ਆਮ ਆਦਮੀ ਪਾਰਟੀ ਦੇ ਜੇਤੂ ਉਮੀਦਵਾਰਾਂ ਨੂੰ ਤਲਬੀਰ ਗਿੱਲ ਨੇ ਕੀਤਾ ਸਨਮਾਨਿਤ
ਮਜੀਠਾ, 31 ਮਈ (ਸੁਭਾਸ਼ ਚੰਦਰ ਭਗਤ) – ਮਜੀਠਾ ਨਗਰ ਕੌਂਸਲ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਸੱਤ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਛੇ ਸੀਟਾਂ ਪ੍ਰਾਪਤ ਹੋਣ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ ਵੱਲੋਂ ਇੱਕ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਮਜੀਠਾ ਸ਼ਹਿਰ ਦੇ ਵੋਟਰਾਂ ਅਤੇ ਸਮਰਥਕਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ।
ਪ੍ਰੈਸ ਕਾਨਫਰੰਸ ਦੌਰਾਨ ਤਲਬੀਰ ਸਿੰਘ ਗਿੱਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਲਗਾਏ ਗਏ ਦੋਸ਼ਾਂ ਦਾ ਜਵਾਬ ਦਿੰਦਿਆਂ ਕਿਹਾ ਕਿ ਮਜੀਠੀਆ ਲੰਬੇ ਸਮੇਂ ਤੋਂ ਇਲਾਕੇ ਦੇ ਵਿਕਾਸ ਕਾਰਜਾਂ ਵਿੱਚ ਰੁਕਾਵਟਾਂ ਪੈਦਾ ਕਰਨ ਅਤੇ ਰਾਜਨੀਤਿਕ ਡਰਾਮਾ ਕਰਨ ਵਿੱਚ ਹੀ ਰੁੱਝੇ ਹੋਏ ਹਨ।
ਉਨ੍ਹਾਂ ਕਿਹਾ ਕਿ ਬੀਤੇ ਦਿਨਾਂ ਦੌਰਾਨ ਮਜੀਠੀਆ ਵੱਲੋਂ ਕੀਤੇ ਗਏ ਬਿਆਨ ਸੱਚਾਈ ਤੋਂ ਕੋਹਾਂ ਦੂਰ ਹਨ। ਗਿੱਲ ਨੇ ਕਿਹਾ ਕਿ ਜਿਨ੍ਹਾਂ ਮਾਮਲਿਆਂ ਦਾ ਜ਼ਿਕਰ ਮਜੀਠੀਆ ਕਰ ਰਹੇ ਹਨ, ਉਨ੍ਹਾਂ ਵਿੱਚ ਹਕੀਕਤ ਕੁਝ ਹੋਰ ਹੀ ਹੈ ਅਤੇ ਲੋਕ ਸਭ ਕੁਝ ਚੰਗੀ ਤਰ੍ਹਾਂ ਜਾਣਦੇ ਹਨ।
ਤਲਬੀਰ ਗਿੱਲ ਨੇ ਦੋਸ਼ ਲਗਾਇਆ ਕਿ ਚੋਣਾਂ ਦੌਰਾਨ ਅਕਾਲੀ ਦਲ ਦੇ ਕੁਝ ਵਰਕਰਾਂ ਵੱਲੋਂ ਜਾਣਬੁੱਝ ਕੇ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਗਈ, ਪਰ ਮਜੀਠਾ ਦੇ ਲੋਕਾਂ ਨੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਦੇ ਹੋਏ ਉਨ੍ਹਾਂ ਨੂੰ ਕਰਾਰਾ ਜਵਾਬ ਦਿੱਤਾ ਹੈ। ਉਨ੍ਹਾਂ ਕਿਹਾ ਕਿ ਲੋਕ ਹੁਣ ਵਿਕਾਸ, ਪਾਰਦਰਸ਼ਤਾ ਨੂੰ ਤਰਜੀਹ ਦੇ ਰਹੇ ਹਨ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਮਜੀਠਾ ਦੇ ਵਿਕਾਸ ਅਤੇ ਲੋਕ ਭਲਾਈ ਲਈ ਵਚਨਬੱਧ ਹੈ ਅਤੇ ਚੋਣਾਂ ਵਿੱਚ ਮਿਲੇ ਜਨ ਸਮਰਥਨ ਨੂੰ ਲੋਕਾਂ ਦੀ ਸੇਵਾ ਰਾਹੀਂ ਹੋਰ ਮਜ਼ਬੂਤ ਕੀਤਾ ਜਾਵੇਗਾ।
ਇਸ ਮੌਕੇ ਤਲਬੀਰ ਸਿੰਘ ਗਿੱਲ ਨੇ ਮਜੀਠਾ ਨਗਰ ਕੌਂਸਲ ਚੋਣਾਂ ਵਿੱਚ ਜੇਤੂ ਰਹੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦਾ ਮੂੰਹ ਮਿੱਠਾ ਕਰਵਾ ਕੇ ਸਨਮਾਨਿਤ ਵੀ ਕੀਤਾ।
ਇਸ ਮੌਕੇ ਸਤਿੰਦਰ ਸਿੰਘ ਸ਼ਾਹ, ਹਰਭੁਪਿੰਦਰ ਸਿੰਘ ਸ਼ਾਹ, ਪਰਮਜੀਤ ਸਿੰਘ ਪੰਮਾ ਪ੍ਰਧਾਨ, ਸੁਖਜਿੰਦਰ ਸਿੰਘ ਬਿੱਟੂ, ਉਦੇ ਸਿੰਘ ਸ਼ਾਹ, ਪ੍ਰਵੀਨ ਕੁਮਾਰ, ਜੈਪਾਲ ਮਹਾਜਨ, ਨੀਰਜ ਸ਼ਰਮਾ, ਡਾ. ਰਿੰਕੂ ਸ਼ਰਮਾ, ਕਮਲ ਵਰਮਾ, ਯੋਧਾ ਮਜੀਠਾ ਅਤੇ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਦੇ ਆਗੂ ਅਤੇ ਵਰਕਰ ਹਾਜ਼ਰ ਸਨ।
















