ਅੰਮ੍ਰਿਤਸਰ, 17 ਸਤੰਬਰ (ਕੇ. ਐਲ. ਜੀਤ ਵਾਲੀਆ)- ਅਕਾਲੀ ਦਲ (ਵਾਰਿਸ ਪੰਜਾਬ ਦੇ) ਦੇ ਅੰਮ੍ਰਿਤਸਰ ਤੋਂ ਸੀਨੀਅਰ ਆਗੂ ਪਰਮਜੀਤ ਸਿੰਘ ਕਲੇਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਾਅਵਾ ਕੀਤਾ ਕਿ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਬਾਅਦ ਭਾਈ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਹੇਠ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੀ ਸਰਕਾਰ ਬਣੇਗੀ।
ਪਰਮਜੀਤ ਸਿੰਘ ਕਲੇਰ ਨੇ ਕਿਹਾ ਕਿ ਪੰਜਾਬ ਦੇ ਲੋਕ ਵੱਖ-ਵੱਖ ਸਿਆਸੀ ਪਾਰਟੀਆਂ ਨੂੰ ਕਈ ਵਾਰ ਮੌਕਾ ਦੇ ਚੁੱਕੇ ਹਨ। ਉਨ੍ਹਾਂ ਦੇ ਅਨੁਸਾਰ ਹੁਣ ਪੰਜਾਬ ਦੀ ਸਿਆਸਤ ਵਿੱਚ ਨਵੀਂ ਦਿਸ਼ਾ ਅਤੇ ਨਵੀਂ ਸੋਚ ਦੀ ਲੋੜ ਮਹਿਸੂਸ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਪੰਜਾਬ ਦੇ ਲੋਕਾਂ ਨਾਲ ਜੁੜੇ ਮੁੱਦਿਆਂ ਨੂੰ ਕੇਂਦਰ ਵਿੱਚ ਰੱਖ ਕੇ ਆਪਣੀ ਸਿਆਸੀ ਨੀਤੀ ਅੱਗੇ ਵਧਾਏਗੀ।
ਨਸ਼ਿਆਂ ਦੇ ਮੁੱਦੇ ’ਤੇ ਬੋਲਦਿਆਂ ਕਲੇਰ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਗੰਭੀਰ ਚੁਣੌਤੀ ਬਣੀ ਹੋਈ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਪਿਛਲੀਆਂ ਸਰਕਾਰਾਂ ਦੌਰਾਨ ਨਸ਼ਿਆਂ ਦੇ ਪਸਾਰ ਨੂੰ ਰੋਕਣ ਲਈ ਕੀਤੇ ਗਏ ਉਪਰਾਲੇ ਉਮੀਦਾਂ ਅਨੁਸਾਰ ਪ੍ਰਭਾਵਸ਼ਾਲੀ ਨਹੀਂ ਰਹੇ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਮੁੱਦੇ ’ਤੇ ਸਿਰਫ਼ ਬਿਆਨਬਾਜ਼ੀ ਕਰਨ ਦੀ ਬਜਾਏ ਠੋਸ ਨੀਤੀ, ਪਾਰਦਰਸ਼ਤਾ, ਜਵਾਬਦੇਹੀ ਅਤੇ ਪ੍ਰਭਾਵਸ਼ਾਲੀ ਕਾਰਵਾਈ ਦੀ ਲੋੜ ਹੈ।
ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਕਾਰੋਬਾਰ ਨਾਲ ਜੁੜੇ ਹਰ ਪੱਧਰ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਰੋਜ਼ਗਾਰ, ਸਿੱਖਿਆ ਅਤੇ ਖੇਡਾਂ ਦੇ ਖੇਤਰ ਵਿੱਚ ਠੋਸ ਉਪਰਾਲੇ ਕੀਤੇ ਜਾਣੇ ਚਾਹੀਦੇ ਹਨ।
ਪਰਮਜੀਤ ਸਿੰਘ ਕਲੇਰ ਨੇ ਕਿਹਾ ਕਿ ਜੇਕਰ ਅਕਾਲੀ ਦਲ ਵਾਰਿਸ ਪੰਜਾਬ ਦੇ ਨੂੰ ਪੰਜਾਬ ਦੀ ਸੇਵਾ ਕਰਨ ਦਾ ਮੌਕਾ ਮਿਲਦਾ ਹੈ ਤਾਂ ਮਹਾਰਾਜਾ ਰਣਜੀਤ ਸਿੰਘ ਦੇ ਰਾਜ ਦੀ ਮਿਸਾਲ ਨੂੰ ਸਾਹਮਣੇ ਰੱਖਦਿਆਂ ਅਜਿਹਾ ਪ੍ਰਸ਼ਾਸਨ ਦੇਣ ਦਾ ਯਤਨ ਕੀਤਾ ਜਾਵੇਗਾ, ਜਿਸ ਵਿੱਚ ਹਰ ਧਰਮ ਅਤੇ ਹਰ ਵਰਗ ਦੇ ਲੋਕ ਆਪਣੇ ਆਪ ਨੂੰ ਸੁਰੱਖਿਅਤ ਅਤੇ ਸਨਮਾਨਿਤ ਮਹਿਸੂਸ ਕਰਨ।
ਉਨ੍ਹਾਂ ਕਿਹਾ ਕਿ ਪੰਜਾਬ ਦੀ ਤਰੱਕੀ ਲਈ ਸੂਬੇ ਦੇ ਲੋਕਾਂ ਦੀਆਂ ਭਾਵਨਾਵਾਂ, ਰੋਜ਼ਗਾਰ, ਕਿਸਾਨੀ, ਉਦਯੋਗ, ਨਸ਼ਿਆਂ ਦੀ ਸਮੱਸਿਆ, ਕਾਨੂੰਨ-ਵਿਵਸਥਾ ਅਤੇ ਨੌਜਵਾਨਾਂ ਦੇ ਭਵਿੱਖ ਵਰਗੇ ਮੁੱਦਿਆਂ ਨੂੰ ਪਹਿਲ ਦਿੱਤੀ ਜਾਣੀ ਚਾਹੀਦੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਆਉਣ ਵਾਲੇ ਸਮੇਂ ਵਿੱਚ ਇਨ੍ਹਾਂ ਮੁੱਦਿਆਂ ਨੂੰ ਲੈ ਕੇ ਲੋਕਾਂ ਵਿਚਕਾਰ ਆਪਣਾ ਸਿਆਸੀ ਪੱਖ ਰੱਖੇਗਾ।
















