ਚੰਡੀਗੜ੍ਹ, 18 ਜੁਲਾਈ:( ਕੇ.ਐਲ. ਜੀਤ ਵਾਲੀਆ)-
ਸਾਬਕਾ ਉਪ ਮੁੱਖ ਮੰਤਰੀ ਪੰਜਾਬ ਅਤੇ ਲੋਕ ਸਭਾ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਤੇ ਮਾਝੇ ਦੇ ਸੀਨੀਅਰ ਆਗੂ ਵਿਧਾਇਕ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਵਿਧਾਇਕ ਸੁਖਬਿੰਦਰ ਸਿੰਘ ਸਰਕਾਰੀਆ, ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ, ਹਰਪ੍ਰਤਾਪ ਸਿੰਘ ਅਜਨਾਲਾ ਅਤੇ ਭਗਵੰਤ ਪਾਲ ਸਿੰਘ ਸੱਚਰ ਨੇ ਸਾਂਝੇ ਬਿਆਨ ਰਾਹੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ’ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਇਸ ਦੌਰੇ ਤੋਂ ਵੱਡੀਆਂ ਉਮੀਦਾਂ ਸਨ, ਪਰ ਇਹ ਫੇਰੀ ਸਿਰਫ਼ ਭਾਸ਼ਣਾਂ ਅਤੇ ਰਾਜਨੀਤਿਕ ਸੰਦੇਸ਼ਾਂ ਤੱਕ ਹੀ ਸੀਮਤ ਰਹਿ ਗਈ। ਪੰਜਾਬ ਦੇ ਹਿੱਸੇ ਕੋਈ ਨਵੀਂ ਸੌਗਾਤ ਨਹੀਂ ਆਈ ਅਤੇ ਸੂਬੇ ਦੇ ਕਿਸੇ ਵੀ ਅਹਿਮ ਮੁੱਦੇ ’ਤੇ ਕੋਈ ਠੋਸ ਐਲਾਨ ਨਹੀਂ ਕੀਤਾ ਗਿਆ।
ਰੰਧਾਵਾ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕੇਂਦਰ ਸਰਕਾਰ ਨੇ ਸਿੱਖ ਕੈਦੀਆਂ ਦੀ ਰਿਹਾਈ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਸੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਡੇਰਾ ਬਾਬਾ ਨਾਨਕ ਵਿਖੇ ਕਰਤਾਰਪੁਰ ਲਾਂਘੇ ਦੇ ਉਦਘਾਟਨ ਮੌਕੇ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਦਾ ਸਨਮਾਨ ਕਰਨ ਦੀ ਗੱਲ ਕੀਤੀ ਸੀ। ਉਸ ਸਮੇਂ ਸਿੱਖ ਕੌਮ ਵਿੱਚ ਇਹ ਉਮੀਦ ਜਗੀ ਸੀ ਕਿ ਬੰਦੀ ਸਿੰਘਾਂ ਦੇ ਮਾਮਲੇ ਦਾ ਮਨੁੱਖਤਾ ਅਤੇ ਨਿਆਂ ਦੇ ਆਧਾਰ ’ਤੇ ਸਥਾਈ ਹੱਲ ਕੱਢਿਆ ਜਾਵੇਗਾ। ਪਰ ਇਸ ਵਾਰ ਪੰਜਾਬ ਫੇਰੀ ਦੌਰਾਨ ਪ੍ਰਧਾਨ ਮੰਤਰੀ ਨੇ ਇਸ ਸੰਵੇਦਨਸ਼ੀਲ ਅਤੇ ਲੰਬੇ ਸਮੇਂ ਤੋਂ ਲਟਕਦੇ ਮੁੱਦੇ ਦਾ ਜ਼ਿਕਰ ਤੱਕ ਨਹੀਂ ਕੀਤਾ। ਇਸ ਨਾਲ ਸਿੱਖ ਭਾਈਚਾਰੇ ਵਿੱਚ ਨਿਰਾਸ਼ਾ ਪੈਦਾ ਹੋਈ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਦਾ ਸਭ ਤੋਂ ਸੰਵੇਦਨਸ਼ੀਲ ਸਰਹੱਦੀ ਸੂਬਾ ਹੈ। ਹਰ ਰੋਜ਼ ਪਾਕਿਸਤਾਨ ਤੋਂ ਡਰੋਨਾਂ ਰਾਹੀਂ ਨਸ਼ੀਲੇ ਪਦਾਰਥ, ਆਧੁਨਿਕ ਹਥਿਆਰ ਅਤੇ ਗੋਲਾ-ਬਾਰੂਦ ਭੇਜਿਆ ਜਾ ਰਿਹਾ ਹੈ। ਇਹ ਸਿਰਫ਼ ਪੰਜਾਬ ਨਹੀਂ, ਸਗੋਂ ਦੇਸ਼ ਦੀ ਅੰਦਰੂਨੀ ਸੁਰੱਖਿਆ ਲਈ ਵੀ ਗੰਭੀਰ ਖ਼ਤਰਾ ਹੈ। ਇਸ ਗੰਭੀਰ ਚੁਣੌਤੀ ਨਾਲ ਨਜਿੱਠਣ ਲਈ ਨਾ ਕੋਈ ਨਵੀਂ ਰਣਨੀਤੀ ਦਾ ਐਲਾਨ ਕੀਤਾ ਗਿਆ ਅਤੇ ਨਾ ਹੀ ਕੇਂਦਰੀ ਏਜੰਸੀਆਂ ਨੂੰ ਹੋਰ ਮਜ਼ਬੂਤ ਕਰਨ ਦੀ ਗੱਲ ਕੀਤੀ ਗਈ।
ਰੰਧਾਵਾ ਨੇ ਇਹ ਵੀ ਕਿਹਾ ਕਿ ਐਫ਼.ਬੀ.ਆਈ. (FBI) ਨਾਲ ਜੁੜੀਆਂ ਜਨਤਕ ਤੌਰ ’ਤੇ ਸਾਹਮਣੇ ਆਈਆਂ ਜਾਣਕਾਰੀਆਂ ਅਤੇ ਅਦਾਲਤੀ ਦਸਤਾਵੇਜ਼ਾਂ ਤੋਂ ਬਾਅਦ ਕਈ ਗੰਭੀਰ ਸਵਾਲ ਖੜ੍ਹੇ ਹੋਏ ਹਨ। ਕੇਂਦਰੀ ਗ੍ਰਹਿ ਮੰਤਰਾਲੇ ਅਤੇ ਖੁਦ ਪ੍ਰਧਾਨ ਮੰਤਰੀ ਨੂੰ ਇਨ੍ਹਾਂ ਮੁੱਦਿਆਂ ’ਤੇ ਆਪਣਾ ਪੱਖ ਸਪੱਸ਼ਟ ਕਰਨਾ ਚਾਹੀਦਾ ਹੈ। ਦੇਸ਼ ਦੀ ਸੁਰੱਖਿਆ, ਅੰਤਰਰਾਸ਼ਟਰੀ ਛਵੀ ਅਤੇ ਕਾਨੂੰਨ ਦੇ ਰਾਜ ਨਾਲ ਜੁੜੇ ਮਾਮਲਿਆਂ ਵਿੱਚ ਚੁੱਪੀ ਦੀ ਬਜਾਏ ਪਾਰਦਰਸ਼ਤਾ ਅਤੇ ਜਵਾਬਦੇਹੀ ਹੋਣੀ ਚਾਹੀਦੀ ਹੈ। ਪੰਜਾਬ ਦੇ ਲੋਕ ਵੀ ਜਾਣਨਾ ਚਾਹੁੰਦੇ ਹਨ ਕਿ ਇਨ੍ਹਾਂ ਮਾਮਲਿਆਂ ਵਿੱਚ ਕੇਂਦਰ ਸਰਕਾਰ ਦਾ ਸਪੱਸ਼ਟ ਸਟੈਂਡ ਕੀ ਹੈ।
