ਟਰੇਡ ਕਮਿਸ਼ਨ ਵਪਾਰੀਆਂ ਅਤੇ ਸਰਕਾਰ ਵਿਚਕਾਰ ਮਜ਼ਬੂਤ ਪੁਲ ਦੀ ਭੂਮਿਕਾ ਨਿਭਾ ਰਿਹਾ ਹੈ
ਅੰਮ੍ਰਿਤਸਰ, 3 ਜੂਨ (ਕੇ.ਐਲ. ਜੀਤ ਵਾਲੀਆ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਵਪਾਰੀਆਂ ਅਤੇ ਕਾਰੋਬਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਕੜੀ ਤਹਿਤ ਪੰਜਾਬ ਟਰੇਡ ਕਮਿਸ਼ਨ ਵੱਲੋਂ ਵਪਾਰੀਆਂ ਦੇ ਕੋਲ ਪਹੁੰਚ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਨੂੰ ਸੁਣਿਆ ਜਾ ਰਿਹਾ ਹੈ ਅਤੇ ਸਬੰਧਤ ਵਿਭਾਗਾਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਪਹਿਲ ਦੇ ਆਧਾਰ ‘ਤੇ ਉਨ੍ਹਾਂ ਦਾ ਹੱਲ ਯਕੀਨੀ ਬਣਾਇਆ ਜਾ ਰਿਹਾ ਹੈ।
ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਆਮ ਆਦਮੀ ਪਾਰਟੀ ਟਰੇਡ ਕਮਿਸ਼ਨ ਹਲਕਾ ਪੂਰਬੀ ਦੇ ਚੇਅਰਮੈਨ ਕਪਿਲ ਚੱਡਾ ਨੇ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਹੈ ਕਿ ਵਪਾਰੀ ਵਰਗ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰਸ਼ਾਸਨਿਕ ਜਾਂ ਵਿਭਾਗੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਉਨ੍ਹਾਂ ਦੇ ਕੰਮ ਸਮੇਂ ਸਿਰ ਅਤੇ ਪਾਰਦਰਸ਼ੀ ਢੰਗ ਨਾਲ ਹੋਣ।
ਕਪਿਲ ਚੱਡਾ ਨੇ ਕਿਹਾ ਕਿ ਟਰੇਡ ਕਮਿਸ਼ਨ ਵੱਲੋਂ ਵਪਾਰੀਆਂ ਨਾਲ ਲਗਾਤਾਰ ਸੰਪਰਕ ਬਣਾਇਆ ਜਾ ਰਿਹਾ ਹੈ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਿੱਧੇ ਤੌਰ ‘ਤੇ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆਂਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਪਾਰ ਅਤੇ ਉਦਯੋਗ ਨੂੰ ਹੋਰ ਮਜ਼ਬੂਤ ਕਰਨ ਲਈ ਵਚਨਬੱਧ ਹੈ ਅਤੇ ਵਪਾਰੀਆਂ ਦੇ ਹਿੱਤਾਂ ਦੀ ਰੱਖਿਆ ਲਈ ਹਰ ਸੰਭਵ ਕਦਮ ਚੁੱਕੇ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਵਪਾਰੀ ਵਰਗ ਪੰਜਾਬ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹੈ ਅਤੇ ਸਰਕਾਰ ਉਨ੍ਹਾਂ ਨੂੰ ਬਿਹਤਰ ਮਾਹੌਲ ਅਤੇ ਸਹੂਲਤਾਂ ਪ੍ਰਦਾਨ ਕਰਨ ਲਈ ਲਗਾਤਾਰ ਯਤਨਸ਼ੀਲ ਹੈ। ਟਰੇਡ ਕਮਿਸ਼ਨ ਦਾ ਮੁੱਖ ਉਦੇਸ਼ ਵਪਾਰੀਆਂ ਅਤੇ ਸਰਕਾਰ ਵਿਚਕਾਰ ਇੱਕ ਪ੍ਰਭਾਵਸ਼ਾਲੀ ਕੜੀ ਬਣ ਕੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਅਤੇ ਮੁਸ਼ਕਿਲਾਂ ਦਾ ਸਮੇਂ ਸਿਰ ਹੱਲ ਕਰਵਾਉਣਾ ਹੈ।
ਕਪਿਲ ਚੱਡਾ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਨੀਤੀਆਂ ਅਤੇ ਟਰੇਡ ਕਮਿਸ਼ਨ ਦੇ ਯਤਨਾਂ ਸਦਕਾ ਵਪਾਰੀ ਵਰਗ ਵਿੱਚ ਵਿਸ਼ਵਾਸ ਅਤੇ ਸੰਤੁਸ਼ਟੀ ਦਾ ਮਾਹੌਲ ਬਣਿਆ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਭਵਿੱਖ ਵਿੱਚ ਵੀ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਵਾਉਣ ਲਈ ਇਹ ਯਤਨ ਨਿਰੰਤਰ ਜਾਰੀ ਰਹਿਣਗੇ।
















