ਅੰਮ੍ਰਿਤਸਰ, 10 ਜੂਨ ( ਕੇ.ਐਲ. ਜੀਤ ਵਾਲੀਆ)- ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਅੱਜ ਭੰਡਾਰੀ ਪੁੱਲ ਵਿਖੇ ਜ਼ਿਲ੍ਹਾ ਅੰਮ੍ਰਿਤਸਰ ਸ਼ਹਿਰੀ ਦਫ਼ਤਰ ਵੱਲੋਂ “ਈ-ਰਿਕਸ਼ਾ ਕਮ ਮੋਬਾਈਲ ਸ਼ਿਕਾਇਤ ਬਾਕਸ” ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਪੰਜਾਬ ਲਘੂ ਉਦਯੋਗ ਤੇ ਨਿਰਯਾਤ ਨਿਗਮ ਦੇ ਵਾਈਸ ਚੇਅਰਮੈਨ ਅਤੇ ਪਾਰਟੀ ਦੇ ਲੋਕ ਸਭਾ ਹਲਕਾ ਇੰਚਾਰਜ ਜਸਕਰਨ ਸਿੰਘ ਬੰਦੇਸ਼ਾ, ਪਨਸਪ ਦੇ ਚੇਅਰਮੈਨ ਪ੍ਰਭਬੀਰ ਸਿੰਘ ਬਰਾੜ ਅਤੇ ਨਸ਼ਾ ਮੁਕਤੀ ਮੋਰਚਾ ਦੇ ਮਾਝਾ ਕੋਆਰਡੀਨੇਟਰ ਦਿਕਸ਼ਤ ਧਵਨ ਵੱਲੋਂ ਈ-ਰਿਕਸ਼ਿਆਂ ਨੂੰ ਹਰੀ ਝੰਡੀ ਦੇ ਕੇ ਜਾਗਰੂਕਤਾ ਮੁਹਿੰਮ ਦਾ ਆਗਾਜ਼ ਕੀਤਾ ਗਿਆ।
ਇਸ ਮੌਕੇ ਪੰਜਾਬ ਲਘੂ ਉਦਯੋਗ ਤੇ ਨਿਰਯਾਤ ਨਿਗਮ ਦੇ ਵਾਈਸ ਚੇਅਰਮੈਨ ਜਸਕਰਨ ਸਿੰਘ ਬੰਦੇਸ਼ਾ ਨੇ ਸੰਬੋਧਨ ਨੇ ਕਿਹਾ ਕਿ ਇਸ ਮੁਹਿੰਮ ਤਹਿਤ ਈ-ਰਿਕਸ਼ੇ ਅੰਮ੍ਰਿਤਸਰ ਸ਼ਹਿਰ ਦੇ ਹਰ ਵਿਧਾਨ ਸਭਾ ਹਲਕੇ, ਹਰ ਵਾਰਡ ਅਤੇ ਹਰ ਮੁਹੱਲੇ ਵਿੱਚ ਜਾ ਕੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨਗੇ ਅਤੇ ਸ਼ਹਿਰ ਵਾਸੀਆਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਕਰਨਗੇ।
ਜਸਕਰਨ ਸਿੰਘ ਬੰਦੇਸ਼ਾ ਨੇ ਦੱਸਿਆ ਕਿ ਇਨ੍ਹਾਂ ਈ-ਰਿਕਸ਼ਿਆਂ ਉੱਪਰ ਇੱਕ ਵਿਸ਼ੇਸ਼ ਸ਼ਿਕਾਇਤ ਬਾਕਸ ਵੀ ਲਗਾਇਆ ਗਿਆ ਹੈ, ਜਿਸ ਵਿੱਚ ਲੋਕ ਨਸ਼ਾ ਤਸਕਰਾਂ ਖਿਲਾਫ ਬਿਨਾਂ ਆਪਣੀ ਪਛਾਣ ਦੱਸੇ ਸ਼ਿਕਾਇਤ ਦਰਜ ਕਰ ਸਕਣਗੇ। ਉਨ੍ਹਾਂ ਕਿਹਾ ਕਿ ਸ਼ਿਕਾਇਤ ਬਕਸ਼ੇ ਵਿੱਚ ਜਿਸ ਵੀ ਨਸ਼ਾ ਤਸਕਰ ਦੀ ਸੂਚਨਾ ਮਿਲੇਗੀ ਉਸ ਖਿਲਾਫ਼ ਤੁਰੰਤ ਸਖਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਲੋਕਾਂ ਦੀ ਭਾਗੀਦਾਰੀ ਨਾਲ ਨਸ਼ਾ ਤਸਕਰੀ ਖਿਲਾਫ ਕਾਰਵਾਈ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਜਾ ਸਕੇਗਾ।
