ਅੰਮ੍ਰਿਤਸਰ, 16 ਜੁਲਾਈ (ਕੇ.ਐਲ. ਜੀਤ ਵਾਲੀਆ) – ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਰਾਸਤ ਸੇਵਾ ਸੰਗਠਨ ਦੇ ਜ਼ਿਲ੍ਹਾ ਪ੍ਰਧਾਨ ਗੌਰਵ ਅਗਰਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਲੋਕ ਭਲਾਈ ਦੀ ਇੱਕ ਇਤਿਹਾਸਕ ਪਹਿਲ ਸਾਬਤ ਹੋਈ ਹੈ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ ਹੁਣ ਤੱਕ ਲਗਭਗ 3 ਲੱਖ ਤੋਂ ਵੱਧ ਸ਼ਰਧਾਲੂਆਂ ਨੂੰ ਦੇਸ਼ ਦੇ ਵੱਖ-ਵੱਖ ਪਵਿੱਤਰ ਧਾਰਮਿਕ ਸਥਾਨਾਂ ਦੇ ਮੁਫ਼ਤ ਦਰਸ਼ਨ ਕਰਵਾਏ ਜਾ ਚੁੱਕੇ ਹਨ, ਜੋ ਆਪਣੇ ਆਪ ਵਿੱਚ ਇੱਕ ਵੱਡੀ ਉਪਲਬਧੀ ਹੈ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗੌਰਵ ਅਗਰਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਧਾਰਮਿਕ ਆਸਥਾ ਦਾ ਸਨਮਾਨ ਕਰਦਿਆਂ ਹਰ ਵਰਗ ਦੇ ਲੋਕਾਂ ਨੂੰ ਉਨ੍ਹਾਂ ਦੇ ਪਵਿੱਤਰ ਗੁਰਧਾਮਾਂ ਅਤੇ ਤੀਰਥ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਵਚਨਬੱਧ ਹੈ। ਇਸੇ ਸੋਚ ਤਹਿਤ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਨੂੰ ਸਫ਼ਲਤਾਪੂਰਵਕ ਲਾਗੂ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਯਾਤਰੀਆਂ ਨੂੰ ਸਫ਼ਰ ਦੌਰਾਨ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਪੰਜਾਬ ਸਰਕਾਰ ਵੱਲੋਂ ਆਵਾਜਾਈ, ਸੁਰੱਖਿਆ, ਭੋਜਨ, ਰਿਹਾਇਸ਼ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਦੇ ਬਿਹਤਰੀਨ ਪ੍ਰਬੰਧ ਕੀਤੇ ਜਾਂਦੇ ਹਨ। ਸਰਕਾਰ ਦਾ ਮੁੱਖ ਉਦੇਸ਼ ਇਹ ਹੈ ਕਿ ਸ਼ਰਧਾਲੂ ਪੂਰੀ ਸ਼ਰਧਾ, ਸੁਰੱਖਿਆ ਅਤੇ ਸੁਵਿਧਾ ਨਾਲ ਆਪਣੀ ਧਾਰਮਿਕ ਯਾਤਰਾ ਸੰਪੰਨ ਕਰ ਸਕਣ।
ਗੌਰਵ ਅਗਰਵਾਲ ਨੇ ਕਿਹਾ ਕਿ ਇਹ ਯੋਜਨਾ ਸਿਰਫ਼ ਇੱਕ ਸਰਕਾਰੀ ਸਕੀਮ ਨਹੀਂ, ਸਗੋਂ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਨਮਾਨ ਕਰਨ ਅਤੇ ਸਮਾਜਿਕ ਸਾਂਝ ਨੂੰ ਮਜ਼ਬੂਤ ਕਰਨ ਦਾ ਇੱਕ ਮਹੱਤਵਪੂਰਨ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਉਣ ਵਾਲੇ ਸਮੇਂ ਵਿੱਚ ਵੀ ਇਸ ਸਕੀਮ ਨੂੰ ਹੋਰ ਵਿਸਤ੍ਰਿਤ ਅਤੇ ਪ੍ਰਭਾਵਸ਼ਾਲੀ ਬਣਾਉਣ ਲਈ ਲਗਾਤਾਰ ਯਤਨਸ਼ੀਲ ਰਹੇਗੀ, ਤਾਂ ਜੋ ਵੱਧ ਤੋਂ ਵੱਧ ਲੋਕ ਇਸ ਦਾ ਲਾਭ ਲੈ ਸਕਣ। ਉਹਨਾਂ ਦੱਸਿਆ ਕਿ ਜਲਦੀ ਹੀ ਇਸੇ ਤਹਿਤ ਤਿੰਨ ਰੂਟਾਂ ਜਿਸ ਵਿੱਚ ਖਾਟੂ ਸ਼ਾਮ ਜੀ,ਸਾਲਾਸਰ ਬਾਲਾ ਜੀ ਅਤੇ ਹਰਿਦੁਆਰ ਤੇ ਰਿਸ਼ੀਕੇਸ਼ ਅਤੇ ਮਥੁਰਾ, ਵਰਿੰਦਾਵਨ ਦੀ ਧਾਰਮਿਕ ਯਾਤਰਾ ਸ਼ੁਰੂ ਹੋਣ ਜਾ ਰਹੀ ਹੈ
ਉਨ੍ਹਾਂ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੀਆਂ ਲੋਕ-ਭਲਾਈ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਸਮਾਜ ਵਿੱਚ ਆਪਸੀ ਭਾਈਚਾਰੇ, ਸਾਂਝ ਅਤੇ ਸਦਭਾਵਨਾ ਨੂੰ ਹੋਰ ਮਜ਼ਬੂਤ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ।
















