ਵਪਾਰੀਆਂ ਨਾਲ ‘ਆਪ’ ਸਰਕਾਰ ਚਟਾਨ ਵਾਂਗ ਨਾਲ ਖੜੀ
ਅੰਮ੍ਰਿਤਸਰ, 11 ਜੁਲਾਈ (ਕੇ. ਐਲ. ਜੀਤ ਵਾਲੀਆ ): ਆਮ ਆਦਮੀ ਪਾਰਟੀ ਟਰੇਡ ਕਮਿਸ਼ਨ ਹਲਕਾ ਪੂਰਬੀ ਦੇ ਚੇਅਰਮੈਨ ਕਪਿਲ ਚੱਡਾ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਵਪਾਰੀਆਂ, ਉਦਯੋਗਪਤੀਆਂ ਅਤੇ ਦੁਕਾਨਦਾਰਾਂ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਪਾਰੀਆਂ ਦੇ ਨਾਲ ਹਰ ਵੇਲੇ ਚਟਾਨ ਵਾਂਗ ਖੜੀ ਹੈ ਅਤੇ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰਸ਼ਾਸਨਿਕ ਜਾਂ ਕਾਰੋਬਾਰੀ ਮੁਸ਼ਕਲ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਪਿਲ ਚੱਡਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਟਰੇਡ ਕਮਿਸ਼ਨ ਦੀ ਸਥਾਪਨਾ ਦਾ ਮੁੱਖ ਉਦੇਸ਼ ਵਪਾਰੀਆਂ ਅਤੇ ਉਦਯੋਗਪਤੀਆਂ ਦੀਆਂ ਸਮੱਸਿਆਵਾਂ ਦਾ ਤੁਰੰਤ ਅਤੇ ਪਾਰਦਰਸ਼ੀ ਹੱਲ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਵਪਾਰੀਆਂ ਨੂੰ ਆਪਣੀਆਂ ਛੋਟੀਆਂ-ਵੱਡੀਆਂ ਸਮੱਸਿਆਵਾਂ ਲਈ ਵੱਖ-ਵੱਖ ਸਰਕਾਰੀ ਦਫ਼ਤਰਾਂ ਦੇ ਚੱਕਰ ਕੱਟਣੇ ਪੈਂਦੇ ਸਨ, ਜਿਸ ਨਾਲ ਉਨ੍ਹਾਂ ਦਾ ਕੀਮਤੀ ਸਮਾਂ ਅਤੇ ਊਰਜਾ ਦੋਵੇਂ ਬਰਬਾਦ ਹੁੰਦੇ ਸਨ। ਹੁਣ ਟਰੇਡ ਕਮਿਸ਼ਨ ਇਸ ਪ੍ਰਕਿਰਿਆ ਨੂੰ ਆਸਾਨ ਬਣਾਉਂਦੇ ਹੋਏ ਵਪਾਰੀਆਂ ਕੋਲ ਖੁਦ ਪਹੁੰਚ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰ ਰਿਹਾ ਹੈ।
ਉਨ੍ਹਾਂ ਕਿਹਾ ਕਿ ਟਰੇਡ ਕਮਿਸ਼ਨ ਦਾ ਹਰ ਅਹੁਦੇਦਾਰ ਵਪਾਰੀਆਂ ਨਾਲ ਲਗਾਤਾਰ ਸੰਪਰਕ ਵਿੱਚ ਹੈ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਸਬੰਧਤ ਵਿਭਾਗਾਂ ਤੱਕ ਪਹੁੰਚਾ ਕੇ ਜਲਦ ਤੋਂ ਜਲਦ ਨਿਪਟਾਰਾ ਕਰਵਾਇਆ ਜਾ ਰਿਹਾ ਹੈ। ਸਰਕਾਰ ਦੀ ਨੀਤੀ ਹੈ ਕਿ ਕੋਈ ਵੀ ਵਪਾਰੀ ਆਪਣੇ ਆਪ ਨੂੰ ਇਕੱਲਾ ਮਹਿਸੂਸ ਨਾ ਕਰੇ ਅਤੇ ਉਸ ਨੂੰ ਹਰ ਸੰਭਵ ਸਰਕਾਰੀ ਸਹਿਯੋਗ ਮਿਲੇ।
