ਸਿੰਘ ਸਾਹਿਬਾਨ, ਸ਼੍ਰੋਮਣੀ ਕਮੇਟੀ ਪ੍ਰਧਾਨ, ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ ਸਮੇਤ ਪੰਥ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਕੀਤੀ ਸ਼ਮੂਲੀਅਤ
ਅੰਮ੍ਰਿਤਸਰ, 24 ਜੁਲਾਈ (ਉੱਪਲ ): ਛੇਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਗੁਰਮਤਿ ਸਮਾਗਮ ਸ਼ਰਧਾ ਅਤੇ ਸਤਿਕਾਰ ਨਾਲ ਕਰਵਾਇਆ ਗਿਆ। ਇਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਅਗਵਾਈ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਤੱਕ ਮੀਰੀ-ਪੀਰੀ ਖਾਲਸਾ ਮਾਰਚ ਦੀ ਆਰੰਭਤਾ ਕੀਤੀ ਗਈ।
ਇਸ ਮੌਕੇ ਸਿੰਘ ਸਾਹਿਬਾਨ, ਜਥੇਦਾਰ ਸਾਹਿਬਾਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਅਤੇ ਪੰਥ ਦੀਆਂ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਵਿਸ਼ੇਸ਼ ਤੌਰ ‘ਤੇ ਹਾਜ਼ਰੀ ਭਰੀ।
ਮਾਰਚ ਦੀ ਆਰੰਭਤਾ ਤੋਂ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵੱਲੋਂ ਧਾਰਨ ਕੀਤੀਆਂ ਮੀਰੀ ਅਤੇ ਪੀਰੀ ਦੀਆਂ ਦੋ ਕਿਰਪਾਨਾਂ ਦਾ ਪ੍ਰਤੀਕਾਤਮਕ ਸੰਦੇਸ਼ ਦਿੰਦਿਆਂ ਸਿੱਖ ਕੌਮ ਨੂੰ ਗੁਰਮਤਿ, ਧਾਰਮਿਕ ਅਤੇ ਸਮਾਜਿਕ ਜ਼ਿੰਮੇਵਾਰੀਆਂ ਪ੍ਰਤੀ ਜਾਗਰੂਕ ਰਹਿਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਸ ਖਾਲਸਾ ਮਾਰਚ ਦਾ ਉਦੇਸ਼ ਗੁਰਮਤਿ ਦਾ ਪ੍ਰਚਾਰ-ਪ੍ਰਸਾਰ ਕਰਨਾ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਿਧਾਂਤਾਂ ਅਤੇ ਆਦੇਸ਼ਾਂ ਨਾਲ ਸੰਗਤਾਂ ਨੂੰ ਜੋੜਨਾ ਹੈ।
ਮੀਰੀ-ਪੀਰੀ ਖਾਲਸਾ ਮਾਰਚ ਹਾਲ ਗੇਟ, ਭੰਡਾਰੀ ਪੁੱਲ, ਪੁਤਲੀਘਰ, ਗੁਰੂ ਨਾਨਕ ਦੇਵ ਯੂਨੀਵਰਸਿਟੀ, ਛੇਹਰਟਾ ਸਾਹਿਬ, ਖਾਸਾ, ਘਰਿੰਡਾ, ਅਟਾਰੀ, ਸਰਾਏ ਅਮਾਨਤ ਖਾਂ ਸਮੇਤ ਕਈ ਇਤਿਹਾਸਕ ਪਿੰਡਾਂ ਅਤੇ ਗੁਰਧਾਮਾਂ ਰਾਹੀਂ ਹੁੰਦਾ ਹੋਇਆ ਪਹਿਲੇ ਦਿਨ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ, ਠੱਠਾ (ਤਰਨ ਤਾਰਨ) ਵਿਖੇ ਰਾਤ ਦਾ ਵਿਸ਼ਰਾਮ ਕਰੇਗਾ। ਮਾਰਚ ਦੌਰਾਨ ਸੰਗਤਾਂ ਵੱਲੋਂ ਥਾਂ-ਥਾਂ ‘ਤੇ ਨਿੱਘਾ ਸਵਾਗਤ ਕਰਨ ਦੀਆਂ ਤਿਆਰੀਆਂ ਕੀਤੀਆਂ ਗਈਆਂ ਹਨ।
ਇਹ ਧਾਰਮਿਕ ਯਾਤਰਾ ਸਿੱਖ ਪੰਥ ਦੀ ਮੀਰੀ-ਪੀਰੀ ਦੀ ਮਹਾਨ ਪਰੰਪਰਾ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸੰਦੇਸ਼ ਨੂੰ ਘਰ-ਘਰ ਤੱਕ ਪਹੁੰਚਾਉਣ ਦਾ ਵਿਸ਼ੇਸ਼ ਉਪਰਾਲਾ ਮੰਨਿਆ ਜਾ ਰਿਹਾ ਹੈ।
















