ਗੁਰਜੀਤ ਔਜਲਾ ਵੱਲੋਂ ਮਜ਼ਬੂਤ ਬੂਥ ਰਾਹੀਂ ਲੋਕਤੰਤਰ ਨੂੰ ਹੋਰ ਮਜ਼ਬੂਤ ਕਰਨ ਦਾ ਸੱਦਾ
ਅੰਮ੍ਰਿਤਸਰ, 12 ਜੂਨ (ਕੇ.ਐਲ. ਜੀਤ ਵਾਲੀਆ) – ਅੰਮ੍ਰਿਤਸਰ ਨੌਰਥ ਤੋਂ ਸੀਨੀਅਰ ਆਗੂ ਅਨਿਲ ਜੋਸ਼ੀ ਅਤੇ ਅੰਮ੍ਰਿਤਸਰ ਸ਼ਹਿਰੀ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਸੌਰਭ ਮਦਾਨ (ਮਿੱਠੂ) ਦੀ ਅਗਵਾਈ ਹੇਠ BLA-1 ਅਤੇ BLA-2 ਦੀ ਭਰਵੀਂ ਇੰਡਕਸ਼ਨ ਟ੍ਰੇਨਿੰਗ ਦਾ ਆਯੋਜਨ ਕੀਤਾ ਗਿਆ। ਟ੍ਰੇਨਿੰਗ ਦੌਰਾਨ ਭਾਰਤ ਚੋਣ ਕਮਿਸ਼ਨ ਵੱਲੋਂ ਚਲਾਈ ਜਾ ਰਹੀ ਸਪੈਸ਼ਲ ਇੰਟੈਂਸਿਵ ਰਿਵਿਜ਼ਨ (SIR) ਮੁਹਿੰਮ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।
ਇਸ ਮੌਕੇ ਅੰਮ੍ਰਿਤਸਰ ਦੇ SIR ਆਬਜ਼ਰਵਰ ਵਿਨੇ ਮਹਾਜਨ ਨੇ ਟ੍ਰੇਨਿੰਗ ਸੈਸ਼ਨ ਨੂੰ ਸੰਬੋਧਨ ਕਰਦਿਆਂ ਵੋਟਰ ਸੂਚੀਆਂ ਦੀ ਸ਼ੁੱਧਤਾ, ਬੂਥ ਪੱਧਰ ’ਤੇ ਸੰਗਠਨ ਦੀ ਭੂਮਿਕਾ ਅਤੇ BLA ਵਰਕਰਾਂ ਦੀਆਂ ਜ਼ਿੰਮੇਵਾਰੀਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਚੋਣੀ ਪ੍ਰਕਿਰਿਆ ਦੀ ਪਾਰਦਰਸ਼ਤਾ ਅਤੇ ਭਰੋਸੇਯੋਗਤਾ ਨੂੰ ਯਕੀਨੀ ਬਣਾਉਣ ਲਈ ਬੂਥ ਪੱਧਰ ’ਤੇ ਸਰਗਰਮ ਅਤੇ ਜਾਗਰੂਕ ਟੀਮਾਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ।
ਸਮਾਗਮ ਦੇ ਮੁੱਖ ਮਹਿਮਾਨ AICC ਦੇ ਸਕੱਤਰ ਅਤੇ ਪੰਜਾਬ ਕਾਂਗਰਸ ਦੇ ਸਹਿ-ਪ੍ਰਭਾਰੀ ਸੂਰਜ ਠਾਕੁਰ ਨੇ ਵਰਕਰਾਂ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤੀ ਨਾਲ ਕੰਮ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਯੋਗ ਵੋਟਰ ਤੱਕ ਪਹੁੰਚ ਬਣਾਉਣਾ ਸਮੇਂ ਦੀ ਲੋੜ ਹੈ। ਇਸੇ ਤਰ੍ਹਾਂ ਅੰਮ੍ਰਿਤਸਰ ਤੋਂ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਬੂਥ ਪੱਧਰ ’ਤੇ ਮਜ਼ਬੂਤ ਅਤੇ ਸਮਰਪਿਤ ਟੀਮ ਹੀ ਕਿਸੇ ਵੀ ਸੰਗਠਨ ਦੀ ਅਸਲ ਤਾਕਤ ਹੁੰਦੀ ਹੈ ਅਤੇ ਇਹੀ ਜਿੱਤ ਦੀ ਨੀਂਹ ਰੱਖਦੀ ਹੈ।

ਜ਼ਿਲ੍ਹਾ ਪ੍ਰਧਾਨ ਸੌਰਭ ਮਦਾਨ (ਮਿੱਠੂ) ਨੇ ਸੰਗਠਨ ਦੀ ਏਕਤਾ, ਅਨੁਸ਼ਾਸਨ ਅਤੇ ਸਮਰਪਣ ਦੀ ਭਾਵਨਾ ਨਾਲ ਕੰਮ ਕਰਨ ਦਾ ਸੰਦੇਸ਼ ਦਿੰਦਿਆਂ ਕਿਹਾ ਕਿ ਹਰ ਵਰਕਰ ਨੂੰ ਪਾਰਟੀ ਅਤੇ ਲੋਕਤੰਤਰ ਪ੍ਰਤੀ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਾ ਚਾਹੀਦਾ ਹੈ।
ਇਸ ਮੌਕੇ ਮਹਿਲਾ ਮੋਰਚਾ ਅੰਮ੍ਰਿਤਸਰ ਸ਼ਹਿਰੀ ਦੀ ਪ੍ਰਧਾਨ ਰਜਨੀ ਸ਼ਰਮਾ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਸਮਾਗਮ ਦੇ ਅੰਤ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨ ਵਾਲੇ BLA ਸਾਥੀਆਂ ਅਤੇ ਅਹੁਦੇਦਾਰਾਂ ਦਾ ਧੰਨਵਾਦ ਕੀਤਾ ਗਿਆ।
“ਮਜ਼ਬੂਤ ਬੂਥ • ਮਜ਼ਬੂਤ ਸੰਗਠਨ • ਮਜ਼ਬੂਤ ਲੋਕਤੰਤਰ” ਦੇ ਸੰਦੇਸ਼ ਨਾਲ ਟ੍ਰੇਨਿੰਗ ਪ੍ਰੋਗਰਾਮ ਸਫਲਤਾਪੂਰਵਕ ਸੰਪੰਨ ਹੋਇਆ।
















