ਮੌਕੇ ‘ਤੇ ਕਈ ਮਸਲੇ ਸੁਲਝਾਏ ਗਏ : ਸ਼ੀਤਲ ਜੁਨੇਜਾ
ਟਰੇਡਰ ਕਮਿਸ਼ਨ ਪੰਜਾਬ ਵੱਲੋਂ ਪੁਤਲੀਘਰ ਵਿਖੇ ਵਿਸ਼ੇਸ਼ ਬੈਠਕ,
ਮਾਨ ਅਤੇ ਅਰੋੜਾ ਵੱਲੋਂ ਵਪਾਰੀਆਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਦਾ ਭਰੋਸਾ
ਅੰਮ੍ਰਿਤਸਰ, 13 ਜੂਨ (ਕੇ.ਐਲ. ਜੀਤ ਵਾਲੀਆ) – ਪੰਜਾਬ ਸਰਕਾਰ ਵੱਲੋਂ ਵਪਾਰੀਆਂ, ਦੁਕਾਨਦਾਰਾਂ ਅਤੇ ਉਦਯੋਗਪਤੀਆਂ ਦੀਆਂ ਸਮੱਸਿਆਵਾਂ ਨੂੰ ਤਰਜੀਹੀ ਆਧਾਰ ‘ਤੇ ਹੱਲ ਕਰਨ ਦੇ ਮਕਸਦ ਨਾਲ ਟਰੇਡਰ ਕਮਿਸ਼ਨ ਪੰਜਾਬ ਦੇ ਚੇਅਰਮੈਨ ਸ਼ੀਤਲ ਜੁਨੇਜਾ ਅਤੇ ਟਰੇਡਰ ਕਮਿਸ਼ਨ ਅੰਮ੍ਰਿਤਸਰ ਵੈਸਟ ਦੇ ਚੇਅਰਮੈਨ ਮਨਜੀਤ ਸਿੰਘ ਮਾਨ ਦੀ ਅਗਵਾਈ ਹੇਠ ਪੁਤਲੀਘਰ ਵਿਖੇ ਇੱਕ ਵਿਸ਼ੇਸ਼ ਬੈਠਕ ਦਾ ਆਯੋਜਨ ਕੀਤਾ ਗਿਆ। ਬੈਠਕ ਵਿੱਚ ਵਪਾਰੀਆਂ ਨੇ ਆਪਣੇ ਕਾਰੋਬਾਰ ਨਾਲ ਸਬੰਧਤ ਵੱਖ-ਵੱਖ ਮੁੱਦੇ ਅਤੇ ਮੁਸ਼ਕਲਾਂ ਅਧਿਕਾਰੀਆਂ ਸਾਹਮਣੇ ਰੱਖੀਆਂ।
ਇਸ ਮੌਕੇ ਅੰਮ੍ਰਿਤਸਰ ਵੈਸਟ ਦੇ ਏਸੀਪੀ ਕਮਲਜੀਤ ਸਿੰਘ, ਐਸਐਚਓ ਬਲਜਿਦਰ ਸਿੰਘ, ਬਲਾਕ ਇੰਚਾਰਜ ਮਦਨ ਲਾਲ, ਮੰਗਤ ਰਾਮ, ਸੀਨੀਅਰ ਆਗੂ ਸੁਰਜੀਤ ਸਿੰਘ ਮੱਲੀ, ਬਲਵਿੰਦਰ ਸਿੰਘ ਗੋਰਾ, ਸੁਖਦੇਵ ਸਿੰਘ, ਡਿੰਪਲ ਅਰੋੜਾ ਅਤੇ ਬਲਾਕ ਇੰਚਾਰਜ ਸਰਬਜੀਤ ਸਿੰਘ ਸਹੋਤਾ ਸਮੇਤ ਵੱਡੀ ਗਿਣਤੀ ਵਿੱਚ ਵਪਾਰੀ ਅਤੇ ਦੁਕਾਨਦਾਰ ਹਾਜ਼ਰ ਸਨ।
ਬੈਠਕ ਦੌਰਾਨ ਸ਼ੀਤਲ ਜੁਨੇਜਾ ਅਤੇ ਮਨਜੀਤ ਸਿੰਘ ਮਾਨ ਨੇ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਿਆ ਅਤੇ ਸਬੰਧਤ ਅਧਿਕਾਰੀਆਂ ਨਾਲ ਮੌਕੇ ‘ਤੇ ਹੀ ਵਿਚਾਰ-ਵਟਾਂਦਰਾ ਕਰਕੇ ਕਈ ਮੁਸ਼ਕਲਾਂ ਦਾ ਤੁਰੰਤ ਨਿਪਟਾਰਾ ਕਰਵਾਇਆ। ਜਿਨ੍ਹਾਂ ਮਾਮਲਿਆਂ ਦਾ ਤੁਰੰਤ ਹੱਲ ਸੰਭਵ ਨਹੀਂ ਸੀ, ਉਨ੍ਹਾਂ ਨੂੰ ਪੰਜਾਬ ਸਰਕਾਰ ਦੇ ਸਬੰਧਤ ਵਿਭਾਗਾਂ ਕੋਲ ਪਹੁੰਚਾ ਕੇ ਜਲਦ ਹੱਲ ਕਰਵਾਉਣ ਦਾ ਭਰੋਸਾ ਦਿੱਤਾ ਗਿਆ।
