ਧੀ ਨੂੰ ਟਿਊਸ਼ਨ ਛੱਡ ਕੇ ਵਾਪਿਸ ਘਰ ਆਉਣ ਸਮੇਂ ਰਸਤੇ ਚ ਅਣਪਛਾਤੇ ਹਮਲਾਵਰਾਂ ਨੇ ਕੀਤਾ ਹਮਲਾ
ਸਿਰ ਅਤੇ ਗਰਦਨ ’ਤੇ ਤੇਜ਼ਧਾਰ ਹਥਿਆਰਾਂ ਨਾਲ ਕੀਤੇ ਗਏ ਵਾਰ, ਮੌਕੇ ’ਤੇ ਹੀ ਹੋਈ ਮੌਤ
ਜੰਡਿਆਲਾ ਗੁਰੂ 1 ਜੂਨ ( ਮਲਕੀਤ ਸਿੰਘ ਚੀਦਾ ) ਅਮ੍ਰਿਤਸਰ ਜ਼ਿਲ੍ਹੇ ਹਲਕਾ ਜੰਡਿਆਲਾ ਗੁਰੂ ਅਧੀਨ ਪੈਂਦੇ ਪਿੰਡ ਰਾਣਾ ਕਾਲਾ ਨੇੜੇ ਦਿਨ ਦਿਹਾੜੇ ਅਨਪਛਾਤੇ ਲੁਟੇਰਿਆਂ ਨੇ ਸਰਕਾਰੀ ਅਧਿਆਪਕ ਦਾ ਬੜੀ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ
ਇਲਾਕੇ ਵਿੱਚ ਉਸ ਵੇਲੇ ਸਨਸਨੀ ਫੈਲ ਗਈ ਜਦੋਂ ਇੱਕ ਸਰਕਾਰੀ ਅਧਿਆਪਕ ਦਾ ਦਿਨ ਦਿਹਾੜੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਇਸ ਘਟਨਾ ਤੋਂ ਬਾਅਦ ਪੂਰੇ ਇਲਾਕੇ ਵਿੱਚ ਡਰ ਅਤੇ ਸੋਗ ਦਾ ਮਾਹੌਲ ਹੈ, ਜਦਕਿ ਪੁਲਿਸ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਤੁਰੰਤ ਜਾਂਚ ਸ਼ੁਰੂ ਕਰ ਦਿੱਤੀ ਹੈ।
ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਮ੍ਰਿਤਕ ਦੀ ਪਛਾਣ ਜਗਦੀਪ ਸਿੰਘ ਪੁੱਤਰ ਸਤਨਾਮ ਸਿੰਘ ਵਜੋਂ ਹੋਈ ਹੈ, ਜੋ ਪਿੰਡ ਤਲਵੰਡੀ ਨੇੜੇ ਮਾਲੋਵਾਲ ਦਾ ਰਹਿਣ ਵਾਲਾ ਸੀ ਅਤੇ ਪੇਸ਼ੇ ਵਜੋਂ ਸਰਕਾਰੀ ਅਧਿਆਪਕ ਪਿੰਡ ਗਹਿਰੀ ਮੰਡੀ ਵਿਖੇ ਡਿਉਟੀ ਕਰ ਰਿਹਾ ਸੀ । ਮਿਲੀ ਜਾਣਕਾਰੀ ਅਨੁਸਾਰ ਜਗਦੀਪ ਸਿੰਘ ਆਪਣੀ ਧੀ ਨੂੰ ਟਿਊਸ਼ਨ ਛੱਡ ਕੇ ਵਾਪਿਸ ਘਰ ਲਈ ਆ ਰਹੇ ਸਨ। ਜਦੋਂ ਉਹ ਪਿੰਡ ਨਰੈਣਗੜ੍ਹ ਡ੍ਰੇਨ ਨੇੜੇ ਰਾਣਾ ਕਾਲਾ ਇਲਾਕੇ ਕੋਲ ਪਹੁੰਚੇ ਤਾਂ ਰਸਤੇ ਵਿੱਚ ਅਣਪਛਾਤੇ ਹਮਲਾਵਰਾਂ ਨੇ ਅਧਿਆਪਕ ਜਗਦੀਪ ਸਿੰਘ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ, ਜਿਸ ਕਾਰਨ ਉਨ੍ਹਾਂ ਦੇ ਸਿਰ ਅਤੇ ਗਰਦਨ ’ਤੇ ਗੰਭੀਰ ਸੱਟਾਂ ਲੱਗੀਆਂ। ਜਖ਼ਮ ਇੰਨੇ ਗੰਭੀਰ ਸਨ ਕਿ ਉਨ੍ਹਾਂ ਜਖਮਾਂ ਨੂੰ ਨਾ ਸਹਾਰ ਦੇ ਹੋਏ ਮੌਕੇ ’ਤੇ ਹੀ ਮੌਤ ਹੋ ਗਈ।