ਕਪਿਲ ਚੱਡਾ ਨੇ ਕਿਹਾ ਕਿ ਪੰਜਾਬ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਵਿੱਚ ਵਪਾਰੀਆਂ ਅਤੇ ਉਦਯੋਗਪਤੀਆਂ ਦਾ ਸਭ ਤੋਂ ਵੱਡਾ ਯੋਗਦਾਨ ਹੈ। ਇਸ ਲਈ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਸਰਕਾਰ ਦੀ ਪਹਿਲੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਟਰੇਡ ਕਮਿਸ਼ਨ ਵੱਲੋਂ ਸਮੇਂ-ਸਮੇਂ ‘ਤੇ ਵੱਖ-ਵੱਖ ਬਾਜ਼ਾਰਾਂ ਅਤੇ ਉਦਯੋਗਿਕ ਖੇਤਰਾਂ ਦਾ ਦੌਰਾ ਕਰਕੇ ਵਪਾਰੀਆਂ ਨਾਲ ਸਿੱਧਾ ਸੰਵਾਦ ਕੀਤਾ ਜਾ ਰਿਹਾ ਹੈ ਤਾਂ ਜੋ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਮੌਕੇ ‘ਤੇ ਹੀ ਸੁਣਿਆ ਅਤੇ ਹੱਲ ਕੀਤਾ ਜਾ ਸਕੇ।
ਉਨ੍ਹਾਂ ਵਪਾਰੀਆਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਕਿਸੇ ਵੀ ਸਰਕਾਰੀ ਵਿਭਾਗ ਨਾਲ ਸਬੰਧਤ ਕੋਈ ਸਮੱਸਿਆ ਆਉਂਦੀ ਹੈ ਤਾਂ ਉਹ ਬਿਨਾਂ ਕਿਸੇ ਝਿਜਕ ਦੇ ਟਰੇਡ ਕਮਿਸ਼ਨ ਨਾਲ ਸੰਪਰਕ ਕਰਨ। ਕਮਿਸ਼ਨ ਉਨ੍ਹਾਂ ਦੀ ਹਰ ਜਾਇਜ਼ ਸਮੱਸਿਆ ਦੇ ਹੱਲ ਲਈ ਪੂਰੀ ਇਮਾਨਦਾਰੀ ਅਤੇ ਜ਼ਿੰਮੇਵਾਰੀ ਨਾਲ ਕੰਮ ਕਰੇਗਾ।
ਅੰਤ ਵਿੱਚ ਕਪਿਲ ਚੱਡਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਵਿੱਚ ਵਪਾਰ ਅਤੇ ਉਦਯੋਗ ਲਈ ਅਨੁਕੂਲ ਮਾਹੌਲ ਸਿਰਜਣ ਲਈ ਲਗਾਤਾਰ ਯਤਨਸ਼ੀਲ ਹੈ, ਤਾਂ ਜੋ ਵਪਾਰ ਨੂੰ ਹੋਰ ਪ੍ਰੋਤਸਾਹਨ ਮਿਲੇ, ਨਵੇਂ ਰੋਜ਼ਗਾਰ ਦੇ ਮੌਕੇ ਪੈਦਾ ਹੋਣ ਅਤੇ ਪੰਜਾਬ ਆਰਥਿਕ ਤੌਰ ‘ਤੇ ਹੋਰ ਮਜ਼ਬੂਤ ਬਣ ਸਕੇ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਟਰੇਡ ਕਮਿਸ਼ਨ ਵਪਾਰੀਆਂ ਅਤੇ ਸਰਕਾਰ ਵਿਚਕਾਰ ਇੱਕ ਮਜ਼ਬੂਤ ਪੁਲ ਵਜੋਂ ਆਪਣੀ ਭੂਮਿਕਾ ਨਿਭਾਉਂਦਾ ਰਹੇਗਾ।
