ਇਸ ਮੌਕੇ ਸ਼ੀਤਲ ਜੁਨੇਜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਪਾਰੀਆਂ, ਉਦਯੋਗਪਤੀਆਂ ਅਤੇ ਦੁਕਾਨਦਾਰਾਂ ਨੂੰ ਪੂਰਾ ਮਾਣ-ਸਨਮਾਨ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਕੋਸ਼ਿਸ਼ ਹੈ ਕਿ ਵਪਾਰੀਆਂ ਨੂੰ ਦਫ਼ਤਰਾਂ ਦੇ ਚੱਕਰ ਨਾ ਕੱਟਣੇ ਪੈਣ, ਸਗੋਂ ਉਨ੍ਹਾਂ ਦੀਆਂ ਸਮੱਸਿਆਵਾਂ ਉਨ੍ਹਾਂ ਦੇ ਕੋਲ ਜਾ ਕੇ ਹੀ ਪਹਿਲ ਦੇ ਆਧਾਰ ‘ਤੇ ਹੱਲ ਕੀਤੀਆਂ ਜਾਣ। ਉਨ੍ਹਾਂ ਕਿਹਾ ਕਿ ਵਪਾਰੀਆਂ ਦਾ ਵਿਕਾਸ ਹੀ ਪੰਜਾਬ ਦੀ ਆਰਥਿਕ ਤਰੱਕੀ ਦੀ ਮਜ਼ਬੂਤ ਨੀਂਹ ਹੈ।
ਚੇਅਰਮੈਨ ਮਨਜੀਤ ਸਿੰਘ ਮਾਨ ਨੇ ਕਿਹਾ ਕਿ ਟਰੇਡਰ ਕਮਿਸ਼ਨ ਵਪਾਰੀਆਂ ਅਤੇ ਸਰਕਾਰ ਵਿਚਕਾਰ ਇੱਕ ਮਜ਼ਬੂਤ ਕੜੀ ਵਜੋਂ ਕੰਮ ਕਰ ਰਿਹਾ ਹੈ ਅਤੇ ਹਰ ਜਾਇਜ਼ ਸਮੱਸਿਆ ਦੇ ਹੱਲ ਲਈ ਪੂਰੀ ਤਨਦੇਹੀ ਨਾਲ ਯਤਨ ਕੀਤੇ ਜਾ ਰਹੇ ਹਨ।
ਇਸ ਦੌਰਾਨ ਡਿੰਪਲ ਅਰੋੜਾ ਅਤੇ ਸੁਰਜੀਤ ਸਿੰਘ ਮੱਲੀ ਨੇ ਆਏ ਹੋਏ ਵਪਾਰੀਆਂ ਅਤੇ ਅਧਿਕਾਰੀਆਂ ਦਾ ਨਿੱਘਾ ਸਵਾਗਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਆਪਣੀ ਸਰਕਾਰ ਹੈ, ਜੋ ਹਰ ਵਰਗ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣ ਕੇ ਉਨ੍ਹਾਂ ਦਾ ਹੱਲ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਬੈਠਕਾਂ ਨਾਲ ਵਪਾਰੀਆਂ ਅਤੇ ਪ੍ਰਸ਼ਾਸਨ ਵਿਚਕਾਰ ਆਪਸੀ ਤਾਲਮੇਲ ਹੋਰ ਮਜ਼ਬੂਤ ਹੋਵੇਗਾ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਤੇਜ਼ੀ ਨਾਲ ਨਿਪਟਾਰਾ ਸੰਭਵ ਹੋ ਸਕੇਗਾ।
















