ਅੰਮ੍ਰਿਤਸਰ, 22 ਜੁਲਾਈ (ਕੇ.ਐਲ. ਜੀਤ ਵਾਲੀਆ) – ਆਮ ਆਦਮੀ ਪਾਰਟੀ ਵਿਰਾਸਤ ਸੇਵਾ ਸੰਗਠਨ ਜ਼ਿਲ੍ਹਾ ਅੰਮ੍ਰਿਤਸਰ ਦੇ ਪ੍ਰਧਾਨ ਗੌਰਵ ਅਗਰਵਾਲ ਨੇ ਦੇਸ਼ ਵਿੱਚ ਸਾਹਮਣੇ ਆ ਰਹੇ ਕਥਿਤ ਪੇਪਰ ਲੀਕ ਮਾਮਲਿਆਂ ਨੂੰ ਗੰਭੀਰ ਚਿੰਤਾ ਦਾ ਵਿਸ਼ਾ ਕਰਾਰ ਦਿੰਦਿਆਂ ਕਿਹਾ ਕਿ ਖ਼ਾਸ ਕਰਕੇ ਨੀਟ ਵਰਗੀਆਂ ਪ੍ਰੀਖਿਆਵਾਂ ਨਾਲ ਜੁੜੇ ਵਿਵਾਦਾਂ ਨੇ ਲੱਖਾਂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦਾ ਭਰੋਸਾ ਹਿਲਾ ਕੇ ਰੱਖ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਦੋਂ ਦੇਸ਼ ਦੇ ਨੌਜਵਾਨਾਂ ਦਾ ਭਵਿੱਖ ਹੀ ਸਵਾਲਾਂ ਦੇ ਘੇਰੇ ਵਿੱਚ ਆ ਜਾਵੇ ਤਾਂ ਇਸ ਦੀ ਜ਼ਿੰਮੇਵਾਰੀ ਤੈਅ ਹੋਣੀ ਚਾਹੀਦੀ ਹੈ।
ਗੌਰਵ ਅਗਰਵਾਲ ਨੇ ਕਿਹਾ ਕਿ ਸਿੱਖਿਆ ਪ੍ਰਣਾਲੀ ਵਿੱਚ ਪਾਰਦਰਸ਼ਤਾ ਅਤੇ ਭਰੋਸਾ ਬਣਾਈ ਰੱਖਣਾ ਕੇਂਦਰ ਸਰਕਾਰ ਦੀ ਜ਼ਿੰਮੇਵਾਰੀ ਹੈ। ਜੇਕਰ ਲਗਾਤਾਰ ਪ੍ਰੀਖਿਆਵਾਂ ਵਿੱਚ ਬੇਨਿਯਮੀਆਂ ਅਤੇ ਪੇਪਰ ਲੀਕ ਵਰਗੇ ਮਾਮਲੇ ਸਾਹਮਣੇ ਆ ਰਹੇ ਹਨ ਤਾਂ ਨੈਤਿਕਤਾ ਦੇ ਆਧਾਰ ‘ਤੇ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇਣਾ ਚਾਹੀਦਾ ਹੈ।
ਉਨ੍ਹਾਂ ਦੋਸ਼ ਲਗਾਇਆ ਕਿ ਇੱਕ ਪਾਸੇ ਵਿਦਿਆਰਥੀ ਆਪਣੇ ਭਵਿੱਖ ਅਤੇ ਹੱਕਾਂ ਦੀ ਰੱਖਿਆ ਲਈ ਲੋਕਤੰਤਰੀ ਢੰਗ ਨਾਲ ਅੰਦੋਲਨ ਕਰ ਰਹੇ ਹਨ, ਜਦਕਿ ਦੂਜੇ ਪਾਸੇ ਕੇਂਦਰ ਸਰਕਾਰ ਉਨ੍ਹਾਂ ਦੀ ਆਵਾਜ਼ ਸੁਣਨ ਦੀ ਬਜਾਏ ਉਨ੍ਹਾਂ ‘ਤੇ ਲਾਠੀਚਾਰਜ ਕਰਵਾ ਕੇ ਅੰਦੋਲਨ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਭਾਰਤ ਇੱਕ ਲੋਕਤੰਤਰੀ ਦੇਸ਼ ਹੈ, ਜਿੱਥੇ ਹਰ ਨਾਗਰਿਕ ਨੂੰ ਆਪਣੀ ਗੱਲ ਸ਼ਾਂਤੀਪੂਰਨ ਢੰਗ ਨਾਲ ਰੱਖਣ ਦਾ ਸੰਵਿਧਾਨਕ ਅਧਿਕਾਰ ਹੈ। ਵਿਦਿਆਰਥੀਆਂ ਦੀ ਆਵਾਜ਼ ਨੂੰ ਬਲ ਪ੍ਰਯੋਗ ਨਾਲ ਦਬਾਉਣਾ ਲੋਕਤੰਤਰੀ ਮੁੱਲਾਂ ਦੇ ਖ਼ਿਲਾਫ਼ ਹੈ।
ਗੌਰਵ ਅਗਰਵਾਲ ਨੇ ਕਿਹਾ ਕਿ ਨੌਜਵਾਨ ਦੇਸ਼ ਦਾ ਭਵਿੱਖ ਹਨ ਅਤੇ ਸਰਕਾਰ ਦਾ ਫਰਜ਼ ਹੈ ਕਿ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਗੱਲਬਾਤ ਰਾਹੀਂ ਕੱਢੇ, ਨਾ ਕਿ ਬਲ ਪ੍ਰਯੋਗ ਰਾਹੀਂ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਪੇਪਰ ਲੀਕ ਮਾਮਲਿਆਂ ਦੀ ਨਿਰਪੱਖ ਅਤੇ ਸਮਾਂਬੱਧ ਜਾਂਚ ਕਰਵਾਉਣੀ ਚਾਹੀਦੀ ਹੈ ਤਾਂ ਜੋ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਹੋ ਸਕੇ ਅਤੇ ਵਿਦਿਆਰਥੀਆਂ ਦਾ ਭਰੋਸਾ ਮੁੜ ਬਹਾਲ ਕੀਤਾ ਜਾ ਸਕੇ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਹਮੇਸ਼ਾ ਵਿਦਿਆਰਥੀਆਂ ਦੇ ਹੱਕਾਂ ਅਤੇ ਪਾਰਦਰਸ਼ੀ ਸਿੱਖਿਆ ਪ੍ਰਣਾਲੀ ਦੇ ਪੱਖ ਵਿੱਚ ਖੜ੍ਹੀ ਰਹੀ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਵਿਦਿਆਰਥੀਆਂ ਦੀਆਂ ਜਾਇਜ਼ ਮੰਗਾਂ ਨੂੰ ਗੰਭੀਰਤਾ ਨਾਲ ਸੁਣਿਆ ਜਾਵੇ ਅਤੇ ਦੇਸ਼ ਦੀ ਸਿੱਖਿਆ ਪ੍ਰਣਾਲੀ ਨੂੰ ਭ੍ਰਿਸ਼ਟਾਚਾਰ ਅਤੇ ਬੇਨਿਯਮੀਆਂ ਤੋਂ ਮੁਕਤ ਬਣਾਉਣ ਲਈ ਠੋਸ ਕਦਮ ਚੁੱਕੇ ਜਾਣ।
