ਪਨਸਪ ਦੇ ਚੇਅਰਮੈਨ ਪ੍ਰਭਬੀਰ ਸਿੰਘ ਬਰਾੜ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਵੱਧ ਤੋਂ ਵੱਧ ਸਹਿਯੋਗ ਦੇਣ ਤਾਂ ਜੋ ਨਸ਼ੇ ਦੀ ਬੁਰਾਈ ਨੂੰ ਹਰ ਮੁਹੱਲੇ, ਹਰ ਗਲੀ ਅਤੇ ਹਰ ਘਰ ਵਿਚੋਂ ਜੜ੍ਹ ਤੋਂ ਖਤਮ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਨਸ਼ਿਆਂ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਫੈਸਲਾਕੁੰਨ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਇਸ ਦੇ ਹੁਣ ਤੱਕ ਹਾਂ-ਪੱਖੀ ਨਤੀਜੇ ਵੀ ਸਾਹਮਣੇ ਆਏ ਹਨ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤੀ ਮੋਰਚਾ ਦੇ ਸਾਰੇ ਵਲੰਟੀਅਰਜ਼ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਬਹੁਤ ਵਧੀਆ ਕੰਮ ਕਰ ਰਹੇ ਹਨ।
ਇਹ ਪ੍ਰੋਗਰਾਮ ਦੀਕਸ਼ਿਤ ਧਵਨ (ਮਾਝਾ ਜ਼ੋਨ ਇੰਚਾਰਜ, ਨਸ਼ਾ ਮੁਕਤੀ ਮੋਰਚਾ ਪੰਜਾਬ) ਦੀ ਅਗਵਾਈ ਹੇਠ ਆਯੋਜਿਤ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਅੱਜ ਦੀ ‘ਈ-ਰਿਕਸ਼ਾ ਕਮ ਮੋਬਾਈਲ ਸ਼ਿਕਾਇਤ ਬਾਕਸ’ ਮੁਹਿੰਮ ਸ਼ਹਿਰ ਦੇ ਪੰਜਾਬ ਵਿਧਾਨ ਸਭਾ ਹਲਕਿਆਂ ਵਿੱਚ ਜਾਵੇਗੀ। ਇਸ ਤੋਂ ਬਾਅਦ ਜ਼ਿਲ੍ਹੇ ਦੇ ਬਾਕੀ ਰਹਿੰਦੇ ਵਿਧਾਨ ਸਭਾ ਹਲਕਿਆਂ ਵਿੱਚ ਵੀ ਇਹ ਮੁਹਿੰਮ ਚਲਾਈ ਜਾਵੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਮੁਕਤੀ ਮੁਹਿੰਮ ਨਾਲ ਜੁੜਨ ਅਤੇ ਆਪਣੇ ਪੰਜਾਬ ਨੂੰ ਨਸ਼ਾ ਮੁਕਤ ਕਰਕੇ ਮੁੜ ਰੰਗਲਾ ਪੰਜਾਬ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਹਨੀ ਨਾਹਰ (ਜ਼ਿਲ੍ਹਾ ਵਾਈਸ ਪ੍ਰਧਾਨ, ਅੰਮ੍ਰਿਤਸਰ ਸ਼ਹਿਰੀ), ਮਨਜੀਤ ਸਿੰਘ ਫੌਜੀ (ਹਲਕਾ ਇੰਚਾਰਜ ਦੱਖਣੀ), ਜੈ ਕੁਸ਼ ਬੁੱਟਰ (ਹਲਕਾ ਇੰਚਾਰਜ ਸੈਂਟਰਲ), ਸਾਹਿਬ ਸਿੰਘ ਗਿੱਲ (ਹਲਕਾ ਇੰਚਾਰਜ ਈਸਟ), ਰਾਹੁਲ ਸੇਠ (ਹਲਕਾ ਇੰਚਾਰਜ ਨਾਰਥ) ਅਤੇ ਕੁਲਵੰਤ ਸਿੰਘ ਵਡਾਲੀ (ਹਲਕਾ ਇੰਚਾਰਜ ਵੈਸਟ) ਸਮੇਤ ਵੱਡੀ ਗਿਣਤੀ ਵਿੱਚ ਵਰਕਰ ਅਤੇ ਆਗੂ ਹਾਜ਼ਰ ਸਨ।
















