ਅੰਮ੍ਰਿਤਸਰ, 17 ਜੁਲਾਈ (ਕੇ.ਐਲ. ਜੀਤ ਵਾਲੀਆ) – ਅਕਾਲੀ ਦਲ ਵਾਰਿਸ ਪੰਜਾਬ ਦੇ ਸੀਨੀਅਰ ਆਗੂ ਪਰਮਜੀਤ ਸਿੰਘ ਕਲੇਰ ਨੇ ਭਾਰਤ ਸਰਕਾਰ ਤੋਂ ਮੰਗ ਕੀਤੀ ਹੈ ਕਿ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ ‘ਤੇ ਪੰਜਾਬੀ ਫਿਲਮ ਅਦਾਕਾਰ ਦਿਲਜੀਤ ਦੋਸਾਂਝ ਵੱਲੋਂ ਬਣਾਈ ਗਈ ਫਿਲਮ ਨੂੰ ਬਿਨਾਂ ਕਿਸੇ ਰੁਕਾਵਟ ਦੇ ਦੇਸ਼ ਭਰ ਦੇ ਸਿਨੇਮਾਘਰਾਂ ਵਿੱਚ ਰਿਲੀਜ਼ ਕਰਨ ਦੀ ਇਜਾਜ਼ਤ ਦਿੱਤੀ ਜਾਵੇ, ਤਾਂ ਜੋ ਲੋਕ ਇਤਿਹਾਸ ਦੇ ਇੱਕ ਮਹੱਤਵਪੂਰਨ ਅਧਿਆਇ ਨਾਲ ਜਾਣੂ ਹੋ ਸਕਣ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਲੇਰ ਨੇ ਕਿਹਾ ਕਿ ਇਹ ਫਿਲਮ ਤੱਥਾਂ ‘ਤੇ ਆਧਾਰਿਤ ਹੈ ਅਤੇ ਭਾਈ ਜਸਵੰਤ ਸਿੰਘ ਖਾਲੜਾ ਵੱਲੋਂ ਕੀਤੇ ਗਏ ਮਨੁੱਖੀ ਅਧਿਕਾਰਾਂ ਦੇ ਸੰਘਰਸ਼ ਨੂੰ ਸੱਚਾਈ ਨਾਲ ਪੇਸ਼ ਕਰਦੀ ਹੈ। ਉਨ੍ਹਾਂ ਕਿਹਾ ਕਿ ਭਾਈ ਖਾਲੜਾ ਨੇ ਕਥਿਤ ਤੌਰ ‘ਤੇ ਹਜ਼ਾਰਾਂ ਲਾਵਾਰਸ ਲਾਸ਼ਾਂ ਦੇ ਮਾਮਲੇ ਨੂੰ ਬੇਨਕਾਬ ਕਰਕੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਇਤਿਹਾਸਕ ਯੋਗਦਾਨ ਦਿੱਤਾ ਸੀ, ਜਿਸ ਨੂੰ ਅੱਜ ਵੀ ਲੋਕ ਸਤਿਕਾਰ ਨਾਲ ਯਾਦ ਕਰਦੇ ਹਨ।
ਪਰਮਜੀਤ ਸਿੰਘ ਕਲੇਰ ਨੇ ਕਿਹਾ ਕਿ ਪੰਜਾਬ ਦੇ ਲੋਕ ਰਵਾਇਤੀ ਸਿਆਸੀ ਪਾਰਟੀਆਂ ਤੋਂ ਨਿਰਾਸ਼ ਹੋ ਚੁੱਕੇ ਹਨ, ਕਿਉਂਕਿ ਉਨ੍ਹਾਂ ਨਾਲ ਕੀਤੇ ਗਏ ਬਹੁਤੇ ਵਾਅਦੇ ਪੂਰੇ ਨਹੀਂ ਹੋਏ। ਉਨ੍ਹਾਂ ਦਾ ਦਾਅਵਾ ਸੀ ਕਿ ਹੁਣ ਪੰਜਾਬ ਦੇ ਲੋਕਾਂ ਨੂੰ ਭਾਈ ਅੰਮ੍ਰਿਤਪਾਲ ਸਿੰਘ ਤੋਂ ਨਵੀਆਂ ਉਮੀਦਾਂ ਹਨ ਅਤੇ ਉਹ ਸੂਬੇ ਵਿੱਚ ਬਦਲਾਅ ਦੀ ਉਮੀਦ ਕਰ ਰਹੇ ਹਨ।
ਕਲੇਰ ਨੇ ਕਿਹਾ ਕਿ ਜੇਕਰ ਅਕਾਲੀ ਦਲ ਵਾਰਿਸ ਪੰਜਾਬ ਦੇ ਨੂੰ ਪੰਜਾਬ ਦੀ ਸੇਵਾ ਕਰਨ ਦਾ ਮੌਕਾ ਮਿਲਦਾ ਹੈ, ਤਾਂ ਹਰ ਵਰਗ ਦੀ ਭਲਾਈ ਨੂੰ ਪਹਿਲ ਦਿੱਤੀ ਜਾਵੇਗੀ। ਉਨ੍ਹਾਂ ਦਾਅਵਾ ਕੀਤਾ ਕਿ ਸੂਬੇ ਵਿੱਚ ਹਿੰਦੂ, ਸਿੱਖ, ਮੁਸਲਿਮ, ਇਸਾਈ ਸਮੇਤ ਹਰ ਧਰਮ ਦੇ ਲੋਕਾਂ ਦੀ ਸੁਰੱਖਿਆ, ਆਪਸੀ ਭਾਈਚਾਰੇ ਅਤੇ ਵਪਾਰਕ ਹਿੱਤਾਂ ਦੀ ਪੂਰੀ ਰੱਖਿਆ ਯਕੀਨੀ ਬਣਾਈ ਜਾਵੇਗੀ ਅਤੇ ਵਿਕਾਸ ਨੂੰ ਬਰਾਬਰ ਤਰਜੀਹ ਦਿੱਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਪੰਜਾਬ ਨੂੰ ਅਮਨ, ਭਾਈਚਾਰੇ ਅਤੇ ਤਰੱਕੀ ਦੇ ਰਾਹ ‘ਤੇ ਅੱਗੇ ਲਿਜਾਣ ਲਈ ਲੋਕਾਂ ਦਾ ਵਿਸ਼ਵਾਸ ਜਿੱਤਣਾ ਸਭ ਤੋਂ ਵੱਡੀ ਤਰਜੀਹ ਹੋਵੇਗੀ। ਇਸ ਮੌਕੇ ਉੱਘੇ ਸਮਾਜ ਸੇਵਕ ਗੁਰਮੇਜ ਸਿੰਘ ਖਿਆਲਾ ਵੀ ਹਾਜਰ ਸਨ
















