ਅੰਮ੍ਰਿਤਸਰ, 21 ਜੁਲਾਈ (ਕੇ.ਐਲ. ਜੀਤ ਵਾਲੀਆ) – ਜਲੰਧਰ ਵਿਖੇ ਆਯੋਜਿਤ ਭਾਰਤੀ ਜਨਤਾ ਪਾਰਟੀ ਦੀ ਵਿਸ਼ਾਲ ‘ਵਿਕਾਸ ਰੈਲੀ’ ਦੌਰਾਨ ਪੰਜਾਬ ਦੀ ਧਰਤੀ ’ਤੇ ਪਹੁੰਚੇ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦਾ ਭਾਜਪਾ ਦੇ ਆਗੂਆਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਹਲਕਾ ਦੱਖਣੀ ਦੇ ਸਾਬਕਾ ਵਿਧਾਇਕ ਅਤੇ ਭਾਜਪਾ ਦੱਖਣੀ ਦੇ ਇੰਚਾਰਜ ਹਰਜਿੰਦਰ ਸਿੰਘ ਠੇਕੇਦਾਰ ਨੇ ਵੀ ਸੀਨੀਅਰ ਭਾਜਪਾ ਲੀਡਰਸ਼ਿਪ ਨਾਲ ਮਿਲ ਕੇ ਪ੍ਰਧਾਨ ਮੰਤਰੀ ਦਾ ਸਵਾਗਤ ਕੀਤਾ।
ਹਰਜਿੰਦਰ ਸਿੰਘ ਠੇਕੇਦਾਰ ਨੇ ਕਿਹਾ ਕਿ ਪੰਜਾਬ ਦੇ ਵਿਕਾਸ, ਉਦਯੋਗਿਕ ਪ੍ਰਗਤੀ ਅਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਮਕਸਦ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਦੌਰਾ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਜਲੰਧਰ ਵਿੱਚ ਹੋਈ ਵਿਕਾਸ ਰੈਲੀ ਦੌਰਾਨ ਵੱਡੀ ਗਿਣਤੀ ਵਿੱਚ ਲੋਕਾਂ ਦੀ ਹਾਜ਼ਰੀ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਦੇ ਲੋਕ ਵਿਕਾਸ ਅਤੇ ਮਜ਼ਬੂਤ ਲੀਡਰਸ਼ਿਪ ਦੀ ਰਾਜਨੀਤੀ ਨੂੰ ਤਰਜੀਹ ਦੇ ਰਹੇ ਹਨ।
ਉਨ੍ਹਾਂ ਦੱਸਿਆ ਕਿ ਇਸ ਮੌਕੇ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮਿਲਣ ਅਤੇ ਸੰਖੇਪ ਗੱਲਬਾਤ ਕਰਨ ਦਾ ਵੀ ਮੌਕਾ ਮਿਲਿਆ। ਉਨ੍ਹਾਂ ਕਿਹਾ ਕਿ ਪੰਜਾਬ ਨਾਲ ਸਬੰਧਤ ਕਈ ਅਹਿਮ ਮੁੱਦਿਆਂ ਅਤੇ ਲੋਕਾਂ ਦੀਆਂ ਭਾਵਨਾਵਾਂ ਨੂੰ ਪ੍ਰਧਾਨ ਮੰਤਰੀ ਸਾਹਮਣੇ ਰੱਖਿਆ ਗਿਆ।
ਹਰਜਿੰਦਰ ਸਿੰਘ ਠੇਕੇਦਾਰ ਨੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਸੂਬੇ ਨੂੰ ਹੋਰ ਵਿਕਾਸਮੁਖੀ ਯੋਜਨਾਵਾਂ ਦਾ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਭਾਜਪਾ ਦਾ ਉਦੇਸ਼ ਹਰ ਵਰਗ ਦੀ ਭਲਾਈ, ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ, ਕਿਸਾਨਾਂ ਦੀ ਤਰੱਕੀ ਅਤੇ ਪੰਜਾਬ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣਾ ਹੈ।
ਇਸ ਮੌਕੇ ਭਾਜਪਾ ਦੇ ਕਈ ਸੀਨੀਅਰ ਆਗੂ, ਅਹੁਦੇਦਾਰ ਅਤੇ ਵਰਕਰ ਵੀ ਵੱਡੀ ਗਿਣਤੀ ਵਿੱਚ ਮੌਜੂਦ ਰਹੇ। ਸਾਰੇ ਆਗੂਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੰਜਾਬ ਆਉਣ ’ਤੇ ਸਵਾਗਤ ਕਰਦਿਆਂ ਵਿਸ਼ਵਾਸ ਪ੍ਰਗਟਾਇਆ ਕਿ ਉਨ੍ਹਾਂ ਦਾ ਇਹ ਦੌਰਾ ਪੰਜਾਬ ਦੇ ਵਿਕਾਸ ਲਈ ਨਵੀਆਂ ਸੰਭਾਵਨਾਵਾਂ ਦੇ ਦਰਵਾਜ਼ੇ ਖੋਲ੍ਹੇਗਾ।
















