ਅੰਮ੍ਰਿਤਸਰ, 11 ਸਤੰਬਰ (ਕੇ.ਐਲ. ਜੀਤ ਵਾਲੀਆ)-
ਅੰਮ੍ਰਿਤਸਰ ਦੱਖਣੀ ਹਲਕੇ ਦੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਵੱਲੋਂ ਸਮਾਜਿਕ ਸੇਵਾ ਅਤੇ ਲੋਕ ਭਲਾਈ ਦੇ ਖੇਤਰ ਵਿੱਚ ਸਰਗਰਮ ਬਲਵਿੰਦਰ ਸਿੰਘ ਬਿੱਲਾ ਨੂੰ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਸਬੰਧੀ ਵਿਧਾਇਕ ਡਾ. ਨਿੱਜਰ ਵੱਲੋਂ ਬਲਵਿੰਦਰ ਸਿੰਘ ਬਿੱਲਾ ਨੂੰ ਲਿਖਤੀ ਪੱਤਰ ਜਾਰੀ ਕਰਕੇ ਉਨ੍ਹਾਂ ਨੂੰ ਸਮਾਜ ਭਾਈਚਾਰਕ ਸਹਿਯੋਗ ਅਤੇ ਸਿਆਸੀ ਸਲਾਹਕਾਰ ਵਜੋਂ ਜ਼ਿੰਮੇਵਾਰੀ ਦਿੱਤੀ ਗਈ ਹੈ।
ਡਾ. ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਬਲਵਿੰਦਰ ਸਿੰਘ ਬਿੱਲਾ ਲੰਬੇ ਸਮੇਂ ਤੋਂ ਸਮਾਜ ਨਾਲ ਜੁੜ ਕੇ ਲੋਕਾਂ ਦੀ ਸੇਵਾ ਅਤੇ ਸਮਾਜਿਕ ਭਾਈਚਾਰੇ ਨੂੰ ਮਜ਼ਬੂਤ ਕਰਨ ਲਈ ਯਤਨਸ਼ੀਲ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨਾਲ ਮਜ਼ਬੂਤ ਸੰਪਰਕ ਅਤੇ ਸਮਾਜਿਕ ਸਰੋਕਾਰਾਂ ਦੀ ਸਮਝ ਰੱਖਣ ਵਾਲੇ ਵਿਅਕਤੀਆਂ ਦੀ ਲੋਕ ਸੇਵਾ ਵਿੱਚ ਮਹੱਤਵਪੂਰਨ ਭੂਮਿਕਾ ਹੁੰਦੀ ਹੈ।
ਵਿਧਾਇਕ ਡਾ. ਨਿੱਜਰ ਨੇ ਉਮੀਦ ਪ੍ਰਗਟ ਕੀਤੀ ਕਿ ਬਲਵਿੰਦਰ ਸਿੰਘ ਬਿੱਲਾ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਨਿਸ਼ਠਾ ਅਤੇ ਸਮਰਪਣ ਨਾਲ ਨਿਭਾਉਂਦੇ ਹੋਏ ਅੰਮ੍ਰਿਤਸਰ ਦੱਖਣੀ ਹਲਕੇ ਦੇ ਵੱਖ-ਵੱਖ ਇਲਾਕਿਆਂ ਦੇ ਲੋਕਾਂ ਨਾਲ ਬਿਹਤਰ ਤਾਲਮੇਲ ਬਣਾਉਣਗੇ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਝ ਕੇ ਉਨ੍ਹਾਂ ਦੇ ਹੱਲ ਲਈ ਯਤਨ ਕਰਨਗੇ।
ਉਨ੍ਹਾਂ ਕਿਹਾ ਕਿ ਨਵੀਂ ਜ਼ਿੰਮੇਵਾਰੀ ਦੌਰਾਨ ਬਲਵਿੰਦਰ ਸਿੰਘ ਬਿੱਲਾ ਵੱਖ-ਵੱਖ ਭਾਈਚਾਰਿਆਂ ਨਾਲ ਸੰਪਰਕ ਕਾਇਮ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਰਕਾਰ ਅਤੇ ਪ੍ਰਸ਼ਾਸਨ ਤੱਕ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਇਸ ਦੇ ਨਾਲ ਹੀ ਬਿਹਤਰ ਤਾਲਮੇਲ ਰਾਹੀਂ ਹਲਕੇ ਵਿੱਚ ਹੋ ਰਹੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੀਆਂ ਗਤੀਵਿਧੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਵੀ ਕੰਮ ਕਰਨਗੇ।
ਬਲਵਿੰਦਰ ਸਿੰਘ ਬਿੱਲਾ ਨੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਲੋਕਾਂ ਦੀ ਸੇਵਾ ਲਈ ਹਮੇਸ਼ਾ ਤਤਪਰ ਰਹਿਣਗੇ।
