ਘਟਨਾ ਦੀ ਸੂਚਨਾ ਮਿਲਦੇ ਹੀ ਜੰਡਿਆਲਾ ਗੁਰੂ ਦੇ ਡੀਐਸਪੀ ਬਲਜੀਤ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕੀਤੀ। ਪੁਲਿਸ ਨੇ ਇਲਾਕੇ ਨੂੰ ਘੇਰ ਕੇ ਸਬੂਤ ਇਕੱਠੇ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਖੰਗਾਲੀ ਜਾ ਰਹੀ ਹੈ ਤਾਂ ਜੋ ਹਮਲਾਵਰਾਂ ਦੀ ਪਛਾਣ ਕੀਤੀ ਜਾ ਸਕੇ।
ਡੀਐਸਪੀ ਬਲਜੀਤ ਸਿੰਘ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਜਗਦੀਪ ਸਿੰਘ ਗੰਭੀਰ ਰੂਪ ਵਿੱਚ ਜਖ਼ਮੀ ਹਾਲਤ ਵਿੱਚ ਪਏ ਹਨ। ਮੌਕੇ ’ਤੇ ਪਹੁੰਚਣ ਤੋਂ ਬਾਅਦ ਜਾਂਚ ਵਿੱਚ ਸਾਹਮਣੇ ਆਇਆ ਕਿ ਉਨ੍ਹਾਂ ਦੇ ਸਿਰ ਅਤੇ ਗਰਦਨ ’ਤੇ ਕਿਸੇ ਤੇਜ਼ਧਾਰ ਹਥਿਆਰ ਨਾਲ ਵਾਰ ਕੀਤੇ ਗਏ ਸਨ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ।
ਉਨ੍ਹਾਂ ਦੱਸਿਆ ਕਿ ਸ਼ੁਰੂਆਤੀ ਜਾਂਚ ਅਤੇ ਸਥਾਨਕ ਲੋਕਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਦਾ ਕੁਝ ਘਰੇਲੂ ਵਿਵਾਦ ਵੀ ਚੱਲ ਰਿਹਾ ਸੀ। ਹਾਲਾਂਕਿ ਪੁਲਿਸ ਕਿਸੇ ਇੱਕ ਨਤੀਜੇ ’ਤੇ ਪਹੁੰਚਣ ਦੀ ਬਜਾਏ ਹਰ ਸੰਭਾਵਿਤ ਐਂਗਲ ਤੋਂ ਜਾਂਚ ਕਰ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਜਲਦ ਹੀ ਹਮਲਾਵਰਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਕਾਬੂ ਕਰ ਲਿਆ ਜਾਵੇਗਾ।
ਇਸ ਦਰਦਨਾਕ ਘਟਨਾ ਨੇ ਇਲਾਕੇ ਦੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ ਅਤੇ ਲੋਕਾਂ ਵੱਲੋਂ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ
















