ਮੰਦਰਾਂ ਵਿੱਚ ਪੁਖਤਾ ਪ੍ਰਬੰਧ ਕੀਤੇ ਜਾਣਗੇ, ਸ਼ਰਧਾਲੂਆਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਮੁਸ਼ਕਲ — ਸੀਨੀਅਰ ਡਿਪਟੀ ਮੇਅਰ ਪ੍ਰਿਯੰਕਾ ਸ਼ਰਮਾ
ਅੰਮ੍ਰਿਤਸਰ, 2 ਸਤੰਬਰ (ਕੇ.ਐੱਲ. ਜੀਤ ਵਾਲੀਆ, ਸ਼ਾਮ)-
ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਪਾਵਨ ਤਿਉਹਾਰ ਨੂੰ ਮੁੱਖ ਰੱਖਦਿਆਂ ਸ਼ਹਿਰ ਦੀ ਸੀਨੀਅਰ ਡਿਪਟੀ ਮੇਅਰ ਪ੍ਰਿਯੰਕਾ ਸ਼ਰਮਾ ਵੱਲੋਂ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਮੁਹਿੰਮ ਤਹਿਤ ਉਹ ਵੱਖ-ਵੱਖ ਮੰਦਰ ਕਮੇਟੀਆਂ ਦੇ ਮੈਂਬਰਾਂ ਨਾਲ ਗੱਲਬਾਤ ਕਰਕੇ ਮੰਦਰਾਂ ਦੇ ਪਰਿਸਰ ਅਤੇ ਆਲੇ-ਦੁਆਲੇ ਸਫ਼ਾਈ ਵਿਵਸਥਾ ਦੇ ਨਾਲ-ਨਾਲ ਸ਼ਰਧਾਲੂਆਂ ਦੀਆਂ ਸਹੂਲਤਾਂ ਦਾ ਜਾਇਜ਼ਾ ਲੈ ਰਹੇ ਹਨ।
ਇਸੇ ਤਹਿਤ ਉਨ੍ਹਾਂ ਵੱਲੋਂ ਸ੍ਰੀ ਦੁਰਗਿਆਣਾ ਤੀਰਥ ਦੀ ਪ੍ਰਧਾਨ ਪ੍ਰੋ. ਲਕਸ਼ਮੀਕਾਂਤਾ ਚਾਵਲਾ ਅਤੇ ਕਮੇਟੀ ਮੈਂਬਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੌਕੇ ਪ੍ਰਿਯੰਕਾ ਸ਼ਰਮਾ ਨੇ ਕਿਹਾ ਕਿ ਪਿਛਲੇ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਪਾਵਨ ਤਿਉਹਾਰ ਮੌਕੇ ਸਫ਼ਾਈ ਅਤੇ ਹੋਰ ਜ਼ਰੂਰੀ ਪ੍ਰਬੰਧਾਂ ਨੂੰ ਲੈ ਕੇ ਸ਼ਹਿਰ ਦੀਆਂ ਪ੍ਰਮੁੱਖ ਮੰਦਰ ਕਮੇਟੀਆਂ ਨਾਲ ਗੱਲਬਾਤ ਕੀਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਮੰਦਰ ਕਮੇਟੀਆਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਮੰਦਰਾਂ ਵਿੱਚ ਲੋੜੀਂਦੇ ਅਤੇ ਪੁਖਤਾ ਪ੍ਰਬੰਧ ਯਕੀਨੀ ਬਣਾਏ ਜਾਣ, ਤਾਂ ਜੋ ਕਿਸੇ ਵੀ ਸ਼ਰਧਾਲੂ ਨੂੰ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਨਗਰ ਨਿਗਮ ਅੰਮ੍ਰਿਤਸਰ ਵੀ ਇਸ ਪਾਵਨ ਤਿਉਹਾਰ ਨੂੰ ਲੈ ਕੇ ਮੰਦਰ ਕਮੇਟੀਆਂ ਦੀ ਹਰ ਸੰਭਵ ਮਦਦ ਕਰਨ ਲਈ ਤਿਆਰ ਹੈ।
ਉਨ੍ਹਾਂ ਕਿਹਾ ਕਿ ਸਟ੍ਰੀਟ ਲਾਈਟਾਂ, ਕੂੜੇ ਦੀ ਲਿਫਟਿੰਗ ਜਾਂ ਕਿਸੇ ਹੋਰ ਕਿਸਮ ਦੀ ਸਮੱਸਿਆ ਸਾਹਮਣੇ ਆਉਣ ’ਤੇ ਨਗਰ ਨਿਗਮ ਦੀ ਟੀਮ ਵੱਲੋਂ ਤੁਰੰਤ ਉਸ ਦਾ ਹੱਲ ਕੀਤਾ ਜਾਵੇਗਾ। ਸ਼ਰਧਾਲੂਆਂ ਨੂੰ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਸਫ਼ਾਈ ਵਿਵਸਥਾ ਨੂੰ ਸੁਚਾਰੂ ਰੱਖਣ ਲਈ ਸ਼ਹਿਰ ਵਾਸੀਆਂ ਦਾ ਸਹਿਯੋਗ ਬੇਹੱਦ ਜ਼ਰੂਰੀ ਹੈ।
ਉਨ੍ਹਾਂ ਕਿਹਾ ਕਿ ਪੂਜਾ ਸਮੱਗਰੀ ਵਾਲੇ ਖਾਲੀ ਪਲਾਸਟਿਕ ਦੇ ਲਿਫ਼ਾਫ਼ੇ ਅਤੇ ਹੋਰ ਸਮਾਨ ਇੱਧਰ-ਉੱਧਰ ਕੂੜੇ ਦੇ ਰੂਪ ਵਿੱਚ ਨਾ ਸੁੱਟਿਆ ਜਾਵੇ। ਸਾਰੇ ਸ਼ਹਿਰ ਵਾਸੀ ਮਿਲ ਕੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਪਾਵਨ ਤਿਉਹਾਰ ਨੂੰ ਸਫ਼ਾਈ ਅਤੇ ਸੁਚੱਜੇ ਪ੍ਰਬੰਧਾਂ ਨਾਲ ਮਨਾਉਣ, ਤਾਂ ਜੋ ਹੋਰਨਾਂ ਲੋਕਾਂ ਨੂੰ ਵੀ ਸਫ਼ਾਈ ਵਿਵਸਥਾ ਬਣਾਈ ਰੱਖਣ ਲਈ ਪ੍ਰੇਰਣਾ ਮਿਲ ਸਕੇ।
ਪ੍ਰੋ. ਚਾਵਲਾ ਨੇ ਕੀਤੀ ਮੁਹਿੰਮ ਦੀ ਸ਼ਲਾਘਾ
ਸ੍ਰੀ ਦੁਰਗਿਆਣਾ ਤੀਰਥ ਦੀ ਪ੍ਰਧਾਨ ਪ੍ਰੋ. ਲਕਸ਼ਮੀਕਾਂਤਾ ਚਾਵਲਾ ਨੇ ਸੀਨੀਅਰ ਡਿਪਟੀ ਮੇਅਰ ਪ੍ਰਿਯੰਕਾ ਸ਼ਰਮਾ ਵੱਲੋਂ ਚਲਾਈ ਜਾ ਰਹੀ ਇਸ ਮੁਹਿੰਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਪਾਵਨ ਤਿਉਹਾਰ ਨੂੰ ਮੁੱਖ ਰੱਖਦਿਆਂ ਸ਼ੁਰੂ ਕੀਤੀ ਗਈ ਇਸ ਮੁਹਿੰਮ ਦਾ ਹਿੱਸਾ ਹਰ ਸ਼ਹਿਰ ਵਾਸੀ ਨੂੰ ਬਣਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਲੋਕ ਸੇਵਾ ਲਈ ਸਮਰਪਿਤ ਵਿਅਕਤੀਆਂ ਵੱਲੋਂ ਕੀਤੇ ਜਾ ਰਹੇ ਅਜਿਹੇ ਉਪਰਾਲਿਆਂ ਵਿੱਚ ਸਾਰਿਆਂ ਨੂੰ ਸਹਿਯੋਗ ਦੇਣਾ ਚਾਹੀਦਾ ਹੈ।
ਲੰਗਰ ਕਮੇਟੀਆਂ ਨੂੰ ਪਲਾਸਟਿਕ ਤੋਂ ਪਰਹੇਜ਼ ਦੀ ਅਪੀਲ
ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਪਾਵਨ ਮੌਕੇ ’ਤੇ ਵੱਡੀ ਗਿਣਤੀ ਵਿੱਚ ਸ਼ਰਧਾਲੂ ਮੰਦਰਾਂ ਵਿੱਚ ਪਹੁੰਚਦੇ ਹਨ ਅਤੇ ਵੱਖ-ਵੱਖ ਲੰਗਰ ਕਮੇਟੀਆਂ ਵੱਲੋਂ ਲੰਗਰ ਲਗਾਏ ਜਾਂਦੇ ਹਨ। ਸੀਨੀਅਰ ਡਿਪਟੀ ਮੇਅਰ ਪ੍ਰਿਯੰਕਾ ਸ਼ਰਮਾ ਨੇ ਲੰਗਰ ਕਮੇਟੀਆਂ ਨੂੰ ਵਿਸ਼ੇਸ਼ ਅਪੀਲ ਕਰਦਿਆਂ ਕਿਹਾ ਕਿ ਪਲਾਸਟਿਕ ਦੀ ਵਰਤੋਂ ਮਨੁੱਖੀ ਸਿਹਤ ਅਤੇ ਵਾਤਾਵਰਣ ਲਈ ਨੁਕਸਾਨਦੇਹ ਹੈ। ਇਸ ਲਈ ਥਰਮੋਕੋਲ ਦੀ ਵਰਤੋਂ ਤੋਂ ਪਰਹੇਜ਼ ਕਰਦਿਆਂ ਪੱਤਿਆਂ ਤੋਂ ਬਣੇ ਪੱਤਲਾਂ ਦੀ ਵਰਤੋਂ ਕੀਤੀ ਜਾਣੀ ਚਾਹੀਦੀ ਹੈ। ਇਸ ਦੇ ਨਾਲ ਹੀ ਲੰਗਰ ਦੇ ਆਲੇ-ਦੁਆਲੇ ਕੂੜੇਦਾਨ ਰੱਖੇ ਜਾਣ, ਤਾਂ ਜੋ ਸਫ਼ਾਈ ਵਿਵਸਥਾ ਨੂੰ ਸੁਚਾਰੂ ਢੰਗ ਨਾਲ ਕਾਇਮ ਰੱਖਿਆ ਜਾ ਸਕੇ।
















