ਅੰਮ੍ਰਿਤਸਰ, 17 ਜੁਲਾਈ (ਕੇ.ਐਲ. ਜੀਤ ਵਾਲੀਆ, ਫੁਲਜੀਤ ਵਰਪਾਲ) – ਪੰਜਾਬ ਸਰਕਾਰ ਵੱਲੋਂ ਆਮ ਆਦਮੀ ਪਾਰਟੀ ਦੇ ਹਲਕਾ ਦੱਖਣੀ ਦੇ ਸੀਨੀਅਰ ਆਗੂ ਪਰਮਜੀਤ ਸਿੰਘ ਸੋਨੂੰ ਨੂੰ ਸਵਰਨਕਾਰ ਵੈਲਫੇਅਰ ਬੋਰਡ, ਹਲਕਾ ਦੱਖਣੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਨਿਯੁਕਤੀ ਨਾਲ ਸਵਰਨਕਾਰ ਭਾਈਚਾਰੇ ਅਤੇ ਪਾਰਟੀ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ ਅਤੇ ਵੱਖ-ਵੱਖ ਸਮਾਜਿਕ ਤੇ ਰਾਜਨੀਤਿਕ ਆਗੂਆਂ ਵੱਲੋਂ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ।
ਆਪਣੀ ਨਿਯੁਕਤੀ ‘ਤੇ ਖੁਸ਼ੀ ਪ੍ਰਗਟ ਕਰਦਿਆਂ ਪਰਮਜੀਤ ਸਿੰਘ ਸੋਨੂੰ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਹਲਕਾ ਦੱਖਣੀ ਦੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਅਤੇ ਆਮ ਆਦਮੀ ਪਾਰਟੀ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ‘ਤੇ ਜਿਹੜਾ ਭਰੋਸਾ ਪ੍ਰਗਟਾਇਆ ਗਿਆ ਹੈ, ਉਹ ਉਸ ‘ਤੇ ਪੂਰੀ ਤਰ੍ਹਾਂ ਖਰਾ ਉਤਰਨ ਦੀ ਕੋਸ਼ਿਸ਼ ਕਰਨਗੇ।
ਪਰਮਜੀਤ ਸਿੰਘ ਸੋਨੂੰ ਨੇ ਕਿਹਾ ਕਿ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ, ਮਿਹਨਤ ਅਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਸਵਰਨਕਾਰ ਭਾਈਚਾਰੇ ਦੀਆਂ ਸਮੱਸਿਆਵਾਂ ਨੂੰ ਨੇੜਿਓਂ ਸਮਝਦੇ ਹੋਏ ਉਨ੍ਹਾਂ ਦੇ ਹੱਲ ਲਈ ਹਰ ਸੰਭਵ ਯਤਨ ਕੀਤੇ ਜਾਣਗੇ ਅਤੇ ਭਾਈਚਾਰੇ ਦੀ ਭਲਾਈ ਲਈ ਦਿਨ-ਰਾਤ ਇੱਕ ਕਰ ਦਿੱਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਸਵਰਨਕਾਰ ਵੈਲਫੇਅਰ ਬੋਰਡ ਭਾਈਚਾਰੇ ਨਾਲ ਸਬੰਧਤ ਮਸਲਿਆਂ ਨੂੰ ਪਹਿਲ ਦੇ ਆਧਾਰ ‘ਤੇ ਸਰਕਾਰ ਦੇ ਧਿਆਨ ਵਿੱਚ ਲਿਆ ਕੇ ਉਨ੍ਹਾਂ ਦੇ ਜਲਦ ਹੱਲ ਲਈ ਪ੍ਰਭਾਵਸ਼ਾਲੀ ਭੂਮਿਕਾ ਨਿਭਾਏਗਾ। ਇਸ ਦੇ ਨਾਲ ਹੀ ਨੌਜਵਾਨਾਂ ਦੇ ਰੁਜ਼ਗਾਰ, ਸਮਾਜਿਕ ਭਲਾਈ, ਸਿੱਖਿਆ ਅਤੇ ਸਰਕਾਰੀ ਭਲਾਈ ਸਕੀਮਾਂ ਦਾ ਲਾਭ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣ ਲਈ ਵੀ ਯਤਨ ਕੀਤੇ ਜਾਣਗੇ।
ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਸਵਰਨਕਾਰ ਭਾਈਚਾਰੇ ਦੀਆਂ ਜਾਇਜ਼ ਮੰਗਾਂ ਨੂੰ ਵੀ ਪੂਰਾ ਕਰਨ ਲਈ ਲਗਾਤਾਰ ਕੰਮ ਕਰੇਗੀ। ਪਰਮਜੀਤ ਸਿੰਘ ਸੋਨੂੰ ਨੇ ਕਿਹਾ ਕਿ ਉਹ ਭਾਈਚਾਰੇ ਅਤੇ ਸਰਕਾਰ ਵਿਚਕਾਰ ਇੱਕ ਮਜ਼ਬੂਤ ਕੜੀ ਵਜੋਂ ਕੰਮ ਕਰਦੇ ਹੋਏ ਲੋਕਾਂ ਦੀਆਂ ਉਮੀਦਾਂ ‘ਤੇ ਪੂਰਾ ਉਤਰਣ ਦਾ ਹਰ ਸੰਭਵ ਯਤਨ ਕਰਨਗੇ।
















