ਅੰਮ੍ਰਿਤਸਰ, 26 ਸਤੰਬਰ (ਕੇ.ਐਲ. ਜੀਤ ਵਾਲੀਆ)- ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ ਜੋਤ ਕੌਰ ਵੱਲੋਂ ਅੱਜ ‘ਮਾਨ ਦੇ ਮੁਨਾਫੇ’ ਮੁਹਿੰਮ ਤਹਿਤ ਹਲਕੇ ਦੇ ਵਾਰਡ ਨੰਬਰ 18, ਵੇਰਕਾ ਵਿਖੇ ਘਰ-ਘਰ ਜਾ ਕੇ ਲੋਕਾਂ ਨੂੰ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਵੱਖ-ਵੱਖ ਲੋਕ ਭਲਾਈ ਸਹੂਲਤਾਂ ਅਤੇ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ ਗਈ।
ਇਸ ਮੌਕੇ ਵਿਧਾਇਕਾ ਜੀਵਨ ਜੋਤ ਕੌਰ ਨੇ ਲੋਕਾਂ ਨੂੰ ਸਰਕਾਰ ਵੱਲੋਂ ਹਰ ਮਹੀਨੇ 300 ਯੂਨਿਟ ਮੁਫ਼ਤ ਬਿਜਲੀ, ਮਾਵਾਂ-ਧੀਆਂ ਸਤਿਕਾਰ ਯੋਜਨਾ, ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ, ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸਮੇਤ ਹੋਰ ਭਲਾਈ ਸਕੀਮਾਂ ਬਾਰੇ ਵਿਸਥਾਰਪੂਰਵਕ ਜਾਣੂ ਕਰਵਾਇਆ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਵੱਖ-ਵੱਖ ਸਹੂਲਤਾਂ ਨਾਲ ਆਮ ਪਰਿਵਾਰਾਂ ਨੂੰ ਆਰਥਿਕ ਤੌਰ ’ਤੇ ਵੱਡਾ ਲਾਭ ਹੋ ਰਿਹਾ ਹੈ। ਇਨ੍ਹਾਂ ਯੋਜਨਾਵਾਂ ਸਦਕਾ ਲੋਕਾਂ ਦੇ ਪੈਸੇ ਦੀ ਬੱਚਤ ਹੋ ਰਹੀ ਹੈ, ਜਿਸ ਨੂੰ ਉਹ ਆਪਣੇ ਪਰਿਵਾਰਾਂ ਦੀ ਬਿਹਤਰੀ, ਬੱਚਿਆਂ ਦੀ ਪੜ੍ਹਾਈ ਅਤੇ ਹੋਰ ਜ਼ਰੂਰੀ ਲੋੜਾਂ ’ਤੇ ਖਰਚ ਕਰ ਸਕਦੇ ਹਨ।
ਵਿਧਾਇਕਾ ਨੇ ਕਿਹਾ ਕਿ ‘ਮਾਨ ਦੇ ਮੁਨਾਫੇ’ ਮੁਹਿੰਮ ਦਾ ਮੁੱਖ ਮੰਤਵ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਹਰ ਯੋਗ ਪਰਿਵਾਰ ਤੱਕ ਪਹੁੰਚਾਉਣਾ ਅਤੇ ਲੋਕਾਂ ਨੂੰ ਉਨ੍ਹਾਂ ਦੇ ਹੱਕਾਂ ਤੇ ਸਹੂਲਤਾਂ ਬਾਰੇ ਜਾਗਰੂਕ ਕਰਨਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਆਮ ਲੋਕਾਂ ਦੀ ਭਲਾਈ ਅਤੇ ਜੀਵਨ ਪੱਧਰ ਨੂੰ ਬਿਹਤਰ ਬਣਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।
ਇਸ ਮੌਕੇ ਆਮ ਆਦਮੀ ਪਾਰਟੀ ਲੀਗਲ ਵਿੰਗ ਮਾਝਾ ਜੋਨ ਦੇ ਚੇਅਰਮੈਨ ਅਤੇ ਬਲਾਕ ਵੇਰਕਾ ਦੇ ਪ੍ਰਧਾਨ ਐਡਵੋਕੇਟ ਹਰਪਾਲ ਸਿੰਘ ਨਿਜਰ,’ਆਪ’ ਟਰੇਡ ਕਮਿਸ਼ਨ ਹਲਕਾ ਪੂਰਬੀ ਦੇ ਚੇਅਰਮੈਨ ਕਪਿਲ ਚੱਡਾ, ਆਗੂ ਰਾਣਾ ਵੇਰਕਾ, ਪੀਏ ਮਨਿੰਦਰ ਸਿੰਘ, ਦਲਜੀਤ ਸਿੰਘ, ਆਸੂ ਬਾਂਸਲ ਅਤੇ ਪਾਰਟੀ ਦੇ ਹੋਰ ਅਹੁਦੇਦਾਰ ਵੀ ਹਾਜ਼ਰ ਸਨ, ਜਿਨ੍ਹਾਂ ਨੇ ਲੋਕਾਂ ਨਾਲ ਮੁਲਾਕਾਤ ਕਰਕੇ ਸਰਕਾਰ ਦੀਆਂ ਭਲਾਈ ਯੋਜਨਾਵਾਂ ਬਾਰੇ ਜਾਣਕਾਰੀ ਸਾਂਝੀ ਕੀਤੀ।
















