ਸ਼ਾਨਦਾਰ ਸੇਵਾਵਾਂ ਲਈ ਡੀਐਸਪੀ ਸੁਸ਼ੀਲ ਕੁਮਾਰ ਦਾ ਵਿਸ਼ੇਸ਼ ਸਨਮਾਨ
ਅੰਮ੍ਰਿਤਸਰ, 24 ਜੁਲਾਈ (ਕੇ.ਐਲ. ਜੀਤ ਵਾਲੀਆ) – ਐਂਟੀ ਨਾਰਕੋਟਿਕਸ ਬਾਰਡਰ ਰੇਂਜ ਵਿੱਚ ਤਾਇਨਾਤ ਡਿਪਟੀ ਸੁਪਰਿੰਟੈਂਡੈਂਟ ਆਫ਼ ਪੁਲਿਸ (ਡੀਐਸਪੀ) ਸੁਸ਼ੀਲ ਕੁਮਾਰ ਨੂੰ ਪੁਲਿਸ ਵਿਭਾਗ ਵਿੱਚ ਨਿਭਾਈਆਂ ਜਾ ਰਹੀਆਂ ਸ਼ਲਾਘਾਯੋਗ ਸੇਵਾਵਾਂ ਲਈ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਹਜ਼ਰਤ ਬਾਬਾ ਜਾਹਰਾ ਪੀਰ ਦਰਗਾਹ ਦੇ ਮੁੱਖ ਸੇਵਾਦਾਰ ਨਰਿੰਦਰ ਕੁਮਾਰ ਟੀਨੂ, ਨਵ ਨਿਰਮਾਣ ਸੋਸਾਇਟੀ ਦੇ ਚੇਅਰਮੈਨ ਅਰੁਣ ਮਹਾਜਨ, ਡਾ. ਅੰਗਰੇਜ਼ ਸਿੰਘ, ਰਾਜੇਸ਼ ਸ਼ਰਮਾ, ਹੈਲਥ ਕੇਅਰ ਇੰਸ਼ੋਰੈਂਸ ਕੰਪਨੀ ਦੇ ਮੈਨੇਜਰ ਭਾਰਤ ਖੰਨਾ ਅਤੇ ਸਮਾਜ ਸੇਵੀ ਸੰਸਥਾ ‘ਮਾਣ ਧੀਆਂ ਤੇ’ ਦੇ ਪ੍ਰਧਾਨ ਗੁਰਿੰਦਰ ਸਿੰਘ ਮੱਟੂ ਸਮੇਤ ਹੋਰ ਪਤਵੰਤਿਆਂ ਨੇ ਡੀਐਸਪੀ ਸੁਸ਼ੀਲ ਕੁਮਾਰ ਨੂੰ ਫੁੱਲਾਂ ਦਾ ਗੁਲਦਸਤਾ ਅਤੇ ਬਸੰਤੀ ਸਿਰੋਪਾ ਭੇਟ ਕਰਕੇ ਸਨਮਾਨਿਤ ਕੀਤਾ।
ਨੌਜਵਾਨਾਂ ਨੂੰ ਨਸ਼ੇ ਤੋਂ ਬਚਾਉਣ ਲਈ ਸਖ਼ਤ ਕਾਰਵਾਈ ਦੀ ਮੰਗ
ਸਨਮਾਨ ਸਮਾਰੋਹ ਦੌਰਾਨ ਸ਼ਿਸ਼ਟਮੰਡਲ ਨੇ ਬਾਰਡਰ ਰੇਂਜ ਵਿੱਚ ਵੱਧ ਰਹੀ ਨਸ਼ਾ ਤਸਕਰੀ ’ਤੇ ਚਿੰਤਾ ਜਤਾਉਂਦਿਆਂ ਡੀਐਸਪੀ ਸੁਸ਼ੀਲ ਕੁਮਾਰ ਕੋਲ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਨਸ਼ੇ ਦੇ ਕਾਰੋਬਾਰ ’ਤੇ ਪ੍ਰਭਾਵਸ਼ਾਲੀ ਰੋਕ ਲਗਾ ਕੇ ਹੀ ਨੌਜਵਾਨ ਪੀੜ੍ਹੀ ਨੂੰ ਨਸ਼ੇ ਦੀ ਦਲਦਲ ਵਿੱਚ ਫਸਣ ਤੋਂ ਬਚਾਇਆ ਜਾ ਸਕਦਾ ਹੈ।
ਨਸ਼ਾ ਤਸਕਰਾਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ : ਡੀਐਸਪੀ ਸੁਸ਼ੀਲ ਕੁਮਾਰ
ਸ਼ਿਸ਼ਟਮੰਡਲ ਨੂੰ ਸੰਬੋਧਨ ਕਰਦਿਆਂ ਡੀਐਸਪੀ ਸੁਸ਼ੀਲ ਕੁਮਾਰ ਨੇ ਕਿਹਾ ਕਿ ਨਸ਼ਾ ਤਸਕਰ ਹੁਣ ਪੁਲਿਸ ਵਿਭਾਗ ਦੇ ਰਡਾਰ ’ਤੇ ਹਨ ਅਤੇ ਉਨ੍ਹਾਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਐਂਟੀ ਨਾਰਕੋਟਿਕਸ ਵਿਭਾਗ ਨਸ਼ੇ ਦੇ ਨੈੱਟਵਰਕ ਨੂੰ ਜੜ੍ਹੋਂ ਖਤਮ ਕਰਨ ਲਈ ਪੂਰੀ ਗੰਭੀਰਤਾ ਨਾਲ ਕੰਮ ਕਰ ਰਿਹਾ ਹੈ ਅਤੇ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
ਨਸ਼ਾ ਮੁਕਤ ਸਮਾਜ ਲਈ ਲੋਕਾਂ ਦੇ ਸਹਿਯੋਗ ਦੀ ਅਪੀਲ
ਡੀਐਸਪੀ ਸੁਸ਼ੀਲ ਕੁਮਾਰ ਨੇ ਕਿਹਾ ਕਿ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਪੁਲਿਸ ਅਤੇ ਆਮ ਲੋਕਾਂ ਦਾ ਆਪਸੀ ਸਹਿਯੋਗ ਬਹੁਤ ਜ਼ਰੂਰੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਾ ਤਸਕਰੀ ਨਾਲ ਸਬੰਧਤ ਕੋਈ ਵੀ ਜਾਣਕਾਰੀ ਬਿਨਾਂ ਕਿਸੇ ਡਰ ਦੇ ਪੁਲਿਸ ਨਾਲ ਸਾਂਝੀ ਕਰਨ, ਤਾਂ ਜੋ ਸਮਾਜ ਨੂੰ ਨਸ਼ੇ ਦੇ ਕੋਹੜ ਤੋਂ ਮੁਕਤ ਕਰਵਾਇਆ ਜਾ ਸਕੇ।
















