ਪੰਜਾਬ ਦੀ ਆਰਥਿਕਤਾ ਵਿੱਚ ਵਪਾਰੀਆਂ ਦਾ ਅਹਿਮ ਯੋਗਦਾਨ
ਅੰਮ੍ਰਿਤਸਰ, 5 ਜੂਨ (ਕੇ. ਐਲ. ਜੀਤ ਵਾਲੀਆ) – ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਟਰੇਡਰ ਕਮਿਸ਼ਨ ਅੰਮ੍ਰਿਤਸਰ ਹਲਕਾ ਵੈਸਟ ਦੇ ਚੇਅਰਮੈਨ ਮਨਜੀਤ ਸਿੰਘ ਮਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਸਰਕਾਰ ਵੱਲੋਂ ਟਰੇਡਰ ਕਮਿਸ਼ਨ ਦੇ ਗਠਨ ਨੂੰ ਵਪਾਰੀ ਵਰਗ ਦੇ ਹਿੱਤਾਂ ਲਈ ਇੱਕ ਇਤਿਹਾਸਕ ਅਤੇ ਦੂਰਅੰਦੇਸ਼ੀ ਫ਼ੈਸਲਾ ਕਰਾਰ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਹਿਲੀ ਵਾਰ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਸੁਣਨ ਅਤੇ ਉਨ੍ਹਾਂ ਦੇ ਹੱਲ ਲਈ ਇੱਕ ਮਜ਼ਬੂਤ ਅਤੇ ਪ੍ਰਭਾਵਸ਼ਾਲੀ ਮੰਚ ਮੁਹੱਈਆ ਕਰਵਾਇਆ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਵਪਾਰੀ ਭਰਾਵਾਂ ਨੂੰ ਆਪਣੀਆਂ ਮੁਸ਼ਕਿਲਾਂ ਦੇ ਹੱਲ ਲਈ ਵੱਖ-ਵੱਖ ਦਫ਼ਤਰਾਂ ਦੇ ਚੱਕਰ ਕੱਟਣੇ ਪੈਂਦੇ ਸਨ ਅਤੇ ਉਨ੍ਹਾਂ ਨੂੰ ਇਹ ਵੀ ਪਤਾ ਨਹੀਂ ਹੁੰਦਾ ਸੀ ਕਿ ਆਪਣੀ ਸਮੱਸਿਆ ਕਿਸ ਅਧਿਕਾਰੀ ਜਾਂ ਵਿਭਾਗ ਅੱਗੇ ਰੱਖਣੀ ਹੈ।
ਮਨਜੀਤ ਸਿੰਘ ਮਾਨ ਨੇ ਕਿਹਾ ਕਿ ਟਰੇਡਰ ਕਮਿਸ਼ਨ ਦੇ ਗਠਨ ਨਾਲ ਹੁਣ ਵਪਾਰੀਆਂ ਨੂੰ ਆਪਣੀਆਂ ਸਮੱਸਿਆਵਾਂ ਅਤੇ ਸੁਝਾਵਾਂ ਨੂੰ ਸਰਕਾਰ ਤੱਕ ਪਹੁੰਚਾਉਣ ਲਈ ਇੱਕ ਸਿੱਧਾ ਅਤੇ ਪ੍ਰਭਾਵਸ਼ਾਲੀ ਮਾਧਿਅਮ ਮਿਲਿਆ ਹੈ। ਇਸ ਨਾਲ ਨਾ ਸਿਰਫ਼ ਵਪਾਰੀਆਂ ਦੀਆਂ ਮੁਸ਼ਕਿਲਾਂ ਦਾ ਸਮੇਂ ਸਿਰ ਨਿਪਟਾਰਾ ਹੋਵੇਗਾ, ਸਗੋਂ ਸਰਕਾਰ ਅਤੇ ਵਪਾਰੀ ਵਰਗ ਵਿਚਕਾਰ ਤਾਲਮੇਲ ਵੀ ਹੋਰ ਮਜ਼ਬੂਤ ਹੋਵੇਗਾ।
ਉਨ੍ਹਾਂ ਕਿਹਾ ਕਿ ਪੰਜਾਬ ਦੀ ਆਰਥਿਕਤਾ ਵਿੱਚ ਵਪਾਰੀਆਂ ਦਾ ਅਹਿਮ ਯੋਗਦਾਨ ਹੈ ਅਤੇ ਸਰਕਾਰ ਵੱਲੋਂ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਕੀਤੇ ਜਾ ਰਹੇ ਉਪਰਾਲੇ ਸੂਬੇ ਦੇ ਵਪਾਰਕ ਵਿਕਾਸ ਨੂੰ ਨਵੀਂ ਦਿਸ਼ਾ ਦੇਣਗੇ। ਉਨ੍ਹਾਂ ਕਿਹਾ ਕਿ ਟਰੇਡਰ ਕਮਿਸ਼ਨ ਵਪਾਰੀ ਵਰਗ ਦੀ ਆਵਾਜ਼ ਬਣ ਕੇ ਕੰਮ ਕਰੇਗਾ ਅਤੇ ਵਪਾਰੀਆਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ।
ਮਨਜੀਤ ਸਿੰਘ ਮਾਨ ਨੇ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਵਪਾਰੀਆਂ ਨੂੰ ਪ੍ਰਫੁੱਲਤ ਕਰਨ ਅਤੇ ਉਨ੍ਹਾਂ ਦੇ ਹਿੱਤਾਂ ਦੀ ਸੁਰੱਖਿਆ ਲਈ ਕੀਤਾ ਗਿਆ ਇਹ ਉਪਰਾਲਾ ਬੇਹੱਦ ਸ਼ਲਾਘਾਯੋਗ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਟਰੇਡਰ ਕਮਿਸ਼ਨ ਦੇ ਜ਼ਰੀਏ ਵਪਾਰੀ ਵਰਗ ਦੀਆਂ ਸਮੱਸਿਆਵਾਂ ਨੂੰ ਤਰਜੀਹੀ ਅਧਾਰ ‘ਤੇ ਹੱਲ ਕੀਤਾ ਜਾਵੇਗਾ ਅਤੇ ਪੰਜਾਬ ਵਿੱਚ ਵਪਾਰਕ ਮਾਹੌਲ ਹੋਰ ਮਜ਼ਬੂਤ ਹੋਵੇਗਾ।
















