ਅੰਮ੍ਰਿਤਸਰ, 9 ਮਈ (ਕੇ.ਐਲ. ਜੀਤ ਵਾਲੀਆ) – ਪੀਪਲ ਫਾਰ ਹਿਊਮਨ ਰਾਇਟਸ ਦੇ 25 ਸਾਲ ਪੂਰੇ ਹੋਣ ਦੀ ਖੁਸ਼ੀ ਵਿੱਚ ਅਤੇ ਵਧੀਆ ਸੇਵਾਵਾਂ ਨਿਭਾਉਣ ਵਾਲੇ ਅਧਿਕਾਰੀਆਂ ਨੂੰ ਸਨਮਾਨਿਤ ਕਰਨ ਲਈ ਚਲਾਈ ਗਈ ਮੁਹਿੰਮ ਤਹਿਤ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਦੇ ਨਿਰਦੇਸ਼ਾਂ ਅਨੁਸਾਰ ਗੁਰੂ ਨਗਰੀ ਅੰਮ੍ਰਿਤਸਰ ਵਿੱਚ ਸ਼ਾਨਦਾਰ ਸੇਵਾਵਾਂ ਨਿਭਾ ਰਹੇ ਏਡੀਸੀਪੀ ਸਪੈਸ਼ਲ ਹਰਪਾਲ ਸਿੰਘ ਨੂੰ ਚੀਫ ਡਾ. ਚਰਨਜੀਤ ਸਿੰਘ ਚੇਤਨਪੁਰਾ ਅਤੇ ਚੇਅਰਮੈਨ ਗਿੰਨੀ ਭਾਟੀਆ ਵੱਲੋਂ ਸਨਮਾਨ ਚਿੰਨ੍ਹ ਅਤੇ ਬੂਟਾ ਭੇਟ ਕਰਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਏਡੀਸੀਪੀ ਹਰਪਾਲ ਸਿੰਘ ਨੇ ਸੰਸਥਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਵਾਤਾਵਰਣ ਨੂੰ ਸਾਫ-ਸੁਥਰਾ ਬਣਾਉਣ ਅਤੇ ਨਸ਼ਿਆਂ ਨੂੰ ਖਤਮ ਕਰਨ ਲਈ ਚਲਾਈ ਜਾ ਰਹੀ ਮੁਹਿੰਮ ਨੂੰ ਘਰ-ਘਰ ਤੱਕ ਪਹੁੰਚਾਉਣ ਵਾਲੀਆਂ ਸੰਸਥਾਵਾਂ ਨੂੰ ਪੁਲਿਸ ਵੱਲੋਂ ਪੂਰਾ ਸਹਿਯੋਗ ਦਿੱਤਾ ਜਾਵੇਗਾ।
ਚੀਫ ਡਾ. ਚਰਨਜੀਤ ਸਿੰਘ ਚੇਤਨਪੁਰਾ ਅਤੇ ਗਿੰਨੀ ਭਾਟੀਆ ਨੇ ਕਿਹਾ ਕਿ ਇਸ ਮੁਹਿੰਮ ਤਹਿਤ ਸ਼ਹਿਰ ਦੇ ਹਰ ਪੁਲਿਸ ਥਾਣੇ ਅਤੇ ਚੌਕੀ ਵਿੱਚ ਵੱਧ ਤੋਂ ਵੱਧ ਬੂਟੇ ਲਗਾਉਣ ਦੀ ਸ਼ੁਰੂਆਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਨਸ਼ੇ ਨੂੰ ਜੜ੍ਹ ਤੋਂ ਖਤਮ ਕਰਨ ਲਈ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਵੱਲੋਂ ਚਲਾਈ ਜਾ ਰਹੀ ਮੁਹਿੰਮ ਨੂੰ ਪੂਰਾ ਸਹਿਯੋਗ ਦਿੱਤਾ ਜਾਵੇਗਾ ਤਾਂ ਜੋ ਸਮਾਜ ਨੂੰ ਨਸ਼ਾ ਮੁਕਤ ਬਣਾਇਆ ਜਾ ਸਕੇ।
ਉਨ੍ਹਾਂ ਦੱਸਿਆ ਕਿ ਇਸੇ ਲੜੀ ਤਹਿਤ ਹੋਰ ਅਧਿਕਾਰੀਆਂ ਨੂੰ ਵੀ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਜਾਵੇਗਾ।
ਇਸ ਮੌਕੇ ਰਾਜੇਸ਼ ਸਚਦੇਵਾ ਚੇਅਰਮੈਨ ਪੀਐੱਫਐਚਆਰ ਅੰਮ੍ਰਿਤਸਰ, ਪਵਨ ਭਾਟੀਆ ਜਨਰਲ ਸਕੱਤਰ, ਦੀਪਕ ਚੱਢਾ ਸੈਕਟਰੀ, ਹਰਿੰਦਰਪਾਲ ਸੋਨੀ ਪ੍ਰਧਾਨ ਹੋਟਲ ਐਸੋਸੀਏਸ਼ਨ, ਸੁਰਿੰਦਰ ਕੁਮਾਰ ਪ੍ਰੈਸ ਸਕੱਤਰ, ਸੁਮੀਤ ਕੁਮਾਰ, ਸਾਹਿਲ ਮਹਾਜਨ, ਅਨੀਤਾ ਸ਼ਰਮਾ, ਸੁਨੀਤਾ ਛੇਹਰਟਾ, ਗੁਰਮੀਤ ਕੌਰ ਸਮੇਤ ਹੋਰ ਮੈਂਬਰ ਹਾਜ਼ਰ ਸਨ।
















