਜੀਤ ਸਿੰਘ ਬਿੱਟਾ ਅੱਜ ਸ਼ਹੀਦ ਥਾਣੇਦਾਰ ਹਰਜੀਤ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਉਨ੍ਹਾਂ ਦੇ ਘਰ ਪਹੁੰਚੇ ਅਤੇ ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕੀਤੀ। ਜ਼ਿਕਰਯੋਗ ਹੈ ਕਿ 19 ਸਤੰਬਰ ਦੀ ਰਾਤ ਨੂੰ ਦਾਣਾ ਮੰਡੀ ਭਗਤਾਂਵਾਲਾ ਵਿੱਚ ਗਸ਼ਤ ਕਰ ਰਹੇ ਥਾਣੇਦਾਰ ਹਰਜੀਤ ਸਿੰਘ ਨੂੰ ਦੋ ਨੌਜਵਾਨਾਂ ਨੇ ਗੋਲੀਆਂ ਮਾਰ ਕੇ ਸ਼ਹੀਦ ਕਰ ਦਿੱਤਾ ਸੀ। ਬਿੱਟਾ ਨੇ ਇਸ ਘਟਨਾ ਨੂੰ ਬੇਹੱਦ ਮੰਦਭਾਗਾ ਕਰਾਰ ਦਿੱਤਾ।
ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਬਿੱਟਾ ਨੇ ਦੋਸ਼ ਲਾਇਆ ਕਿ ਇਸ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਲੋਕ ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐੱਸਆਈ ਦੇ ਇਸ਼ਾਰਿਆਂ ’ਤੇ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿੱਚ ਬੈਠੇ ਅੱਤਵਾਦੀ ਸੰਗਠਨਾਂ ਦੇ ਮੁਖੀ ਅਤੇ ਗੈਂਗਸਟਰ ਸਾਡੇ ਦੇਸ਼ ਦੇ ਭੋਲੇ-ਭਾਲੇ ਨੌਜਵਾਨਾਂ ਨੂੰ ਗੁਮਰਾਹ ਕਰਕੇ ਕੁਝ ਪੈਸਿਆਂ ਦੇ ਲਾਲਚ ਵਿੱਚ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦਿਵਾ ਰਹੇ ਹਨ।
ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਕਈ ਥਾਣਿਆਂ ਅਤੇ ਪੁਲਿਸ ਚੌਕੀਆਂ ’ਤੇ ਹੈਂਡ ਗ੍ਰਨੇਡ ਸੁੱਟੇ ਗਏ ਸਨ। ਗੁਰਦਾਸਪੁਰ ਜ਼ਿਲ੍ਹੇ ਵਿੱਚ ਸਰਹੱਦ ਨੇੜੇ ਇੱਕ ਚੌਕੀ ’ਤੇ ਦੋ ਪੁਲਿਸ ਮੁਲਾਜ਼ਮਾਂ ਦੀ ਹੱਤਿਆ ਕੀਤੀ ਗਈ ਅਤੇ ਕਈ ਹੋਰ ਥਾਣੇਦਾਰਾਂ ’ਤੇ ਵੀ ਹਮਲੇ ਹੋਏ। ਬਿੱਟਾ ਨੇ ਦੋਸ਼ ਲਾਇਆ ਕਿ ਵਿਦੇਸ਼ਾਂ ਵਿੱਚ ਬੈਠੀਆਂ ਦੇਸ਼ ਵਿਰੋਧੀ ਤਾਕਤਾਂ ਪੰਜਾਬ ਦਾ ਮਾਹੌਲ ਖ਼ਰਾਬ ਕਰਨਾ ਚਾਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਸਾਡੇ ਬਹਾਦਰ ਸੁਰੱਖਿਆ ਕਰਮਚਾਰੀ ਅਜਿਹੇ ਹਾਲਾਤ ਨਾਲ ਨਜਿੱਠਣਾ ਚੰਗੀ ਤਰ੍ਹਾਂ ਜਾਣਦੇ ਹਨ।
