ਅੰਮ੍ਰਿਤਸਰ, 4 ਅਗਸਤ (ਕੇ. ਐਲ. ਜੀਤ ਵਾਲੀਆ):
ਪੀ.ਐੱਸ.ਐੱਮ.ਐੱਸ.ਯੂ. (PSMSU) ਸੂਬਾ ਕਮੇਟੀ ਵੱਲੋਂ ਲਏ ਗਏ ਸੰਘਰਸ਼ੀ ਫੈਸਲਿਆਂ ਤਹਿਤ ਜ਼ਿਲ੍ਹਾ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਸਮੂਹ ਮਨਿਸਟੀਰੀਅਲ ਕਾਮੇ 5 ਅਤੇ 6 ਅਗਸਤ ਨੂੰ ਕਲਮਛੋੜ ਹੜਤਾਲ ’ਤੇ ਰਹਿਣਗੇ। ਇਸ ਤੋਂ ਇਲਾਵਾ 7 ਅਗਸਤ ਨੂੰ ਸਮੂਹਿਕ ਛੁੱਟੀ ਲੈ ਕੇ ਚੰਡੀਗੜ੍ਹ ਵਿਖੇ ਪੀ.ਐੱਸ.ਐੱਮ.ਐੱਸ.ਯੂ., ਸਾਂਝਾ ਮੁਲਾਜ਼ਮ ਮੰਚ ਅਤੇ ਮੁਲਾਜ਼ਮ-ਪੈਨਸ਼ਨਰ ਸਾਂਝਾ ਫਰੰਟ ਵੱਲੋਂ ਕੀਤੀ ਜਾ ਰਹੀ ਸੂਬਾ ਪੱਧਰੀ ਰੈਲੀ ਵਿੱਚ ਭਰਵੀਂ ਸ਼ਮੂਲੀਅਤ ਕਰਨਗੇ।
ਜ਼ਿਲ੍ਹਾ ਪ੍ਰਧਾਨ ਮਨਜਿੰਦਰ ਸਿੰਘ ਸੰਧੂ ਅਤੇ ਜ਼ਿਲ੍ਹਾ ਜਨਰਲ ਸਕੱਤਰ ਜਗਦੀਸ਼ ਠਾਕੁਰ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਸਰਕਾਰ ਵੱਲੋਂ ਮੁਲਾਜ਼ਮਾਂ ਨਾਲ ਕੀਤੇ ਵਾਅਦੇ ਪੂਰੇ ਨਾ ਕਰਨ ਅਤੇ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਨਜ਼ਰਅੰਦਾਜ਼ ਕਰਨ ਦੇ ਵਿਰੋਧ ਵਿੱਚ ਇਹ ਸੰਘਰਸ਼ ਸ਼ੁਰੂ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਮੁੱਖ ਮੰਗਾਂ ਵਿੱਚ ਪੁਰਾਣੀ ਪੈਨਸ਼ਨ ਸਕੀਮ (ਓ.ਪੀ.ਐੱਸ.) ਦੀ ਬਹਾਲੀ, 17-07-2020 ਦਾ ਪੱਤਰ ਰੱਦ ਕਰਨਾ, 4-9-14 ਏ.ਸੀ.ਪੀ. ਲਾਗੂ ਕਰਨਾ, 18 ਫੀਸਦੀ ਮਹਿੰਗਾਈ ਭੱਤਾ ਜਾਰੀ ਕਰਨਾ, ਪੈਨਸ਼ਨਰਾਂ ਨੂੰ 2.59 ਦਾ ਗੁਣਾਕ ਦੇਣਾ, ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨਾ ਅਤੇ ਬੰਦ ਕੀਤੇ ਭੱਤੇ ਬਹਾਲ ਕਰਨਾ ਸ਼ਾਮਲ ਹਨ। ਇਸ ਤੋਂ ਇਲਾਵਾ ਹੋਰ ਲੰਬਿਤ ਮੰਗਾਂ ਵੀ ਸੰਘਰਸ਼ ਦਾ ਹਿੱਸਾ ਹਨ।
ਇਸ ਮੌਕੇ ਜ਼ਿਲ੍ਹਾ ਪ੍ਰਧਾਨ ਮਨਜਿੰਦਰ ਸਿੰਘ ਸੰਧੂ, ਜ਼ਿਲ੍ਹਾ ਜਨਰਲ ਸਕੱਤਰ ਜਗਦੀਸ਼ ਠਾਕੁਰ, ਜ਼ਿਲ੍ਹਾ ਵਿੱਤ ਸਕੱਤਰ ਗੁਰਮੁੱਖ ਸਿੰਘ ਚਾਹਲ, ਜ਼ਿਲ੍ਹਾ ਮੁੱਖ ਬੁਲਾਰਾ ਤੇਜਿੰਦਰ ਸਿੰਘ ਢਿੱਲੋਂ, ਜ਼ਿਲ੍ਹਾ ਮੁੱਖ ਸਲਾਹਕਾਰ ਅਸ਼ਨੀਲ ਕੁਮਾਰ ਸ਼ਰਮਾ, ਸੀਨੀਅਰ ਮੀਤ ਪ੍ਰਧਾਨ ਅਮਨ ਥਰੀਏਵਾਲ ਸਮੇਤ ਵੱਖ-ਵੱਖ ਵਿਭਾਗਾਂ ਦੇ ਅਹੁਦੇਦਾਰ ਅਤੇ ਵੱਡੀ ਗਿਣਤੀ ਵਿੱਚ ਮੁਲਾਜ਼ਮ ਹਾਜ਼ਰ ਸਨ।
















