ਅੰਮ੍ਰਿਤਸਰ, 12 ਅਗਸਤ (ਕੇ. ਐਲ. ਜੀਤ ਵਾਲੀਆ)-ਪੁਲਿਸ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਹਰਮਨਬੀਰ ਸਿੰਘ ਗਿੱਲ, IPS ਦੀ ਅਗਵਾਈ ਹੇਠ ਅੱਜ ਰਾਈਸ ਸ਼ੈਲਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਡੀ.ਸੀ.ਪੀ ਇਨਵੈਸਟੀਗੇਸ਼ਨ, ਅੰਮ੍ਰਿਤਸਰ ਸ੍ਰੀ ਰਵਿੰਦਰਪਾਲ ਸਿੰਘ ਸੰਧੂ ਅਤੇ ਜੋਨ ਏ.ਡੀ.ਸੀ.ਪੀਜ਼ ਵੀ ਹਾਜ਼ਰ ਸਨ। ਇਸ ਮੀਟਿੰਗ ਦਾ ਮੁੱਖ ਉਦੇਸ਼ ਸੁਰੱਖਿਆ ਸਬੰਧੀ ਮਸਲਿਆਂ, ਅਤੇ ਇਲਾਕੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ।
ਮੀਟਿੰਗ ਦੌਰਾਨ ਰਾਈਸ ਸ਼ੈਲਰ ਮਾਲਕਾਂ ਅਤੇ ਐਸੋਸੀਏਸ਼ਨ ਦੇ ਨੁਮਾਇੰਦਿਆਂ ਵੱਲੋਂ ਪੁਲਿਸ ਪ੍ਰਸ਼ਾਸਨ ’ਤੇ ਪੂਰਾ ਭਰੋਸਾ ਪ੍ਰਗਟ ਕੀਤਾ ਗਿਆ। ਉਨ੍ਹਾਂ ਨੇ ਕਿਹਾ ਕਿ ਪੁਲਿਸ ਵੱਲੋਂ ਸ਼ਹਿਰ ਵਿੱਚ ਅਮਨ-ਕਾਨੂੰਨ ਬਣਾਈ ਰੱਖਣ ਅਤੇ ਆਮ ਲੋਕਾਂ ਤੇ ਕਾਰੋਬਾਰੀ ਵਰਗ ਦੀ ਸੁਰੱਖਿਆ ਲਈ ਕੀਤੇ ਜਾ ਰਹੇ ਉਪਰਾਲੇ ਸ਼ਲਾਘਾਯੋਗ ਹਨ।
ਪੁਲਿਸ ਕਮਿਸ਼ਨਰ, ਸ੍ਰੀ ਹਰਮਨਬੀਰ ਸਿੰਘ ਗਿੱਲ, IPS ਨੇ ਕਿਹਾ ਕਿ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਸ਼ਹਿਰ ਵਿੱਚ ਅਮਨ-ਕਾਨੂੰਨ ਅਤੇ ਸੁਰੱਖਿਅਤ ਮਾਹੌਲ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਵਿਅਕਤੀ ਜਾਂ ਕਾਰੋਬਾਰੀ ਨੂੰ ਕਿਸੇ ਵੀ ਕਿਸਮ ਦੀ ਸਮੱਸਿਆ, ਗੈਰ-ਕਾਨੂੰਨੀ ਗਤੀਵਿਧੀ ਜਾਂ ਹੋਰ ਸ਼ੱਕੀ ਗਤੀਵਿਧੀ ਬਾਰੇ ਜਾਣਕਾਰੀ ਮਿਲਣ ’ਤੇ ਤੁਰੰਤ ਪੁਲਿਸ ਨਾਲ ਸੰਪਰਕ ਕੀਤਾ ਜਾਵੇ।
ਮੀਟਿੰਗ ਦੌਰਾਨ ਪੁਲਿਸ ਅਧਿਕਾਰੀਆਂ ਨੇ ਰਾਈਸ ਸ਼ੈਲਰ ਮਾਲਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਆਪਣੇ ਕਾਰੋਬਾਰੀ ਅਦਾਰਿਆਂ ’ਤੇ ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ਰੱਖਣ, ਸੀਸੀਟੀਵੀ ਕੈਮਰੇ ਚਾਲੂ ਹਾਲਤ ਵਿੱਚ ਰੱਖਣ ਅਤੇ ਕਿਸੇ ਵੀ ਸ਼ੱਕੀ ਵਿਅਕਤੀ ਜਾਂ ਗਤੀਵਿਧੀ ਬਾਰੇ ਤੁਰੰਤ ਪੁਲਿਸ ਨੂੰ ਸੂਚਿਤ ਕਰਨ।
ਪੁਲਿਸ ਪ੍ਰਸ਼ਾਸਨ ਅਤੇ ਰਾਈਸ ਸ਼ੈਲਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਵਿਚਕਾਰ ਹੋਈ ਇਸ ਮੀਟਿੰਗ ਨਾਲ ਆਪਸੀ ਤਾਲਮੇਲ ਅਤੇ ਭਰੋਸੇ ਨੂੰ ਹੋਰ ਮਜ਼ਬੂਤੀ ਮਿਲੀ। ਐਸੋਸੀਏਸ਼ਨ ਦੇ ਮੈਂਬਰਾਂ ਨੇ ਪੁਲਿਸ ਵੱਲੋਂ ਦਿੱਤੇ ਭਰੋਸੇ ’ਤੇ ਸੰਤੁਸ਼ਟੀ ਪ੍ਰਗਟ ਕਰਦਿਆਂ ਕਿਹਾ ਕਿ ਉਹ ਸ਼ਹਿਰ ਵਿੱਚ ਅਮਨ-ਸ਼ਾਂਤੀ ਅਤੇ ਸੁਰੱਖਿਅਤ ਮਾਹੌਲ ਬਣਾਈ ਰੱਖਣ ਲਈ ਪੁਲਿਸ ਪ੍ਰਸ਼ਾਸਨ ਨਾਲ ਪੂਰਾ ਸਹਿਯੋਗ ਕਰਨਗੇ।
ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਆਮ ਲੋਕਾਂ ਅਤੇ ਕਾਰੋਬਾਰੀ ਵਰਗ ਨੂੰ ਭਰੋਸਾ ਦਿਵਾਇਆ ਗਿਆ ਹੈ ਕਿ ਪੁਲਿਸ ਪੂਰੀ ਤਰ੍ਹਾਂ ਚੌਕਸ ਹੈ ਅਤੇ ਸ਼ਹਿਰ ਵਿੱਚ ਅਮਨ-ਕਾਨੂੰਨ ਨੂੰ ਪ੍ਰਭਾਵਿਤ ਕਰਨ ਵਾਲੇ ਗੈਰ-ਸਮਾਜਿਕ ਤੱਤਾਂ ’ਤੇ ਸਖ਼ਤ ਨਿਗਰਾਨੀ ਰੱਖਦਿਆਂ ਉਨ੍ਹਾਂ ਖ਼ਿਲਾਫ਼ ਕਾਨੂੰਨ ਅਨੁਸਾਰ ਪ੍ਰਭਾਵਸ਼ਾਲੀ ਕਾਰਵਾਈ ਜਾਰੀ ਰੱਖੇਗੀ।
















