ਅੰਮ੍ਰਿਤਸਰ, 17 ਮਈ (ਕੇ. ਐਲ. ਜੀਤ ਵਾਲੀਆ) – ਆਮ ਆਦਮੀ ਪਾਰਟੀ ਟਰੇਡ ਵਿੰਗ ਹਲਕਾ ਪੂਰਬੀ ਦੇ ਚੇਅਰਮੈਨ ਅਤੇ ਪਾਰਟੀ ਦੇ ਸੀਨੀਅਰ ਆਗੂ ਕਪਿਲ ਚੱਢਾ ਨੇ ਹਲਕਾ ਪੂਰਬੀ ਦੀ ਵਿਧਾਇਕਾ ਜੀਵਨ ਜੋਤ ਕੌਰ ਵੱਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਹਲਕੇ ਵਿੱਚ ਜਿੰਨਾ ਵਿਆਪਕ ਅਤੇ ਲੋਕ-ਹਿਤੈਸ਼ੀ ਵਿਕਾਸ ਮੌਜੂਦਾ ਸਰਕਾਰ ਦੇ ਕਾਰਜਕਾਲ ਦੌਰਾਨ ਹੋਇਆ ਹੈ, ਉਹ ਪਹਿਲਾਂ ਕਿਸੇ ਵੀ ਸਰਕਾਰ ਵੱਲੋਂ ਨਹੀਂ ਕਰਵਾਇਆ ਗਿਆ।
ਕਪਿਲ ਚੱਢਾ ਨੇ ਕਿਹਾ ਕਿ ਵਿਧਾਇਕਾ ਜੀਵਨ ਜੋਤ ਕੌਰ ਸਿਰਫ਼ ਵਿਕਾਸ ਕਾਰਜਾਂ ਤੱਕ ਹੀ ਸੀਮਿਤ ਨਹੀਂ ਹਨ, ਸਗੋਂ ਉਹ ਖੁਦ ਲੋਕਾਂ ਦੇ ਵਿਚ ਪਹੁੰਚ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਦੀਆਂ ਹਨ ਅਤੇ ਤੁਰੰਤ ਹੱਲ ਯਕੀਨੀ ਬਣਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਹਲਕਾ ਪੂਰਬੀ ਵਿੱਚ ਸੜਕਾਂ, ਗਲੀਆਂ, ਸੀਵਰੇਜ, ਸਟਰੀਟ ਲਾਈਟਾਂ ਅਤੇ ਹੋਰ ਬੁਨਿਆਦੀ ਸੁਵਿਧਾਵਾਂ ਵਿੱਚ ਬੇਮਿਸਾਲ ਸੁਧਾਰ ਆਇਆ ਹੈ, ਜਿਸ ਨਾਲ ਲੋਕਾਂ ਨੂੰ ਸਿੱਧਾ ਲਾਭ ਮਿਲ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਵਿਧਾਇਕਾ ਜੀਵਨ ਜੋਤ ਕੌਰ ਨੇ ਖਾਸ ਤੌਰ ‘ਤੇ ਵਪਾਰੀਆਂ ਦੀਆਂ ਮੁਸ਼ਕਿਲਾਂ ਦੇ ਨਿਪਟਾਰੇ ਲਈ ਦਿਸ਼ਾ-ਨਿਰਦੇਸ਼ ਦਿੱਤੇ ਹਨ। ਉਨ੍ਹਾਂ ਨੇ ਕਿਹਾ ਕਿ ਵਪਾਰੀਆਂ ਕੋਲ ਜਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਜਾਣ ਅਤੇ ਤਰਜੀਹ ਦੇ ਆਧਾਰ ‘ਤੇ ਉਨ੍ਹਾਂ ਦਾ ਹੱਲ ਕੀਤਾ ਜਾਵੇ, ਤਾਂ ਜੋ ਵਪਾਰਕ ਮਾਹੌਲ ਹੋਰ ਮਜ਼ਬੂਤ ਹੋ ਸਕੇ।
ਕਪਿਲ ਚੱਢਾ ਨੇ ਕਿਹਾ ਕਿ ਪੰਜਾਬ ਦੇ ਵਪਾਰੀ ਸੂਬੇ ਦੀ ਅਰਥਵਿਵਸਥਾ ਦੀ ਰੀੜ੍ਹ ਦੀ ਹੱਡੀ ਹਨ। ਜੇਕਰ ਉਨ੍ਹਾਂ ਨੂੰ ਬਿਨਾਂ ਕਿਸੇ ਰੁਕਾਵਟ ਅਤੇ ਪਰੇਸ਼ਾਨੀ ਦੇ ਖੁੱਲ੍ਹੇ ਮਨ ਨਾਲ ਆਪਣਾ ਕਾਰੋਬਾਰ ਕਰਨ ਦਾ ਮੌਕਾ ਮਿਲੇ, ਤਾਂ ਪੰਜਾਬ ਆਰਥਿਕ ਤੌਰ ‘ਤੇ ਹੋਰ ਮਜ਼ਬੂਤ ਹੋਵੇਗਾ ਅਤੇ ਤਰੱਕੀ ਦੀਆਂ ਨਵੀਆਂ ਬੁਲੰਦੀਆਂ ਨੂੰ ਛੂਹੇਗਾ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਹਰ ਵਰਗ ਦੀਆਂ ਉਮੀਦਾਂ ‘ਤੇ ਖਰਾ ਉਤਰ ਰਹੀ ਹੈ। ਹਲਕਾ ਪੂਰਬੀ ਵਿੱਚ ਹੋ ਰਹੇ ਵਿਕਾਸ ਕਾਰਜ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ ਇਸ ਗੱਲ ਦਾ ਸਪੱਸ਼ਟ ਸਬੂਤ ਹੈ।
















