ਅੰਮ੍ਰਿਤਸਰ, 26 ਅਗਸਤ ( ਕੇ.ਐਲ. ਜੀਤ ਵਾਲੀਆ)– ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਦੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਦੀ ਅਗਵਾਈ ਹੇਠ ਬਿਲਾਸ ਫਾਊਂਡੇਸ਼ਨ ਵੱਲੋਂ ‘ਤੇਰਾ ਹੀ ਤੇਰਾ ਮਿਸ਼ਨ ਹਸਪਤਾਲ’, ਚੰਡੀਗੜ੍ਹ ਅਤੇ ਸ਼ਹੀਦ ਊਧਮ ਸਿੰਘ ਫਾਊਂਡੇਸ਼ਨ, ਅੰਮ੍ਰਿਤਸਰ ਦੇ ਸਹਿਯੋਗ ਨਾਲ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਮੁਫ਼ਤ ਮੈਗਾ ਮੈਡੀਕਲ ਕੈਂਪ ਲਗਾਇਆ ਜਾ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਇਹ ਕੈਂਪ 30 ਅਗਸਤ 2026, ਦਿਨ ਐਤਵਾਰ ਨੂੰ ਸ਼ਹੀਦ ਊਧਮ ਸਿੰਘ ਯਾਦਗਾਰੀ ਭਵਨ, ਗੇਟ ਭਗਤਾਂ ਵਾਲਾ, ਅੰਮ੍ਰਿਤਸਰ ਵਿਖੇ ਲਗਾਇਆ ਜਾਵੇਗਾ। ਕੈਂਪ ਦਾ ਸਮਾਂ ਸਵੇਰੇ 9:00 ਵਜੇ ਤੋਂ ਦੁਪਹਿਰ 2:00 ਵਜੇ ਤੱਕ ਹੋਵੇਗਾ।
ਡਾ. ਨਿੱਜਰ ਨੇ ਦੱਸਿਆ ਕਿ ਕੈਂਪ ਦੌਰਾਨ ਵੱਖ-ਵੱਖ ਸਿਹਤ ਜਾਂਚ ਸਹੂਲਤਾਂ ਮੁਫ਼ਤ ਪ੍ਰਦਾਨ ਕੀਤੀਆਂ ਜਾਣਗੀਆਂ, ਜਿਨ੍ਹਾਂ ਵਿੱਚ ਫਿਬਰੋ ਸਕੈਨ (FibroScan), ਹੱਡੀਆਂ ਦੀ ਜਾਂਚ (BMD), ਬਲੱਡ ਪ੍ਰੈਸ਼ਰ ਦੀ ਜਾਂਚ, ਮੈਮੋਗ੍ਰਾਫੀ ਅਤੇ ਨਿਊਰੋ ਸਕੈਨ ਆਦਿ ਸ਼ਾਮਲ ਹਨ। ਇਸ ਤੋਂ ਇਲਾਵਾ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮੁਹੱਈਆ ਕਰਵਾਈਆਂ ਜਾਣਗੀਆਂ।
ਡਾ. ਨਿੱਜਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਫ਼ਤ ਸਿਹਤ ਕੈਂਪ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਆਪਣੇ ਸਿਹਤ ਸਬੰਧੀ ਜ਼ਰੂਰੀ ਟੈਸਟ ਕਰਵਾਉਣ। ਉਹਨਾਂ ਕਿਹਾ ਕਿ ਫਿਬਰੋ ਸਕੈਨ (FibroScan) ਜਾਂਚ ਲਈ 4 ਘੰਟਿਆਂ ਦਾ ਵਰਤ ਰੱਖਣਾ ਲਾਜ਼ਮੀ ਹੋਵੇਗਾ।
ਉਹਨਾਂ ਕਿਹਾ ਕਿ ਇਸ ਕੈਂਪ ਦਾ ਉਦੇਸ਼ ਲੋਕਾਂ ਨੂੰ ਉਨ੍ਹਾਂ ਦੀ ਸਿਹਤ ਪ੍ਰਤੀ ਜਾਗਰੂਕ ਕਰਨਾ ਅਤੇ ਲੋੜਵੰਦ ਵਿਅਕਤੀਆਂ ਨੂੰ ਮੁਫ਼ਤ ਮੈਡੀਕਲ ਜਾਂਚ ਅਤੇ ਇਲਾਜ ਦੀ ਸਹੂਲਤ ਉਪਲਬਧ ਕਰਵਾਉਣਾ ਹੈ।
















