ਕੈਮਿਸਟ ਭਾਈਚਾਰੇ ਦੀਆਂ ਸਮੱਸਿਆਵਾਂ ਦੇ ਤੁਰੰਤ ਹੱਲ ਦੀ ਕੀਤੀ ਮੰਗ
ਡਰੱਗ ਪਾਲਿਸੀ ਵਿੱਚ ਸੋਧ, H1 ਰਜਿਸਟਰ ਦੀ ਸ਼ਰਤ ਖਤਮ ਕਰਨ, ਆਨਲਾਈਨ ਦਵਾਈ ਵਿਕਰੀ ’ਤੇ ਨਿਗਰਾਨੀ ਅਤੇ ਫਾਰਮਾਸਿਸਟ ਲਾਇਸੈਂਸ ਨਵੀਨੀਕਰਨ ਵਿੱਚ ਰਾਹਤ ਦੀ ਮੰਗ
ਅੰਮ੍ਰਿਤਸਰ, 7 ਜੁਲਾਈ (ਕੇ.ਐਲ. ਜੀਤ ਵਾਲੀਆ):
ਪੰਜਾਬ ਕੈਮਿਸਟ ਐਸੋਸੀਏਸ਼ਨ (ਰਜਿ.), ਜੋ ਆਲ ਇੰਡੀਆ ਆਰਗੇਨਾਈਜ਼ੇਸ਼ਨ ਆਫ ਕੈਮਿਸਟਸ ਐਂਡ ਡਰੱਗਿਸਟਸ (AIOCD) ਨਾਲ ਸੰਬੰਧਿਤ ਹੈ, ਨੇ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੂੰ ਇੱਕ ਵਿਸਥਾਰਪੂਰਵਕ ਮੰਗ ਪੱਤਰ ਭੇਜ ਕੇ ਕੈਮਿਸਟ ਭਾਈਚਾਰੇ ਨਾਲ ਸਬੰਧਤ ਪ੍ਰਸ਼ਾਸਨਿਕ ਅਤੇ ਨੀਤੀਗਤ ਸੁਧਾਰਾਂ ਦੀ ਮੰਗ ਕੀਤੀ ਹੈ। ਐਸੋਸੀਏਸ਼ਨ ਦਾ ਕਹਿਣਾ ਹੈ ਕਿ ਸੂਬੇ ਭਰ ਦੇ 12 ਲੱਖ ਤੋਂ ਵੱਧ ਕੈਮਿਸਟਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਸਰਕਾਰ ਵੱਲੋਂ ਤੁਰੰਤ ਕਦਮ ਚੁੱਕੇ ਜਾਣ ਦੀ ਲੋੜ ਹੈ।
ਪੰਜਾਬ ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਸੁਰਿੰਦਰ ਦੁੱਗਲ ਅਤੇ ਜਨਰਲ ਸਕੱਤਰ ਜੀ. ਐੱਸ. ਚਾਵਲਾ ਵੱਲੋਂ ਭੇਜੇ ਗਏ ਪੱਤਰ ਵਿੱਚ ਦੱਸਿਆ ਗਿਆ ਹੈ ਕਿ 21 ਮਈ 2026 ਨੂੰ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਹੋਈ ਮੀਟਿੰਗ ਦੌਰਾਨ ਵੀ ਇਹ ਮੁੱਦੇ ਉਠਾਏ ਗਏ ਸਨ, ਪਰ ਅਜੇ ਤੱਕ ਕੋਈ ਠੋਸ ਫ਼ੈਸਲਾ ਨਹੀਂ ਲਿਆ ਗਿਆ।
ਐਸੋਸੀਏਸ਼ਨ ਨੇ ਆਪਣੀਆਂ ਮੁੱਖ ਮੰਗਾਂ ਵਿੱਚ ਆਮ ਕੈਮਿਸਟਾਂ ਅਤੇ ਕਾਰਪੋਰੇਟ ਕੰਪਨੀਆਂ ਲਈ ਇੱਕੋ ਜਿਹੀ ਡਰੱਗ ਪਾਲਿਸੀ ਲਾਗੂ ਕਰਨ, ਸ਼ਡਿਊਲ H1 ਰਜਿਸਟਰ ਦੀ ਲਾਜ਼ਮੀ ਸ਼ਰਤ ਖਤਮ ਕਰਨ, ਗੈਰ-ਅਧਿਕਾਰਤ ਐਪਾਂ ਰਾਹੀਂ ਹੋ ਰਹੀ ਆਨਲਾਈਨ ਦਵਾਈਆਂ ਦੀ ਵਿਕਰੀ ’ਤੇ ਸਖ਼ਤ ਕਾਰਵਾਈ ਕਰਨ, ONDLS ਪੋਰਟਲ ਨਾਲ ਜੁੜੀਆਂ ਸਮੱਸਿਆਵਾਂ ਦਾ ਹੱਲ ਕਰਨ ਅਤੇ ਲੰਬੇ ਸਮੇਂ ਤੋਂ ਕਾਰੋਬਾਰ ਕਰ ਰਹੇ ਕੈਮਿਸਟਾਂ ਦੇ ਫਾਰਮਾਸਿਸਟ ਲਾਇਸੈਂਸਾਂ ਦੇ ਨਵੀਨੀਕਰਨ ਲਈ ਹਲਫ਼ਨਾਮੇ ਦੇ ਆਧਾਰ ’ਤੇ ਰਾਹਤ ਦੇਣ ਦੀ ਮੰਗ ਕੀਤੀ ਹੈ।

ਐਸੋਸੀਏਸ਼ਨ ਨੇ ਕਿਹਾ ਕਿ ਪੰਜਾਬ ਦਾ ਕੈਮਿਸਟ ਭਾਈਚਾਰਾ ਹਮੇਸ਼ਾ ਲੋਕਾਂ ਨੂੰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਨਾਲ-ਨਾਲ ਸਰਕਾਰ ਦੀਆਂ ਲੋਕ ਭਲਾਈ ਮੁਹਿੰਮਾਂ, ਹੜ੍ਹਾਂ ਵਰਗੀਆਂ ਆਫ਼ਤਾਂ ਅਤੇ “ਨਸ਼ਾ ਮੁਕਤ ਪੰਜਾਬ” ਵਰਗੇ ਅਭਿਆਨਾਂ ਵਿੱਚ ਵੀ ਸਰਕਾਰ ਦਾ ਪੂਰਾ ਸਾਥ ਦਿੰਦਾ ਆਇਆ ਹੈ। ਇਸ ਲਈ ਸਰਕਾਰ ਨੂੰ ਵੀ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇਣੀ ਚਾਹੀਦੀ ਹੈ।
ਪੰਜਾਬ ਕੈਮਿਸਟ ਐਸੋਸੀਏਸ਼ਨ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨਾਲ ਜਲਦੀ ਨਿੱਜੀ ਮੁਲਾਕਾਤ ਲਈ ਸਮਾਂ ਦੇਣ ਦੀ ਬੇਨਤੀ ਕਰਦਿਆਂ ਆਸ ਜਤਾਈ ਹੈ ਕਿ ਕੈਮਿਸਟ ਭਾਈਚਾਰੇ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਸਮੱਸਿਆਵਾਂ ਦਾ ਜਲਦ ਹੱਲ ਕੀਤਾ ਜਾਵੇਗਾ।
