ਰੰਧਾਵਾ ਨੇ ਕਿਹਾ ਕਿ ਪੰਜਾਬ ਲੰਬੇ ਸਮੇਂ ਤੋਂ ਆਪਣੀ ਸਰਹੱਦੀ ਸਥਿਤੀ ਕਾਰਨ ਵਿਸ਼ੇਸ਼ ਆਰਥਿਕ ਪੈਕੇਜ ਦੀ ਮੰਗ ਕਰਦਾ ਆ ਰਿਹਾ ਹੈ। ਸਰਹੱਦੀ ਖੇਤਰਾਂ ਦਾ ਵਿਕਾਸ, ਉਦਯੋਗਾਂ ਨੂੰ ਮੁੜ ਜੀਵਿਤ ਕਰਨਾ, ਨੌਜਵਾਨਾਂ ਲਈ ਰੁਜ਼ਗਾਰ ਅਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕਿਸੇ ਵੱਡੇ ਪੈਕੇਜ ਦੀ ਉਮੀਦ ਸੀ, ਪਰ ਕੇਂਦਰ ਸਰਕਾਰ ਨੇ ਪੰਜਾਬ ਨੂੰ ਇਸ ਮਾਮਲੇ ਵਿੱਚ ਵੀ ਨਿਰਾਸ਼ ਕੀਤਾ।
ਉਨ੍ਹਾਂ ਕਿਹਾ ਕਿ ਕਿਸਾਨ ਅਜੇ ਵੀ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਨੂੰ ਕਾਨੂੰਨੀ ਗਾਰੰਟੀ ਦੇਣ ਦੀ ਉਡੀਕ ਕਰ ਰਹੇ ਹਨ। ਫਸਲਾਂ ਦੀ ਵਿਭਿੰਨਤਾ, ਕਰਜ਼ੇ ਦੇ ਬੋਝ ਅਤੇ ਖੇਤੀਬਾੜੀ ਨੂੰ ਲਾਭਕਾਰੀ ਬਣਾਉਣ ਲਈ ਵੀ ਕੋਈ ਨਵਾਂ ਐਲਾਨ ਨਹੀਂ ਕੀਤਾ ਗਿਆ। ਉਦਯੋਗਿਕ ਖੇਤਰ ਵੀ ਮਹਿੰਗੀ ਬਿਜਲੀ, ਘਟਦੇ ਨਿਵੇਸ਼ ਅਤੇ ਰੁਜ਼ਗਾਰ ਦੀ ਕਮੀ ਨਾਲ ਜੂਝ ਰਿਹਾ ਹੈ, ਪਰ ਇਸ ਬਾਰੇ ਵੀ ਕੋਈ ਠੋਸ ਯੋਜਨਾ ਸਾਹਮਣੇ ਨਹੀਂ ਆਈ।
ਰੰਧਾਵਾ ਨੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਖਾਲੀ ਵਾਅਦਿਆਂ ਨਾਲ ਨਹੀਂ, ਸਗੋਂ ਨਤੀਜਿਆਂ ਨਾਲ ਸਰਕਾਰਾਂ ਨੂੰ ਪਰਖਣਗੇ। ਕਾਂਗਰਸ ਪਾਰਟੀ ਪੰਜਾਬ ਦੇ ਹੱਕਾਂ, ਸਿੱਖ ਭਾਈਚਾਰੇ ਦੀਆਂ ਭਾਵਨਾਵਾਂ, ਕਿਸਾਨਾਂ, ਨੌਜਵਾਨਾਂ, ਵਪਾਰੀਆਂ ਅਤੇ ਸਰਹੱਦੀ ਇਲਾਕਿਆਂ ਦੇ ਲੋਕਾਂ ਦੀ ਆਵਾਜ਼ ਬਣ ਕੇ ਕੇਂਦਰ ਸਰਕਾਰ ਤੋਂ ਹਰ ਉਸ ਵਾਅਦੇ ਦਾ ਜਵਾਬ ਮੰਗਦੀ ਰਹੇਗੀ ਜੋ ਪੰਜਾਬ ਨਾਲ ਕੀਤਾ ਗਿਆ ਪਰ ਅੱਜ ਤੱਕ ਪੂਰਾ ਨਹੀਂ ਹੋਇਆ।
















