ਅੰਮ੍ਰਿਤਸਰ, 18 ਮਈ (ਕੇ. ਐਲ. ਜੀਤ ਵਾਲੀਆ) – ਅੰਮ੍ਰਿਤਸਰ ਦੀ ਪੁਰਾਤਨ ਅਤੇ ਪ੍ਰਸਿੱਧ ਦਰਗਾਹ ਹਜ਼ਰਤ ਬਾਬਾ ਜਾਹਰਾ ਪੀਰ ਜੀ ਦੇ ਮੁੱਖ ਸੇਵਾਦਾਰ ਨਰਿੰਦਰ ਕੁਮਾਰ ਟੀਨੂ ਨੇ ਆਪਣੇ ਸਾਥੀਆਂ ਸਮੇਤ ਅੰਮ੍ਰਿਤਸਰ ਕੇਂਦਰੀ ਹਲਕੇ ਦੇ ਅਸਿਸਟੈਂਟ ਕਮਿਸ਼ਨਰ ਆਫ ਪੁਲਿਸ (ਏ.ਸੀ.ਪੀ.) ਸੁਰਿੰਦਰ ਪਾਲ ਸਿੰਘ ਨੂੰ ਪੁਲਿਸ ਵਿਭਾਗ ਵਿੱਚ ਕੀਤੇ ਜਾ ਰਹੇ ਸ਼ਲਾਘਾਯੋਗ ਕਾਰਜਾਂ ਲਈ ਸਨਮਾਨਿਤ ਕੀਤਾ।
ਇਸ ਮੌਕੇ ਨਵ ਨਿਰਮਾਣ ਸੋਸਾਇਟੀ ਅੰਮ੍ਰਿਤਸਰ ਦੇ ਚੇਅਰਮੈਨ ਅਰੁਣ ਮਹਾਜਨ, ਸਕੱਤਰ ਅਸ਼ਵਨੀ ਨਾਰੰਗ, ਆਟੋ ਸਪੇਅਰ ਪਾਰਟ ਐਸੋਸੀਏਸ਼ਨ ਦੇ ਪ੍ਰਧਾਨ ਯਸ਼ਪਾਲ ਸ਼ਰਮਾ, ਪੰਜਾਬ ਮੀਡੀਆ ਟਾਈਮਜ਼ ਦੇ ਮੁੱਖ ਸੰਪਾਦਕ ਕੇ. ਐਲ. ਜੀਤ ਵਾਲੀਆ ਸਮੇਤ ਹੋਰ ਪ੍ਰਮੁੱਖ ਸ਼ਖਸੀਅਤਾਂ ਹਾਜ਼ਰ ਸਨ।
ਪ੍ਰਤੀਨਿਧੀ ਮੰਡਲ ਵੱਲੋਂ ਏ.ਸੀ.ਪੀ. ਸੁਰਿੰਦਰ ਪਾਲ ਸਿੰਘ ਨੂੰ ਫੁੱਲਾਂ ਦਾ ਗੁਲਦੱਸਾ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਬੋਲਦਿਆਂ ਉਨ੍ਹਾਂ ਦੇ ਕੰਮ ਦੀ ਸਰਾਹਨਾ ਕਰਦਿਆਂ ਕਿਹਾ ਗਿਆ ਕਿ ਉਨ੍ਹਾਂ ਨੇ ਆਪਣੇ ਕਾਰਜਕਾਲ ਦੌਰਾਨ ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਬਣਾਈ ਰੱਖਣ, ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਤਰਜੀਹ ਦੇ ਆਧਾਰ ‘ਤੇ ਸੁਣਨ ਅਤੇ ਸਮਾਜਿਕ ਭਾਈਚਾਰੇ ਨੂੰ ਮਜ਼ਬੂਤ ਕਰਨ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ ਹੈ।
ਇਸ ਮੌਕੇ ਏ.ਸੀ.ਪੀ. ਸੁਰਿੰਦਰ ਪਾਲ ਸਿੰਘ ਨੇ ਸਾਰੇ ਮੈਂਬਰਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਮਾਨਯੋਗ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ਼ਹਿਰ ਵਿੱਚ ਪੁਲਿਸ-ਪਬਲਿਕ ਮੀਟਿੰਗਾਂ ਦਾ ਦਾਇਰਾ ਹੋਰ ਵਧਾਇਆ ਜਾਵੇਗਾ, ਤਾਂ ਜੋ ਲੋਕਾਂ ਨਾਲ ਸਿੱਧਾ ਸੰਪਰਕ ਬਣਿਆ ਰਹੇ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕੀਤਾ ਜਾ ਸਕੇ। ਉਨ੍ਹਾਂ ਦ੍ਰਿੜਤਾ ਨਾਲ ਕਿਹਾ ਕਿ ਨਸ਼ਿਆਂ ਖ਼ਿਲਾਫ਼ ਜੰਗ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਸਮਾਜ ਵਿਚੋਂ ਨਸ਼ਿਆਂ ਦਾ ਪੂਰੀ ਤਰ੍ਹਾਂ ਖਾਤਮਾ ਕਰਨ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪੁਲਿਸ ਅਤੇ ਆਮ ਜਨਤਾ ਦੇ ਆਪਸੀ ਸਹਿਯੋਗ ਨਾਲ ਹੀ ਸ਼ਹਿਰ ਵਿੱਚ ਅਮਨ, ਕਾਨੂੰਨ ਅਤੇ ਸੁਰੱਖਿਆ ਦਾ ਮਾਹੌਲ ਹੋਰ ਮਜ਼ਬੂਤ ਬਣਾਇਆ ਜਾ ਸਕਦਾ ਹੈ।
