ਬਿੱਟਾ ਨੇ ਕਿਹਾ ਕਿ ਪੰਜਾਬ ਵਿੱਚ ਅੱਤਵਾਦ ਦੇ ਦੌਰ ਦੌਰਾਨ ਵੀ ਪੁਲਿਸ ਨੇ ਆਪਣੀਆਂ ਜਾਨਾਂ ਦੀ ਕੁਰਬਾਨੀ ਦੇ ਕੇ ਅਮਨ-ਸ਼ਾਂਤੀ ਬਹਾਲ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ ਸੀ। ਉਸ ਸਮੇਂ ਕਈ ਸਿਆਸੀ ਆਗੂਆਂ ਨੇ ਵੀ ਕੁਰਬਾਨੀਆਂ ਦਿੱਤੀਆਂ ਸਨ। ਇਸ ਲਈ ਸਾਨੂੰ ਪੁਲਿਸ ਮੁਲਾਜ਼ਮਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ।
ਆਪਣੇ ’ਤੇ ਹੋਏ ਹਮਲਿਆਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ, “ਮੈਂ ਹਮੇਸ਼ਾ ਦੇਸ਼ ਵਿਰੋਧੀ ਤਾਕਤਾਂ ਖ਼ਿਲਾਫ਼ ਲੜਦਾ ਰਿਹਾ ਹਾਂ। ਮੇਰੀ ਆਵਾਜ਼ ਦਬਾਉਣ ਲਈ ਮੇਰੇ ’ਤੇ ਕਈ ਵਾਰ ਬੰਬ ਧਮਾਕੇ ਕੀਤੇ ਗਏ, ਜਿਨ੍ਹਾਂ ਵਿੱਚ ਮੇਰੇ ਕਈ ਸੁਰੱਖਿਆ ਕਰਮਚਾਰੀ ਅਤੇ ਆਮ ਨਾਗਰਿਕ ਸ਼ਹੀਦ ਹੋਏ ਅਤੇ ਜ਼ਖ਼ਮੀ ਵੀ ਹੋਏ। ਪਰ ਮੈਂ ਆਪਣੀ ਲੜਾਈ ਜਾਰੀ ਰੱਖੀ ਹੈ ਅਤੇ ਆਖ਼ਰੀ ਸਾਹ ਤੱਕ ਜਾਰੀ ਰੱਖਾਂਗਾ।”
ਉਨ੍ਹਾਂ ਸਾਰੀਆਂ ਸਿਆਸੀ ਅਤੇ ਸਮਾਜਿਕ ਜਥੇਬੰਦੀਆਂ ਨੂੰ ਇੱਕ ਮੰਚ ’ਤੇ ਇਕੱਠੇ ਹੋ ਕੇ ਦੇਸ਼ ਵਿਰੋਧੀ ਤਾਕਤਾਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਦੀ ਅਪੀਲ ਕੀਤੀ। ਬਿੱਟਾ ਨੇ ਕਿਹਾ ਕਿ ਅੱਜ ਗੈਂਗਸਟਰਾਂ, ਤਸਕਰਾਂ ਅਤੇ ਅੱਤਵਾਦੀਆਂ ਦਾ ਗਠਜੋੜ ਦੇਸ਼ ਲਈ ਵੱਡਾ ਖ਼ਤਰਾ ਬਣ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਕੇਂਦਰ ਅਤੇ ਪੰਜਾਬ ਦੀਆਂ ਸੁਰੱਖਿਆ ਏਜੰਸੀਆਂ ਅਤੇ ਸੁਰੱਖਿਆ ਬਲ ਇਸ ’ਤੇ ਕਾਬੂ ਪਾਉਣ ਲਈ ਦਿਨ-ਰਾਤ ਯਤਨ ਕਰ ਰਹੇ ਹਨ, ਪਰ ਖੁਫੀਆ ਏਜੰਸੀਆਂ ਅਤੇ ਸੁਰੱਖਿਆ ਬਲਾਂ ਨੂੰ ਹੋਰ ਵੀ ਚੌਕਸ ਰਹਿਣ ਦੀ ਲੋੜ ਹੈ।
ਅੰਤ ਵਿੱਚ ਉਨ੍ਹਾਂ ਸਮਾਜ ਸੇਵੀ ਸੰਸਥਾਵਾਂ, ਸਿਆਸੀ ਆਗੂਆਂ, ਗਾਇਕਾਂ ਅਤੇ ਧਾਰਮਿਕ ਪ੍ਰਚਾਰਕਾਂ ਨੂੰ ਅਪੀਲ ਕੀਤੀ ਕਿ ਉਹ ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਜਾਗਰੂਕਤਾ ਕੈਂਪ ਲਗਾ ਕੇ ਨੌਜਵਾਨਾਂ ਨੂੰ ਜਾਗਰੂਕ ਕਰਨ, ਤਾਂ ਜੋ ਉਹ ਦੇਸ਼ ਵਿਰੋਧੀ ਗਤੀਵਿਧੀਆਂ ਤੋਂ ਦੂਰ ਰਹਿ ਕੇ ਪੜ੍ਹਾਈ ’ਤੇ ਧਿਆਨ ਦੇਣ ਅਤੇ ਦੇਸ਼ ਦਾ ਨਾਮ ਰੌਸ਼ਨ ਕਰਨ।
ਇਸ ਮੌਕੇ ਉਨ੍ਹਾਂ ਦੇ ਨਾਲ ਨੈਸ਼ਨਲ ਜਨਰਲ ਸਕੱਤਰ ਸਾਹਿਬ ਸਿੰਘ, ਪ੍ਰਸਿੱਧ ਸਮਾਜ ਸੇਵੀ ਕਾਕਾ ਚੋਪੜਾ ਅਤੇ ਪੰਜਾਬ ਦੇ ਜਨਰਲ ਸਕੱਤਰ ਪਵਨ ਸੈਣੀ ਵੀ ਮੌਜੂਦ ਸਨ।
















