ਵਪਾਰੀਆਂ ਦੀਆਂ ਸਮੱਸਿਆਵਾਂ ਸੁਣ ਕੇ ਤੁਰੰਤ ਹੱਲ ਲਈ ਅਧਿਕਾਰੀਆਂ ਨੂੰ ਦਿੱਤੀਆਂ ਹਦਾਇਤਾਂ
ਅੰਮ੍ਰਿਤਸਰ, 6 ਜੂਨ (ਕੇ.ਐਲ. ਜੀਤ ਵਾਲੀਆ) – ਅੰਮ੍ਰਿਤਸਰ ਜ਼ਿਲ੍ਹੇ ਦੇ ਟਰੇਡਰ ਕਮਿਸ਼ਨ ਦੇ ਵਾਈਸ ਚੇਅਰਮੈਨ ਅਭਿਸ਼ੇਕ ਬਾਂਸਲ ਨੇ ਅੱਜ ਵੱਖ-ਵੱਖ ਹਲਕਿਆਂ ਦੇ ਵਪਾਰੀ ਨੁਮਾਇੰਦਿਆਂ ਦੇ ਨਾਲ ਐਸਐਸ ਪੀ ਅੰਮ੍ਰਿਤਸਰ ਦਿਹਾਤੀ ਕਵਲਪ੍ਰੀਤ ਸਿੰਘ ਚਾਹਲ ਨਾਲ ਅਹਿਮ ਬੈਠਕ ਕੀਤੀ
ਮੀਟਿੰਗ ਦੌਰਾਨ ਵਪਾਰੀਆਂ ਨੂੰ ਦਰਪੇਸ਼ ਆ ਰਹੀਆਂ ਸਮੱਸਿਆਵਾਂ, ਸੁਰੱਖਿਆ ਨਾਲ ਸਬੰਧਿਤ ਮੁੱਦਿਆਂ ਅਤੇ ਕਾਰੋਬਾਰ ਨੂੰ ਪ੍ਰਭਾਵਿਤ ਕਰਨ ਵਾਲੇ ਹੋਰ ਮਾਮਲਿਆਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ। ਵਪਾਰੀ ਨੁਮਾਇੰਦਿਆਂ ਵੱਲੋਂ ਆਪਣੇ-ਆਪਣੇ ਖੇਤਰਾਂ ਦੀਆਂ ਸਮੱਸਿਆਵਾਂ ਅਤੇ ਸੁਝਾਵ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆਂਦੇ ਗਏ।

ਐੱਸ.ਪੀ.ਐੱਸ. ਅੰਮ੍ਰਿਤਸਰ ਦਿਹਾਤੀ ਕਵਲਪ੍ਰੀਤ ਸਿੰਘ ਚਾਹਲ ਨੇ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਦਿਆਂ ਉਨ੍ਹਾਂ ਦੇ ਹੱਲ ਲਈ ਸਬੰਧਤ ਅਧਿਕਾਰੀਆਂ ਨੂੰ ਤੁਰੰਤ ਕਾਰਵਾਈ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ। ਉਨ੍ਹਾਂ ਭਰੋਸਾ ਦਿਵਾਇਆ ਕਿ ਵਪਾਰੀਆਂ ਨੂੰ ਸੁਰੱਖਿਅਤ, ਸੁਖਾਵਾਂ ਅਤੇ ਕਾਰੋਬਾਰ ਪੱਖੀ ਮਾਹੌਲ ਮੁਹੱਈਆ ਕਰਵਾਉਣਾ ਪੁਲਿਸ ਪ੍ਰਸ਼ਾਸਨ ਦੀ ਪਹਿਲੀ ਤਰਜੀਹ ਹੈ।
ਉਨ੍ਹਾਂ ਕਿਹਾ ਕਿ ਵਪਾਰੀਆਂ ਅਤੇ ਪੁਲਿਸ ਪ੍ਰਸ਼ਾਸਨ ਵਿਚਕਾਰ ਆਪਸੀ ਤਾਲਮੇਲ ਨਾਲ ਹੀ ਸਮੱਸਿਆਵਾਂ ਦਾ ਪ੍ਰਭਾਵਸ਼ਾਲੀ ਹੱਲ ਸੰਭਵ ਹੈ। ਪੁਲਿਸ ਵਿਭਾਗ ਵਪਾਰਕ ਭਾਈਚਾਰੇ ਦੀ ਸੁਰੱਖਿਆ ਅਤੇ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਇਸ ਮੌਕੇ ਜੰਡਿਆਲਾ ਤੋਂ ਰਮੇਸ਼ ਅਵਸਥੀ, ਰਾਜਾਸਾਂਸੀ ਤੋਂ ਪਰਮਜੀਤ ਸਿੰਘ, ਅਟਾਰੀ ਹਲਕੇ ਤੋਂ ਸੰਦੀਪ ਸਿੰਘ ਅਤੇ ਅਜਨਾਲਾ ਤੋਂ ਕੁਲਵੰਤ ਸਿੰਘ ਸਮੇਤ ਹੋਰ ਵਪਾਰੀ ਨੁਮਾਇੰਦੇ ਵੀ ਹਾਜ਼ਰ ਸਨ। ਉਨ੍ਹਾਂ ਪੁਲਿਸ ਪ੍ਰਸ਼ਾਸਨ ਵੱਲੋਂ ਕੀਤੀ ਗਈ ਇਸ ਪਹਿਲ ਦੀ ਸ਼ਲਾਘਾ ਕਰਦਿਆਂ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਦੇ ਸੰਵਾਦ ਜਾਰੀ ਰੱਖਣ ਦੀ ਲੋੜ ’ਤੇ ਜ਼ੋਰ ਦਿੱਤਾ।
















