ਪੀਐੱਫਐੱਚਆਰ ਅਤੇ ਮਾਰਕੀਟ ਐਸੋਸੀਏਸ਼ਨ ਨੇ ਰਾਤ ਸਮੇਂ ਬਾਜ਼ਾਰਾਂ ਵਿੱਚ ਪੀਸੀਆਰ ਗਸ਼ਤ ਵਧਾਉਣ ਦੀ ਕੀਤੀ ਮੰਗ
ਅੰਮ੍ਰਿਤਸਰ, 5 ਜੁਲਾਈ (ਉੱਪਲ ): ਕਪੜਾ ਮਾਰਕੀਟਾਂ ਵਿੱਚ ਟ੍ਰੈਫਿਕ ਵਿਵਸਥਾ ਨੂੰ ਸੁਚਾਰੂ ਬਣਾਉਣ ਅਤੇ ਵਪਾਰੀਆਂ ਦੀ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਕੀਤੇ ਗਏ ਯਤਨਾਂ ਦੇ ਮੱਦੇਨਜ਼ਰ ਪੀਐੱਫਐੱਚਆਰ ਨੈਸ਼ਨਲ ਵਪਾਰ ਮੰਡਲ ਦੇ ਪੰਜਾਬ ਪ੍ਰਧਾਨ ਗਿੰਨੀ ਭਾਟੀਆ ਅਤੇ ਕਰਮੋ ਡਿਓੜੀ ਚੌਂਕ ਮਾਰਕੀਟ ਐਸੋਸੀਏਸ਼ਨ ਦੇ ਪ੍ਰਧਾਨ ਨਰਿੰਦਰ ਸਿੰਘ ਰਤਨ ਵੱਲੋਂ ਸਾਂਝੇ ਤੌਰ ‘ਤੇ ਏਡੀਸੀਪੀ ਟ੍ਰੈਫਿਕ ਅਮਨਦੀਪ ਕੌਰ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਗਿੰਨੀ ਭਾਟੀਆ ਨੇ ਕਿਹਾ ਕਿ ਕਪੜਾ ਮਾਰਕੀਟਾਂ ਵਿੱਚ ਟ੍ਰੈਫਿਕ ਜਾਮ ਦੀ ਸਮੱਸਿਆ ਲਗਾਤਾਰ ਗੰਭੀਰ ਹੁੰਦੀ ਜਾ ਰਹੀ ਸੀ। ਟ੍ਰੈਫਿਕ ਪੁਲਿਸ ਵੱਲੋਂ ਵੱਖ-ਵੱਖ ਥਾਵਾਂ ‘ਤੇ ਮੁਲਾਜ਼ਮਾਂ ਦੀ ਤਾਇਨਾਤੀ ਕਰਕੇ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਕੀਤੇ ਗਏ ਉਪਰਾਲਿਆਂ ਨਾਲ ਵਪਾਰੀਆਂ ਅਤੇ ਆਮ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। ਉਨ੍ਹਾਂ ਇਸ ਲਈ ਏਡੀਸੀਪੀ ਟ੍ਰੈਫਿਕ ਅਮਨਦੀਪ ਕੌਰ ਦਾ ਧੰਨਵਾਦ ਕੀਤਾ।
ਵਪਾਰੀ ਆਗੂਆਂ ਨੇ ਇਸ ਦੌਰਾਨ ਇੱਕ ਅਹਿਮ ਮੰਗ ਵੀ ਰੱਖਦਿਆਂ ਕਿਹਾ ਕਿ ਬਾਜ਼ਾਰਾਂ ਵਿੱਚ ਰਾਤ ਦੇ ਸਮੇਂ ਪੀਸੀਆਰ ਪੁਲਿਸ ਦੀ ਗਸ਼ਤ ਅਤੇ ਚੌਕਸੀ ਹੋਰ ਵਧਾਈ ਜਾਵੇ, ਤਾਂ ਜੋ ਵਪਾਰੀਆਂ, ਦੁਕਾਨਦਾਰਾਂ ਅਤੇ ਉਨ੍ਹਾਂ ਦੀ ਸੰਪਤੀ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ ਅਤੇ ਚੋਰੀ ਜਾਂ ਹੋਰ ਅਣਸੁਖਾਵੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ।
ਏਡੀਸੀਪੀ ਟ੍ਰੈਫਿਕ ਅਮਨਦੀਪ ਕੌਰ ਨੇ ਵਪਾਰੀ ਆਗੂਆਂ ਨੂੰ ਭਰੋਸਾ ਦਿਵਾਇਆ ਕਿ ਪੁਲਿਸ ਪ੍ਰਸ਼ਾਸਨ ਵਪਾਰੀਆਂ ਦੀ ਸੁਰੱਖਿਆ ਅਤੇ ਸਹੂਲਤ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਟ੍ਰੈਫਿਕ ਵਿਵਸਥਾ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਦੇ ਨਾਲ-ਨਾਲ ਰਾਤ ਸਮੇਂ ਬਾਜ਼ਾਰਾਂ ਵਿੱਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਅਤੇ ਪੀਸੀਆਰ ਗਸ਼ਤ ਨੂੰ ਵੀ ਮਜ਼ਬੂਤ ਕੀਤਾ ਜਾਵੇਗਾ।
















